ਫਗਵਾੜਾ, 17 ਅਕਤੂਬਰ (ਹਰਜੋਤ ਸਿੰਘ ਚਾਨਾ)-ਨਗਰ ਨਿਗਮ ਫਗਵਾੜਾ ਵੱਲੋਂ ਸ਼ਹਿਰ ਵਾਸੀਆਂ ਨੂੰ ਦੀਵਾਲੀ ਦੇ ਤਿਉਹਾਰ ਦੀ ਵਧਾਈ ਦਿੱਤੀ ਤੇ ਸ਼ਹਿਰ ਵਾਸੀਆਂ ਨੂੰ ਸੁਰੱਖਿਅਤ, ਸਾਫ਼ ਤੇ ਹਰੀ ਦੀਵਾਲੀ ਮਨਾਉਣ ਲਈ ਅਪੀਲ ਕੀਤੀ ਗਈ ਹੈ | ਮੇਅਰ ਰਾਮਪਾਲ ਉੱਪਲ ਤੇ ਕਮਿਸ਼ਨਰ ਡਾ. ਅਕਸ਼ਿਤਾ ਗੁਪਤਾ ਨੇ ਕਿਹਾ ਕਿ ਦੀਵਾਲੀ ਖ਼ੁਸ਼ੀਆਂ ਤੇ ਰੌਸ਼ਨੀਆਂ ਦਾ ਤਿਉਹਾਰ ਹੈ, ਪਰ ਇਸ ਦੇ ਨਾਲ ਸਾਨੂੰ ਵਾਤਾਵਰਣ ਤੇ ਸੁਰੱਖਿਆ ਪ੍ਰਤੀ ਜ਼ਿੰਮੇਵਾਰ ਵੀ ਬਣਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਹਰ ਨਾਗਰਿਕ ਦੀਵਾਲੀ ਨੂੰ ਖ਼ੁਸ਼ਹਾਲ ਬਣਾਉਣ ਦੇ ਨਾਲ ਨਾਲ ਸਾਫ਼-ਸੁਥਰੀ ਅਤੇ ਪ੍ਰਦੂਸ਼ਣ ਰਹਿਤ ਵੀ ਬਣਾਏ | ਇਸ ਮੌਕੇ ਸੰਨੀ ਸੇਠੀ ਨੂੰ ਤਰਸ ਦੇ ਆਧਾਰ 'ਤੇ ਸਫ਼ਾਈ ਕਰਮਚਾਰੀ ਵਜੋਂ ਨਿਯੁਕਤੀ ਪੱਤਰ ਸੌਂਪਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਨਗਰ ਨਿਗਮ ਆਪਣੇ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ ਹੈ | ਉਨ੍ਹਾਂ ਸ਼ਹਿਰ ਵਾਸੀਆਂ ਨੂੰ ਦੀਵਾਲੀ ਮੌਕੇ ਦੀਵੇ ਜਾਂ ਮੋਮਬੱਤੀਆਂ ਜਗਾਉਂਦੇ ਸਮੇਂ ਪਾਣੀ ਜਾਂ ਰੇਤ ਨੇੜੇ ਰੱਖੀ ਜਾਵੇ ਤੇ ਬੱਚਿਆਂ ਨੂੰ ਦੀਵਾਲੀ ਦੇ ਜਸ਼ਨ ਦੌਰਾਨ ਹਰ ਵੇਲੇ ਨਿਗਰਾਨੀ ਹੇਠ ਰੱਖਿਆ ਜਾਵੇ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ |