ਸੁਲਤਾਨਪੁਰ ਲੋਧੀ/ਕਪੂਰਥਲਾ, 16 ਜੁਲਾਈ (ਅਮਰਜੀਤ ਕੋਮਲ, ਨਰੇਸ਼ ਹੈਪੀ, ਥਿੰਦ)- ਪੰਜਾਬ ਵਿਚ ਸ਼ਹਿਰਾਂ ਅਤੇ ਫ਼ੈਕਟਰੀਆਂ ਦੇ ਗੰਦੇ ਪਾਣੀ ਨਾਲ ਜਿੱਥੇ ਸਾਡਾ ਉੱਪਰਲਾ ਪਾਣੀ ਦੂਸ਼ਿਤ ਹੋ ਗਿਆ ਹੈ ਉੱਥੇ ਧਰਤੀ ਹੇਠਲਾ ਪਾਣੀ ਵੀ 600 ਫੁੱਟ ਹੇਠਾਂ ਜਾ ਚੁੱਕਾ ਹੈ | ਇਸ ਲਈ ਸਾਨੂੰ ਸਾਰਿਆਂ ਨੂੰ ਪੰਜਾਬ ਦੇ ਪਾਣੀਆਂ ਤੇ ਵਾਤਾਵਰਣ ਨੂੰ ਬਚਾਉਣ ਲਈ ਅੱਜ ਅਹਿਦ ਕਰਨ ਦੀ ਲੋੜ ਹੈ ਤਾਂ ਜੋ ਅਸੀਂ ਆਪਣੀਆਂ ਆਉਣ ਵਾਲੀਆਂ ਪੀੜੀਆਂ ਲਈ ਪਾਣੀ ਬਚਾਅ ਸਕੀਏ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਨੇ ਪਵਿੱਤਰ ਕਾਲੀ ਵੇਈਾ ਦੀ 25ਵੀਂ ਵਰ੍ਹੇਗੰਢ ਦੇ ਸਬੰਧ ਵਿਚ ਉੱਘੇ ਵਾਤਾਵਰਣ ਪ੍ਰੇਮੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਮੈਂਬਰ ਰਾਜ ਸਭਾ ਦੀ ਅਗਵਾਈ ਵਿਚ ਗੁਰਦੁਆਰਾ ਗੁਰਪ੍ਰਕਾਸ਼ ਸਾਹਿਬ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਵਿਖੇ ਹੋਏ ਇਕ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ | ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਗੁਰੂ ਸਾਹਿਬਾਨ ਨੇ ਹਵਾ ਨੂੰ ਗੁਰੂ, ਪਾਣੀ ਨੂੰ ਪਿਤਾ ਤੇ ਧਰਤੀ ਦੀ ਤੁਲਨਾ ਮਾਤਾ ਨਾਲ ਕੀਤੀ ਸੀ ਪਰ ਅਫ਼ਸੋਸ ਦੀ ਗੱਲ ਹੈ ਕਿ ਅਸੀਂ ਇਨ੍ਹਾਂ ਤਿੰਨਾਂ ਨੂੰ ਪਲੀਤ ਕਰਕੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ 'ਤੇ ਚੱਲਣ ਤੋਂ ਨਾਕਾਮ ਰਹੇ ਹਾਂ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸਮੇਂ-ਸਮੇਂ ਬਣੀਆਂ ਸਰਕਾਰਾਂ ਨੇ ਨਹਿਰੀ ਪਾਣੀ ਦੀ ਸੁਚਾਰੂ ਤਰੀਕੇ ਨਾਲ ਵਰਤੋਂ ਨਹੀਂ ਕੀਤੀ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸੱਤਾ ਵਿਚ ਆਉਣ ਤੋਂ ਪਹਿਲਾਂ ਪੰਜਾਬ ਵਿਚ 21 ਪ੍ਰਤੀਸ਼ਤ ਨਹਿਰੀ ਪਾਣੀ ਸਿੰਜਾਈ ਲਈ ਵਰਤਿਆ ਜਾਂਦਾ ਸੀ ਤੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਸਰਕਾਰ ਨੇ ਤਿੰਨ ਸਾਲਾਂ ਦੇ ਰਾਜ ਵਿਚ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿਚ ਰਜਵਾਹੇ, ਕੱਸੀਆਂ ਤੇ ਨਹਿਰਾਂ ਰਾਹੀਂ ਪਾਣੀ ਕਿਸਾਨਾਂ ਨੂੰ ਮੁਹੱਈਆ ਕਰਵਾਇਆ ਹੈ | ਇਸ ਸਮੇਂ ਪੰਜਾਬ 63 ਪ੍ਰਤੀਸ਼ਤ ਨਹਿਰੀ ਪਾਣੀ ਸਿੰਜਾਈ ਲਈ ਵਰਤ ਰਿਹਾ ਹੈ | ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਦੀ ਵਰਤੋਂ ਨਾਲ ਧਰਤੀ ਹੇਠਲਾ ਪਾਣੀ ਦਾ ਪੱਧਰ ਵੀ ਵਧੇਗਾ | ਮੁੱਖ ਮੰਤਰੀ ਨੇ ਸਪਸ਼ਟ ਕੀਤਾ ਕਿ ਪੰਜਾਬ ਕੋਲ ਕੋਈ ਵਾਧੂ ਪਾਣੀ ਨਹੀਂ ਤੇ ਅਸੀਂ ਆਪਣੇ ਹਿੱਸੇ ਦਾ ਪਾਣੀ ਕਿਸੇ ਵੀ ਦੂਜੇ ਸੂਬੇ ਨੂੰ ਨਹੀਂ ਦੇ ਸਕਦੇ, ਇਸ ਲਈ ਸਾਡੀ ਮਰਜ਼ੀ ਤੋਂ ਬਿਨ੍ਹਾਂ ਕੋਈ ਵੀ ਸਾਡੀ ਬਾਂਹ ਮਰੋੜ ਕੇ ਪੰਜਾਬ ਦਾ ਪਾਣੀ ਨਹੀਂ ਲੈ ਸਕਦਾ | ਉਨ੍ਹਾਂ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਵਲੋਂ ਪਾਣੀ ਦੀ ਸੰਭਾਲ, ਵਾਤਾਵਰਣ ਦੀ ਸ਼ੁੱਧਤਾ ਤੇ ਵਾਟਰ ਸਪੋਰਟਸ ਕਰਵਾਉਣ ਦੇ ਉਪਰਾਲੇ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਪਵਿੱਤਰ ਕਾਲੀ ਵੇਈਾ ਦੀ ਸਫ਼ਾਈ ਦੀ ਵਰ੍ਹੇਗੰਢ ਮਨਾਉਣਾ ਮਹਿਜ਼ ਰਸਮੀ ਕਾਰਵਾਈ ਨਹੀਂ, ਸਗੋਂ ਇਸ ਦਾ ਮਨੋਰਥ ਭਵਿੱਖ ਦੀਆਂ ਪੀੜੀਆਂ ਲਈ ਸਾਫ਼ ਸੁਥਰਾ ਤੇ ਸਿਹਤਮੰਦ ਵਾਤਾਵਰਣ ਯਕੀਨੀ ਬਣਾਉਣ ਲਈ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨਾ ਹੈ | ਉਨ੍ਹਾਂ ਕਿਹਾ ਕਿ ਪਵਿੱਤਰ ਵੇਈਾ ਦੀ ਸਫ਼ਾਈ ਤੋਂ ਬਾਅਦ ਸਰਕਾਰ ਨੇ ਬਾਬਾ ਸੀਚੇਵਾਲ ਨੂੰ ਬੁੱਢੇ ਨਾਲੇ ਦੀ ਸਫ਼ਾਈ ਦੀ ਜ਼ਿੰਮੇਵਾਰੀ ਸੌਂਪੀ ਹੈ ਤੇ ਬੁੱਢੇ ਨਾਲੇ ਦੀ ਸਫ਼ਾਈ ਲਈ ਪੰਜਾਬ ਸਰਕਾਰ ਵਲੋਂ ਫ਼ੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਬੇਅਦਬੀ ਦੀਆਂ ਵੱਧ ਰਹੀਆਂ ਘਟਨਾਵਾਂ ਨੂੰ ਰੋਕਣ ਲਈ ਇਕ ਸਖ਼ਤ ਕਾਨੂੰਨ ਬਣਾ ਰਹੀ ਹੈ, ਜਿਸ ਵਿਚ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਸਮਾਜ ਵਿਰੋਧੀ ਤੱਤਾਂ ਨੂੰ ਮਿਸਾਲੀ ਸਜ਼ਾ ਦੇਣ ਦੀ ਵਿਵਸਥਾ ਕੀਤੀ ਜਾਵੇਗੀ | ਮੁੱਖ ਮੰਤਰੀ ਨੇ ਕਿਹਾ ਕਿ ਬਹੁਤ ਦੁੱਖ ਦੀ ਗੱਲ ਹੈ ਕਿ ਅਸੀਂ ਗੁਰੂ ਦੀ ਰੱਖਿਆ ਲਈ ਕਾਨੂੰਨ ਬਣਾ ਰਹੇ ਹਨ, ਜਿਸ ਦੇ ਮੂਹਰੇ ਰੋਜ਼ ਅਸੀਂ ਨਤਮਸਤਕ ਹੋ ਕੇ ਆਪਣੀ ਸੁਰੱਖਿਆ ਲਈ ਅਰਦਾਸ ਕਰਦੇ ਹਾਂ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ 10 ਲੱਖ ਰੁਪਏ ਸਿਹਤ ਬੀਮੇ ਦੀ ਸਕੀਮ ਸ਼ੁਰੂ ਕੀਤੀ ਗਈ ਹੈ ਤੇ ਕੋਈ ਵੀ ਵਿਅਕਤੀ ਹਸਪਤਾਲ ਵਿਚ ਜਾ ਕੇ ਆਪਣਾ ਆਧਾਰ ਕਾਰਡ ਜਾਂ ਵੋਟਰ ਸ਼ਨਾਖ਼ਤੀ ਕਾਰਡ ਦਿਖਾ ਕੇ ਆਪਣਾ ਇਲਾਜ ਕਰਵਾ ਸਕਦਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਸ਼ੁਰੂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਸਾਰਥਿਕ ਨਤੀਜੇ ਸਾਹਮਣੇ ਆਏ ਹਨ, ਜਿਸ ਦੇ ਸਿੱਟੇ ਵਜੋਂ ਪਿੰਡਾਂ ਦੀਆਂ ਪੰਚਾਇਤਾਂ ਨੇ ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਐਲਾਨ ਕਰਨ ਸੰਬੰਧੀ ਮਤੇ ਵੀ ਪਾਸ ਕੀਤੇ ਹਨ | ਸਮਾਗਮ ਨੂੰ ਸੰਬੋਧਨ ਕਰਦਿਆਂ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਮੁੱਖ ਮੰਤਰੀ ਦਾ ਸਮਾਗਮ ਵਿਚ ਸ਼ਮੂਲੀਅਤ ਕਰਨ 'ਤੇ ਤਹਿਦਿਲੋਂ ਧੰਨਵਾਦ ਕੀਤਾ ਤੇ ਉਨ੍ਹਾਂ ਕੁੱਝ ਮੰਗਾਂ ਮੁੱਖ ਮੰਤਰੀ ਦੇ ਸਾਹਮਣੇ ਰੱਖੀਆਂ, ਜਿਸ 'ਤੇ ਮੁੱਖ ਮੰਤਰੀ ਨੇ ਸਾਰੀਆਂ ਮੰਗਾਂ ਮੰਨਣ ਦਾ ਭਰੋਸਾ ਦਿਵਾਇਆ | ਸਮਾਗਮ ਵਿਚ ਬਾਬਾ ਸੀਚੇਵਾਲ ਵਲੋਂ ਮੁੱਖ ਮੰਤਰੀ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਤੋਂ ਪਹਿਲਾਂ ਭਗਵੰਤ ਮਾਨ ਨੇ ਪਵਿੱਤਰ ਕਾਲੀ ਵੇਈਾ ਦੇ ਕੰਡੇ 'ਤੇ ਬਾਬਾ ਸੀਚੇਵਾਲ ਵਲੋਂ ਬਣਾਏ ਗਏ ਜਿੰਮ ਦਾ ਉਦਘਾਟਨ ਵੀ ਕੀਤਾ | ਸਮਾਗਮ ਨੂੰ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ, ਬਾਬਾ ਲੱਖਾ ਸਿੰਘ ਨਾਨਕਸਰ ਵਾਲਿਆਂ, ਸੰਤ ਬਾਬਾ ਸੁਖਜੀਤ ਸਿੰਘ ਸੀਚੇਵਾਲ ਤੋਂ ਇਲਾਵਾ ਹੋਰ ਸੰਤ ਮਹਾਂਪੁਰਸ਼ਾਂ ਨੇ ਸੰਬੋਧਨ ਕੀਤਾ | ਇਸ ਮੌਕੇ ਬਾਬਾ ਪ੍ਰਗਟ ਨਾਥ ਰਹੀਮਪੁਰ ਵਾਲੇ, ਸੰਤ ਗੁਰਮੇਜ ਸਿੰਘ, ਸੰਤ ਬਲਦੇਵ ਕ੍ਰਿਸ਼ਨ ਸਿੰਘ, ਨਗਰ ਸੁਧਾਰ ਟਰੱਸਟ ਕਪੂਰਥਲਾ ਦੇ ਚੇਅਰਮੈਨ ਸੱਜਣ ਸਿੰਘ ਚੀਮਾ, 'ਆਪ' ਦੇ ਕਪੂਰਥਲਾ ਹਲਕੇ ਦੇ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ, ਆਮ ਆਦਮੀ ਦੇ ਸੀਨੀਅਰ ਆਗੂ ਕੰਵਰ ਇਕਬਾਲ ਸਿੰਘ, ਸੰਗਠਨ ਸਕੱਤਰ ਪਰਵਿੰਦਰ ਸਿੰਘ ਢੋਟ, ਗੁਰਦੁਆਰਾ ਬੇਬੇ ਨਾਨਕੀ ਦੇ ਮੈਨੇਜਰ ਗੁਰਦਿਆਲ ਸਿੰਘ ਯੂ.ਕੇ., ਐਡੀਸ਼ਨਲ ਮੈਨੇਜਰ ਜਸਵੰਤ ਸਿੰਘ ਨੰਢਾ, ਬਾਬਾ ਬਲਵਿੰਦਰ ਸਿੰਘ ਰੱਬਜੀ, ਸੁਰਜੀਤ ਸਿੰਘ ਸ਼ੰੰਟੀ, ਅਮਰਜੀਤ ਸਿੰਘ ਸ਼ਾਲਾਪੁਰ, ਸਰਪੰਚ ਮੇਜਰ ਸਿੰਘ ਜੈਨਪੁਰ, ਸਰਪੰਚ ਜੋਗਿੰਦਰ ਸਿੰਘ ਸ਼ਾਹਵਾਲਾ, ਜਤਿੰਦਰ ਸਿੰਘ ਜੱਜੀ ਨੰਬਰਦਾਰ, ਸਾਬਕਾ ਕੌਂਸਲਰ ਰਾਜਾ ਗੁਰਪ੍ਰੀਤ ਸਿੰਘ, 'ਆਪ' ਦੇ ਸੀਨੀਅਰ ਆਗੂ ਸੋਨੂੰ ਰਾਮੇ ਆਦਿ ਹਾਜ਼ਰ ਸਨ |
ਪੰਜਾਬ ਦੇ ਪਾਣੀਆਂ ਤੇ ਵਾਤਾਵਰਨ ਨੂੰ ਬਚਾਉਣ ਲਈ ਲੋਕਾਂ ਨੂੰ ਅੱਜ ਅਹਿਦ ਕਰਨ ਦੀ ਲੋੜ-ਮੁੱਖ ਮੰਤਰੀ <br/>
ਅਜੀਤ ਡੈਸਕ
17-07-2025