ਸੁਭਾਨਪੁਰ, 20 ਜੁਲਾਈ (ਸਤਨਾਮ ਸਿੰਘ)-ਥਾਣਾ ਸੁਭਾਨਪੁਰ ਦੀ ਪੁਲਿਸ ਵਲੋਂ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਕਥਿਤ ਤੌਰ 'ਤੇ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਏ.ਐਸ.ਆਈ. ਲਖਬੀਰ ਸਿੰਘ ਗੋਸਲ ਨੇ ਦੱਸਿਆ ਕਿ ਉਹ ਸਮੇਤ ਪੁਲਿਸ ਪਾਰਟੀ ਗਸ਼ਤ ਕਰਦੇ ਹੋਏ ਜਦੋਂ ਪਿੰਡ ਹਮੀਰਾ ਦੇ ਪੁਲ ਦੇ ਨਜ਼ਦੀਕ ਪਹੁੰਚੇ ਤਾਂ ਇੱਕ ਵਿਅਕਤੀ ਆਉਂਦਾ ਦਿਖਾਈ ਦਿੱਤਾ ਜਿਸ ਨੂੰ ਸ਼ੱਕ ਦੀ ਬਿਨਾਂ 'ਤੇ ਕਾਬੂ ਕਰਕੇ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਦੇ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ | ਉਨ੍ਹਾਂ ਦੱਸਿਆ ਕਿ ਉਕਤ ਕਾਬੂ ਕੀਤੇ ਗਏ ਵਿਅਕਤੀ ਦੀ ਪਹਿਚਾਣ ਰਮੇਸ਼ ਕੁਮਾਰ ਉਰਫ਼ ਮੁੰਨਾ ਪੁੱਤਰ ਦਲਬੀਰ ਸਿੰਘ ਵਾਸੀ ਪਿੰਡ ਹਮੀਰਾ ਥਾਣਾ ਸੁਭਾਨਪੁਰ ਵਜੋਂ ਹੋਈ ਹੈ | ਰਮੇਸ਼ ਕੁਮਾਰ ਮੁੰਨਾ ਖ਼ਿਲਾਫ਼ ਥਾਣਾ ਸੁਭਾਨਪੁਰ ਵਿਖੇ ਮੁਕੱਦਮਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ | ਏ.ਐੱਸ. ਆਈ. ਲਖਬੀਰ ਸਿੰਘ ਗੋਸਲ ਨੇ ਦੱਸਿਆ ਕਿ ਉਕਤ ਕਾਬੂ ਕੀਤੇ ਗਏ ਵਿਅਕਤੀ ਨੂੰ ਅਦਾਲਤ 'ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਅਗਲੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ |