ਡਡਵਿੰਡੀ, 20 ਜੁਲਾਈ (ਦਿਲਬਾਗ ਸਿੰਘ ਝੰਡ)- ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਦੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਗੁਰਚਰਨ ਸਿੰਘ ਬਿੱਟੂ, ਸਰਪੰਚ ਮੇਜਰ ਸਿੰਘ ਜੈਨਪੁਰ, ਸਰਪੰਚ ਹਰਜਿੰਦਰ ਸਿੰਘ ਮਨਿਆਲਾ, ਸੀਨੀਅਰ ਆਗੂ ਸਵਰਨ ਸਿੰਘ ਸੰਧਾ, ਹਲਕਾ ਵਾਈਸ ਕੋਆਰਡੀਨੇਟਰ ਪਵਨ ਕੁਮਾਰ ਲਾਲਾ ਅਤੇ ਸੁਖਦੇਵ ਸਿੰਘ ਸੰਧਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਜਾ ਰਹੀ ਮੁੱਖ ਮੰਤਰੀ ਸਿਹਤ ਯੋਜਨਾ ਸਮੁੱਚੇ ਪੰਜਾਬ ਦੇ ਵਾਸੀਆਂ ਲਈ ਵਰਦਾਨ ਸਾਬਿਤ ਹੋਵੇਗੀ ਅਤੇ ਹਰ ਪਰਿਵਾਰ ਹੁਣ 10 ਲੱਖ ਰੁਪਏ ਤੱਕ ਦਾ ਇਲਾਜ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿਚ ਮੁਫ਼ਤ ਕਰਵਾ ਸਕਣਗੇ | ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਵੱਲੋਂ ਉਲੀਕੀਆਂ ਗਈਆਂ ਸਿਹਤ ਯੋਜਨਾਵਾਂ ਵਿਚ ਕਈ ਊਣਤਾਈਆਂ ਹੋਣ ਕਰਕੇ ਬਹੁਤ ਸਾਰੇ ਲੋਕ ਮੁਫ਼ਤ ਇਲਾਜ ਤੋਂ ਵਾਂਝੇ ਰਹਿ ਜਾਂਦੇ ਸਨ ਪਰ ਹੁਣ ਪੰਜਾਬ ਸਰਕਾਰ ਵੱਲੋਂ ਐਲਾਨੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਦਾ ਬਿਨਾਂ ਕਿਸੇ ਸ਼ਰਤ ਤੋਂ ਹਰ ਪਰਿਵਾਰ ਲਾਭ ਉਠਾ ਸਕੇਗਾ | ਉਨ੍ਹਾਂ ਕਿਹਾ ਕਿ 2 ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਇਸ ਯੋਜਨਾ ਲਈ ਪੰਜਾਬ ਦੇ ਨਾਗਰਿਕਾਂ ਨੂੰ ਇਸ ਯੋਜਨਾ ਦੀ ਰਜਿਸਟਰੇਸ਼ਨ ਲਈ ਸਿਰਫ਼ ਆਧਾਰ ਕਾਰਡ ਤੇ ਵੋਟਰ ਕਾਰਡ ਦੀ ਜ਼ਰੂਰਤ ਹੋਵੇਗੀ | ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਲਾਭ ਪੰਜਾਬ ਦੇ ਤਿੰਨ ਕਰੋੜ ਵਾਸੀਆਂ ਨੂੰ ਹੋਵੇਗਾ ਜੋ ਕਿ ਸਿਹਤ ਸੇਵਾਵਾਂ ਦੇ ਖੇਤਰ ਵਿਚ ਇੱਕ ਕ੍ਰਾਂਤੀਕਾਰੀ ਕਦਮ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਯੋਜਨਾ ਲਈ ਹੁਣ ਤੱਕ 550 ਪ੍ਰਾਈਵੇਟ ਹਸਪਤਾਲਾਂ ਨੂੰ ਸੂਚੀ ਵੱਧ ਕੀਤਾ ਗਿਆ ਹੈ ਜਿਨ੍ਹਾਂ ਦੀ ਗਿਣਤੀ ਵਧਾ ਕੇ ਹਜ਼ਾਰਾਂ 'ਚ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਇਸ ਕ੍ਰਾਂਤੀਕਾਰੀ ਯੋਜਨਾ ਨਾਲ ਪੰਜਾਬ ਦੇਸ਼ ਦਾ ਸਿਹਤ ਸੇਵਾਵਾਂ 'ਚ ਸਭ ਤੋਂ ਮੋਹਰੀ ਸੂਬਾ ਬਣ ਜਾਵੇਗਾ |