ਕਪੂਰਥਲਾ, 17 ਅਕਤੂਬਰ (ਅਮਰਜੀਤ ਕੋਮਲ)-ਐੱਸ.ਡੀ.ਐੱਮ., ਡੀ.ਐੱਸ.ਪੀ., ਨੋਡਲ ਅਫ਼ਸਰ ਤੇ ਕਲੱਸਟਰ ਅਫ਼ਸਰ ਅਗਲੇ ਦਿਨਾਂ ਵਿਚ ਨਿਰੰਤਰ ਵੱਖ-ਵੱਖ ਖੇਤਰਾਂ ਦਾ ਦੌਰਾ ਕਰਕੇ ਕਿਸਾਨਾਂ ਪਰਾਲੀ ਨਾ ਸਾੜਣ ਲਈ ਪ੍ਰੇਰਿਤ ਕਰਨ ਤੇ ਉਨ੍ਹਾਂ ਨੂੰ ਪਰਾਲੀ ਖੇਤਾਂ ਵਿਚ ਨਿਪਟਾਉਣ ਲਈ ਉਤਸ਼ਾਹਿਤ ਕੀਤਾ ਜਾਵੇ | ਇਹ ਗੱਲ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਅੱਜ ਜ਼ਿਲ੍ਹੇ ਦੀਆਂ ਵੱਖ-ਵੱਖ ਸਬ ਡਵੀਜ਼ਨ ਦੇ ਐੱਸ.ਡੀ.ਐੱਮਜ਼, ਡੀ.ਐੱਸ.ਪੀਜ਼ ਤੇ ਹੋਰ ਅਧਿਕਾਰੀਆਂ ਦੀ ਇਕ ਮੀਟਿੰਗ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕੀਤੇ ਗਏ ਯਤਨਾ ਦੀ ਸਮੀਖਿਆ ਉਪਰੰਤ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਐੱਸ.ਡੀ.ਐੱਮ. ਤੇ ਡੀ.ਐੱਸ.ਪੀਜ਼ ਨੂੰ ਹਾਟ ਸਪਾਟ ਦਾ ਨਿਰੰਤਰ ਦੌਰਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਤੇ ਨਾਲ ਹੀ ਕਿਹਾ ਕਿ ਜੇ ਕਿਸੇ ਝੋਨੇ ਦੇ ਖੇਤ ਵਿਚ ਪਰਾਲੀ ਨੂੰ ਅੱਗ ਲੱਗਣ ਦੀ ਘਟਨਾ ਦਾ ਪਤਾ ਲੱਗੇ ਤਾਂ ਸਬੰਧਿਤ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਝੋਨੇ ਦੀ ਰਹਿੰਦ ਖੰੂਹਦ ਦੀ ਸਾਂਭ ਸੰਭਾਲ ਲਈ ਖੇਤੀਬਾੜੀ ਵਿਭਾਗ ਵਲੋਂ ਬੇਲਰ, ਸੁਪਰਸੀਡਰ ਆਦਿ ਮਸ਼ੀਨਾਂ ਕਿਸਾਨਾਂ ਨੂੰ ਮੁਹੱਈਆ ਕਰਵਾਈਆਂ ਗਈਆਂ ਹਨ ਤਾਂ ਜੋ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਖੇਤਾਂ ਵਿਚ ਹੀ ਮਿਲਾ ਦਿੱਤਾ ਜਾਵੇ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਝੋਨੇ ਦੀ ਕਟਾਈ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਜ਼ਿਲ੍ਹੇ ਵਿਚ ਝੋਨੇ ਦੀ ਰਹਿੰਦ ਖੰੂਹਦ ਨੂੰ ਖੇਤਾਂ ਵਿਚ ਅੱਗ ਲਗਾਉਣ ਵਿਚ ਕਮੀ ਆਈ ਹੈ ਤੇ ਇਸਨੂੰ ਹੋਰ ਘਟਾਉਣ ਲਈ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ | ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ, ਕਿਉਂਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਖੇਤਾਂ ਵਿਚ ਮੌਜੂਦ ਮਿੱਤਰ ਕੀੜਿਆਂ ਦੀ ਹੋਂਦ ਖ਼ਤਮ ਹੋ ਜਾਂਦੀ ਹੈ ਤੇ ਇਸ ਨਾਲ ਵਾਤਾਵਰਨ 'ਤੇ ਮਾੜਾ ਅਸਰ ਪੈਂਦਾ ਹੈ | ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਕੰਬਾਈਨ ਰਾਹੀਂ ਝੋਨੇ ਦੀ ਕਟਾਈ ਕਰਨ ਵਾਲੀਆਂ ਮਸ਼ੀਨਾਂ 'ਤੇ ਐੱਸ.ਐੱਮ.ਐੱਸ. ਲੱਗਿਆ ਹੋਇਆ ਹੋਵੇ ਤਾਂ ਜੋ ਪਰਾਲੀ ਦੇ ਯੋਗ ਨਿਪਟਾਰੇ ਲਈ ਉਨ੍ਹਾਂ ਨੂੰ ਕੋਈ ਦਿੱਕਤ ਨਾ ਆਵੇ | ਮੀਟਿੰਗ ਵਿਚ ਨਵਨੀਤ ਕੌਰ ਬੱਲ ਵਧੀਕ ਡਿਪਟੀ ਕਮਿਸ਼ਨਰ ਜਨਰਲ, ਗੁਰਪ੍ਰੀਤ ਸਿੰਘ ਗਿੱਲ ਐੱਸ.ਪੀ. ਹੈੱਡ ਕੁਆਟਰ, ਮੇਜਰ ਡਾ. ਇਰਵਿਨ ਕੌਰ, ਜਸ਼ਨਜੀਤ ਸਿੰਘ, ਅਲਕਾ ਕਾਲੀਆ ਤੇ ਡੈਵੀ ਗੋਇਲ (ਚਾਰੇ ਐੱਸ.ਡੀ.ਐੱਮ.) ਵਿਸ਼ਾਲ ਵਾਟਸ ਸਹਾਇਕ ਕਮਿਸ਼ਨਰ ਤੋਂ ਇਲਾਵਾ ਵੱਖ-ਵੱਖ ਸਬ ਡਵੀਜ਼ਨ ਦੇ ਡੀ.ਐੱਸ.ਪੀਜ਼ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |