ਕਪੂਰਥਲਾ, 6 ਨਵੰਬਰ (ਸਡਾਨਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ ਗੁਰਦੁਆਰਾ ਸਾਹਿਬ ਭੋਪਾਲ ਜਠੇਰੇ ਦੀ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ 9 ਨਵੰਬਰ ਦਿਨ ਐਤਵਾਰ ਨੂੰ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮਾਸਟਰ ਸੁਖਜਿੰਦਰ ਸਿੰਘ ਨਿੱਝਰ ਤੇ ਸੁਖਵਿੰਦਰ ਮੋਹਨ ਸਿੰਘ ਭਾਟੀਆ ਨੇ ਦੱਸਿਆ ਕਿ 7 ਨਵੰਬਰ ਨੂੰ ਅਖੰਡ ਪਾਠ ਆਰੰਭ ਹੋਣਗੇ ਤੇ 9 ਨਵੰਬਰ ਨੂੰ ਪਾਠ ਦੇ ਭੋਗ ਪੈਣ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਸ ਵਿਚ ਭਾਈ ਗੁਰਪ੍ਰੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸਾਹਿਬ ਭੋਪਾਲ ਜਠੇਰੇ ਤੇ ਬੀਬੀ ਜਸਪ੍ਰੀਤ ਕੌਰ ਕਪੂਰਥਲਾ ਵਾਲਿਆਂ ਦਾ ਜਥਾ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰੇਗਾ |