ਸੁਲਤਾਨਪੁਰ ਲੋਧੀ, 19 ਨਵੰਬਰ (ਨਰੇਸ਼ ਹੈਪੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦੀਆਂ ਅੰਦਰੂਨੀ ਟੁੱਟੀਆਂ ਸੜਕਾਂ ਨੂੰ ਮੁੜ ਬਣਾਉਣ ਲਈ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਦੇ ਯਤਨਾਂ ਸਦਕਾ 5.50 ਕਰੋੜ ਰੁਪਏ ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਗਏ ਹਨ ਜਿਸ ਨਾਲ ਜਲਦ ਹੀ ਸੜਕਾਂ ਦਾ ਕੰਮ ਸ਼ੁਰੂ ਕਰਵਾਇਆ ਜਾਵੇਗਾ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਰਾਜੀਵ ਧੀਰ ਵਲੋਂ ਅਧਿਕਾਰੀਆਂ ਨਾਲ ਮੀਟਿੰਗ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ | ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਦੇ ਯਤਨਾਂ ਸਦਕਾ ਹੀ ਹਲਕੇ ਦਾ ਸਰਬ ਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ ਅਤੇ ਹਲਕੇ ਦੀ ਨੁਹਾਰ ਬਦਲੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਸੱਜਣ ਸਿੰਘ ਚੀਮਾ ਦੀ ਅਗਵਾਈ 'ਚ ਸੁਲਤਾਨਪੁਰ ਲੋਧੀ ਦੀਆਂ 13 ਵਾਰਡਾਂ 'ਚ ਬਿਨਾਂ ਕਿਸੇ ਭੇਦਭਾਵ ਤੋਂ ਵਿਕਾਸ ਕਾਰਜ ਕਰਵਾਏ ਜਾਣਗੇ | ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਦੇਖਰੇਖ ਵਿਚ ਹੀ ਸ਼ਹਿਰ ਦੇ ਅੰਦਰੂਨੀ ਹਿੱਸੇ ਵਿਚ ਵਾਟਰ ਸਪਲਾਈ ਅਤੇ ਨਵੀਂ ਸੀਵਰੇਜ ਪਾਈਪ ਲਾਈਨ ਵੀ ਪਾਈ ਜਾ ਰਹੀ ਹੈ ਤਾਂ ਜੋ ਸ਼ਹਿਰ ਨਿਵਾਸੀਆਂ ਨੂੰ ਕੋਈ ਪਰੇਸ਼ਾਨੀ ਪੇਸ਼ ਨਾ ਆਵੇ | ਇਸ ਮੌਕੇ ਉਨ੍ਹਾਂ ਨਾਲ ਆਮ ਆਦਮੀ ਪਾਰਟੀ ਦੇ ਖ਼ਜ਼ਾਨਚੀ ਸਤਪਾਲ ਮਦਾਨ, ਕੌਂਸਲਰ ਰਜਿੰਦਰ ਸਿੰਘ, ਸਾਬਕਾ ਕੌਂਸਲਰ ਵਿੱਕੀ ਚੌਹਾਨ, ਨੀਰਜ ਚੰਦੀ, ਲਵਪ੍ਰੀਤ ਸਿੰਘ, ਅਨੁਜ ਛੁਰਾ ਆਦਿ ਵੀ ਮੌਜੂਦ ਸਨ |