15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ

ਅਜੀਤ ਡੈਸਕ 04-11-2025
ਕਪੂਰਥਲਾ, 3 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਪੰਜਾਬ ਵਲੋਂ ਮਿਡ-ਡੇ-ਮੀਲ ਵਰਕਰਾਂ ਦੀਆਂ ਮੰਗਾਂ ਨੂੰ ਲੈ ਕੇ ਯੂਨੀਅਨ ਦੀ ਸੂਬਾਈ ਮੀਤ ਪ੍ਰਧਾਨ ਤੇ ਜ਼ਿਲ੍ਹਾ ਕਪੂਰਥਲਾ ਦੀ ਪ੍ਰਧਾਨ ਮਮਤਾ ਸੈਦਪੁਰ ਤੇ ਜ਼ਿਲ੍ਹਾ ਚੇਅਰਮੈਨ ਬਲਦੇਵ ਸਿੰਘ ਦੀ ਅਗਵਾਈ ਵਿਚ ਮਿਡ ਡੇ ਮੀਲ ਵਰਕਰਾਂ ਨੇ ਕਪੂਰਥਲਾ ਵਿਚ ਪੰਜਾਬ ਦੇ ਮੁੱਖ ਮੰਤਰੀ ਦਾ ਪੁਤਲਾ ਜਲਾ ਕੇ ਨਾਅਰੇਬਾਜ਼ੀ ਕੀਤੀ | ਜਥੇਬੰਦੀ ਦੇ ਦੋਵਾਂ ਆਗੂਆਂ ਨੇ ਕਿਹਾ ਕਿ ਪਿਛਲੇ ਲੰਬੇ ਅਰਸੇ ਤੋਂ ਸਕੂਲਾਂ ਵਿਚ ਦੁਪਹਿਰ ਦਾ ਖਾਣਾ ਬਣਾਉਣ ਵਾਲੀ ਮਿਡ ਡੇ ਮੀਲ ਵਰਕਰ ਨੂੰ ਮਿਹਨਤਾਨੇ ਵਜੋਂ 3 ਹਜ਼ਾਰ ਰੁਪਏ ਪ੍ਰਤੀ ਮਹੀਨਾ ਦਿੱਤਾ ਜਾਂਦਾ ਹੈ ਤੇ ਇਸ ਰਕਮ ਨਾਲ ਉਹ ਆਪਣੇ ਘਰਾਂ ਦਾ ਗੁਜ਼ਾਰਾ ਚਲਾਉਣ ਤੋਂ ਅਸਮਰਥ ਹਨ | ਉਨ੍ਹਾਂ ਸਰਕਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਮਿਡ ਡੇ ਮੀਲ ਵਰਕਰਾਂ ਨੂੰ ਪੂਰੇ ਸਕੇਲ ਵਿਚ ਰੈਗੂਲਰ ਕੀਤਾ ਜਾਵੇ ਤੇ ਜਿੰਨੀ ਦੇਰ ਤੱਕ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਨਹੀਂ ਹੁੰਦੀਆਂ, ਉਨੀ ਦੇਰ ਤੱਕ ਉਨ੍ਹਾਂ ਨੂੰ ਸਕਿੱਲਡ ਵਰਕਰ ਮੰਨਦੇ ਹੋਏ ਘੱਟੋਂ ਘੱਟ ਉਜਰਤ ਦੇ ਘੇਰੇ ਵਿਚ ਲਿਆ ਕੇ 18 ਹਜ਼ਾਰ ਰੁਪਏ ਪ੍ਰਤੀ ਮਹੀਨਾ ਮਾਸਿਕ ਮਾਣ ਭੱਤੇ ਦੇ ਰੂਪ ਵਿਚ ਅਦਾ ਕੀਤਾ ਜਾਵੇ | ਮਿਡ ਡੇ ਮੀਲ ਵਰਕਰਾਂ ਨੂੰ ਪਹਿਚਾਣ ਪੱਤਰ, ਗਰਮ ਅਤੇ ਸਰਦ ਰੁੱਤ ਦੀਆਂ ਵਰਦੀਆਂ ਸਮੇਂ ਸਿਰ ਦੇਣ, ਸਰਕਾਰ ਦੇ ਬਾਕੀ ਵਿਭਾਗਾਂ ਵਿਚ ਕੰਮ ਕਰਦੇ ਮਹਿਲਾ ਮੁਲਾਜ਼ਮਾਂ ਵਾਂਗ ਮਿਡ ਡੇ ਮੀਲ ਵਰਕਰ ਨੂੰ ਅਚਨਚੇਤ, ਮੈਡੀਕਲ, ਪ੍ਰਸੂਤਾ ਤੇ ਕਮਾਈ ਛੁੱਟੀ ਤਨਖ਼ਾਹ ਸਮੇਤ ਦੇਣ, ਪ੍ਰੀਨਰਸਰੀ ਵਾਲੇ ਬੱਚਿਆਂ ਦੀ ਗਿਣਤੀ ਪ੍ਰਾਇਮਰੀ ਸਕੂਲਾਂ ਵਿਚ ਕਰਨ, ਹਰੇਕ ਸਕੂਲ ਵਿਚ ਘੱਟੋਂ ਘੱਟ 2 ਮਿਡ ਡੇ ਮੀਲ ਵਰਕਰ ਰੱਖਣ, ਮਿਡ ਡੇ ਮੀਲ ਵਰਕਰ ਦਾ ਸੀ.ਪੀ.ਐਫ. ਕੱਟਣ, 5 ਲੱਖ ਰੁਪਏ ਦਾ ਮੁਫ਼ਤ ਬੀਮਾ ਕਰਨ ਤੇ ਉਨ੍ਹਾਂ ਕੋਲੋਂ ਮਿਡ ਡੇ ਮੀਲ ਦੇ ਕੰਮ ਤੋਂ ਇਲਾਵਾ ਜ਼ਬਰਦਸਤੀ ਕੋਈ ਹੋਰ ਕੰਮ ਲੈਣਾ ਵੀ ਤੁਰੰਤ ਬੰਦ ਕਰਨ ਦੀ ਮੰਗ ਕੀਤੀ | ਉਨ੍ਹਾਂ ਕਿਹਾ ਕਿ ਮਿਡ ਡੇ ਮੀਲ ਵਰਕਰਾਂ ਕੋਲੋਂ ਵਾਧੂ ਕੰਮ ਨਾ ਲਿਆ ਜਾਵੇ | ਯੂਨੀਅਨ ਦੀ ਸੂਬਾਈ ਮੀਤ ਪ੍ਰਧਾਨ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੁੱਖ ਮੰਤਰੀ ਪੰਜਾਬ ਵਲੋਂ ਉਨ੍ਹਾਂ ਦੀ ਯੂਨੀਅਨ ਨਾਲ ਮੀਟਿੰਗ ਨਾ ਕੀਤੀ ਗਈ ਤਾਂ ਉਹ ਸੰਘਰਸ਼ ਤੇਜ਼ ਕਰਨ ਲਈ ਮਜਬੂਰ ਹੋਣਗੀਆਂ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਤੇ ਸਬੰਧਿਤ ਵਿਭਾਗ ਦੀ ਹੋਵੇਗੀ | ਇਸ ਮੌਕੇ ਮਨਜੀਤ ਕੌਰ, ਬਲਜਿੰਦਰ ਕੌਰ, ਪਰਮਜੀਤ ਕੌਰ, ਬਲਵਿੰਦਰ ਕੌਰ, ਦਲਜੀਤ ਕੌਰ, ਰਾਜਵੰਤ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਫਗਵਾੜਾ ਤੋਂ ਸਜਾਇਆ ਨਗਰ ਕੀਰਤਨ ਅਗਲੀ ਖ਼ਬਰ ਪ੍ਰਕਾਸ਼ ਪੁਰਬ ਮੌਕੇ ਬੂਲਪੁਰ ਵਿਖੇ ਲੰਗਰ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।