ਕਪੂਰਥਲਾ, 21 ਜੁਲਾਈ (ਵਿ.ਪ੍ਰ.)- ਸ਼ੋ੍ਰਮਣੀ ਅਕਾਲੀ ਦਲ ਦੀ ਪੀ.ਏ.ਸੀ. ਦੇ ਮੈਂਬਰ ਜਗਜੀਤ ਸਿੰਘ ਸ਼ੰਮੀ ਤੇ ਅਜੇ ਬਬਲਾ ਨੇ ਭਾਜਪਾ ਦੇ ਸੂਬਾਈ ਪ੍ਰਧਾਨ ਸੁਨੀਲ ਜਾਖੜ ਵਲੋਂ ਪੰਜਾਬ ਵਿਚ ਅਕਾਲੀ ਦਲ ਤੇ ਭਾਜਪਾ ਦਾ ਸਮਝੌਤਾ ਹੋਣਾ ਪੰਜਾਬ ਦੇ ਹਿੱਤ ਵਿਚ ਹੈ, ਸੰਬੰਧੀ ਦਿੱਤੇ ਗਏ ਬਿਆਨ ਦਾ ਸਵਾਗਤ ਕੀਤਾ | ਉਨ੍ਹਾਂ ਕਿਹਾ ਕਿ 1996 ਵਿਚ ਵੀ ਪੰਜਾਬ ਵਿਚ ਇਸ ਤਰ੍ਹਾਂ ਦੇ ਹਾਲਾਤ ਬਣੇ ਹੋਏ ਸਨ ਤੇ ਪੰਜਾਬ ਦਾ ਉਸ ਸਮੇਂ ਕੋਈ ਵਾਲੀ-ਵਾਰਸ ਨਹੀਂ ਸੀ | ਅਕਾਲੀ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਬਹੁਤ ਸਾਰੇ ਵਾਅਦੇ ਕਰਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਮੁਹਾਜ਼ 'ਤੇ ਬੁਰੀ ਤਰ੍ਹਾਂ ਫੇਲ ਹੋਈ ਹੈ | ਰਾਜ ਵਿਚ ਕਤਲੋ-ਗਾਰਤ, ਲੁੱਟ ਖੋਹ ਤੇ ਫਿਰੌਤੀ ਦੀਆਂ ਘਟਨਾਵਾਂ ਕਾਰਨ ਲੋਕਾਂ ਵਿਚ ਸਹਿਮ ਹੈ | ਉਨ੍ਹਾਂ ਕਿਹਾ ਕਿ ਗੈਂਗਸਟਰ ਕਾਰੋਬਾਰੀ ਲੋਕਾਂ ਨੂੰ ਫ਼ੋਨ ਕਰਕੇ ਮੋਟੀਆਂ ਰਕਮਾਂ ਦੀ ਮੰਗ ਰੱਖ ਕੇ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਹੇ ਹਨ ਤੇ ਸਰਕਾਰ ਦੀ ਨਾਕਸ ਕਾਰਗੁਜ਼ਾਰੀ ਨੂੰ ਲੈ ਕੇ ਆਮ ਲੋਕਾਂ ਦਾ ਮੋਹ ਆਮ ਆਦਮੀ ਪਾਰਟੀ ਤੋਂ ਭੰਗ ਹੋ ਗਿਆ ਹੈ | ਜਗਜੀਤ ਸਿੰਘ ਸ਼ੰਮੀ ਤੇ ਅਜੇ ਬਬਲਾ ਨੇ ਕਿਹਾ ਕਿ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕ ਦੂਜੀਆਂ ਸਿਆਸੀ ਪਾਰਟੀਆਂ ਨੂੰ ਪਛਾੜ ਕੇ ਅਕਾਲੀ ਭਾਜਪਾ ਗੱਠਜੋੜ ਨੂੰ ਸੱਤਾ 'ਚ ਲਿਆਉਣਗੇ |