ਸੁਲਤਾਨਪੁਰ ਲੋਧੀ, 6 ਨਵੰਬਰ (ਥਿੰਦ, ਨਰੇਸ਼ ਹੈਪੀ)-ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਸਵੇਰ ਦੀ ਵਿਸ਼ੇਸ਼ ਅਸੈਂਬਲੀ ਦੇ ਨਾਲ ਕੀਤੀ ਗਈ, ਜਿਸ ਵਿਚ ਵਿਦਿਆਰਥੀਆਂ ਦੁਆਰਾ ਸ਼ਬਦ ਗਾਇਨ, ਭਾਸ਼ਣ ਤੇ ਕਵਿਤਾਵਾਂ ਰਾਹੀਂ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ 'ਤੇ ਚਾਨਣਾ ਪਾਇਆ ਗਿਆ | ਉਪਰੰਤ ਗੁਰੂ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜੀਨੀਅਰ ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ, ਸਕੂਲ ਡਾਇਰੈਕਟਰ ਇੰਜੀਨੀਅਰ ਹਰਨਿਆਮਤ ਕੌਰ ਅਤੇ ਸਕੂਲ ਪ੍ਰਸ਼ਾਸਕ ਇੰਜੀਨੀਅਰ ਨਿਮਰਤਾ ਕੌਰ ਨੇ ਸਟਾਫ਼ ਮੈਂਬਰਾਂ ਤੇ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ |