16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਅਧਿਕਾਰੀਆਂ ਦੀ ਮੀਟਿੰਗ 'ਚ ਯਾਤਰਾ ਸੰਬੰਧੀ ਕੀਤੇ ਗਏ ਪ੍ਰਬੰਧਾਂ ਦੀ ਕੀਤੀ ਸਮੀਖਿਆ

ਅਜੀਤ ਡੈਸਕ 20-11-2025



ਕਪੂਰਥਲਾ, 19 ਨਵੰਬਰ (ਅਮਰਜੀਤ ਕੋਮਲ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 'ਸ਼ਹੀਦੀ ਸ਼ਤਾਬਦੀ ਯਾਤਰਾ' 21 ਨਵੰਬਰ ਨੂੰ ਸ੍ਰੀ ਗੋਇੰਦਵਾਲ ਸਾਹਿਬ ਤੋਂ ਹੁੰਦੀ ਹੋਈ ਮੁੰਡੀ ਮੋੜ, ਉੱਚਾ, ਪ੍ਰਵੇਜ਼ ਨਗਰ ਤੇ ਕਪੂਰਥਲਾ ਪੁੱਜੇਗੀ | ਬਾਅਦ ਵਿਚ ਇਹ ਯਾਤਰਾ ਕਰਤਾਰਪੁਰ ਤੋਂ ਹੁੰਦੀ ਹੋਈ ਜਲੰਧਰ ਪੁੱਜੇਗੀ | ਇਹ ਜਾਣਕਾਰੀ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਸ਼ਹੀਦੀ ਸ਼ਤਾਬਦੀ ਯਾਤਰਾ ਦੀ ਤਿਆਰੀ ਸੰਬੰਧੀ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੀ | ਉਨ੍ਹਾਂ ਕਿਹਾ ਕਿ ਇਹ ਯਾਤਰਾ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਹੁੰਦੀ ਹੋਈ ਸ੍ਰੀ ਅਨੰਦਪੁਰ ਸਾਹਿਬ ਪੁੱਜੇਗੀ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਯਾਤਰਾ ਮੌਕੇ ਸੰਗਤ ਵਲੋਂ ਮੁੰਡੀ ਮੋੜ, ਉੱਚਾ, ਪ੍ਰਵੇਜ਼ ਨਗਰ ਤੇ ਕਪੂਰਥਲਾ ਬੱਸ ਸਟੈਂਡ ਵਿਖੇ ਲੰਗਰਾਂ ਦੇ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ | ਉਨ੍ਹਾਂ ਸਿਹਤ ਵਿਭਾਗ ਨੂੰ ਮੈਡੀਕਲ ਟੀਮਾਂ ਤੇ ਐਂਬੂਲੈਂਸ ਤਾਇਨਾਤ ਕਰਨ ਦੇ ਹੁਕਮ ਦਿੱਤੇ | ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਦੀ ਕਮਿਸ਼ਨਰ ਨੂੰ ਕਿਹਾ ਕਿ ਯਾਤਰਾ ਦੇ ਸਾਰੇ ਰੂਟ 'ਤੇ ਸਮੁੱਚੀ ਸਾਫ਼ ਸਫ਼ਾਈ ਯਕੀਨੀ ਬਣਾਈ ਜਾਵੇ | ਉਨ੍ਹਾਂ ਕਿਹਾ ਕਿ ਸ਼ਹੀਦੀ ਸ਼ਤਾਬਦੀ ਯਾਤਰਾ ਦੇ ਕਪੂਰਥਲਾ ਵਿਚ ਦਾਖਲ ਹੋਣ 'ਤੇ ਜ਼ਿਲ੍ਹਾ ਪ੍ਰਸ਼ਾਸਨ, ਵੱਖ-ਵੱਖ ਧਾਰਮਿਕ ਜਥੇਬੰਦੀਆਂ ਵਲੋਂ ਯਾਤਰਾ ਦਾ ਸਵਾਗਤ ਕੀਤਾ ਜਾਵੇਗਾ ਤੇ ਜ਼ਿਲ੍ਹਾ ਪੁਲਿਸ ਦੀ ਟੁੱਕੜੀ ਵਲੋਂ ਯਾਤਰਾ ਨੂੰ ਗਾਰਡ ਆਫ਼ ਆਨਰ ਪੇਸ਼ ਕੀਤਾ ਜਾਵੇਗਾ | ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਨਵਨੀਤ ਕੌਰ ਬੱਲ, ਨਗਰ ਨਿਗਮ ਦੀ ਕਮਿਸ਼ਨਰ ਅਨੂਪਮ ਕਲੇਰ, ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਵਰਿੰਦਰਪਾਲ ਸਿੰਘ ਬਾਜਵਾ, ਐਸ.ਡੀ.ਐਮ. ਕਪੂਰਥਲਾ ਮੇਜਰ ਡਾ. ਇਰਵਿਨ ਕੌਰ, ਐਸ.ਡੀ.ਐਮ. ਸੁਲਤਾਨਪੁਰ ਲੋਧੀ ਅਲਕਾ ਕਾਲੀਆ, ਸਹਾਇਕ ਕਮਿਸ਼ਨਰ ਵਿਸ਼ਾਲ ਵਟਸ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 'ਸ਼ਹੀਦੀ ਸ਼ਤਾਬਦੀ ਯਾਤਰਾ' ਭਲਕੇ ਕਪੂਰਥਲਾ 'ਚ ਦਾਖਲ ਹੋਵ... ਅਗਲੀ ਖ਼ਬਰ ਜੀ.ਐਨ.ਏ. ਯੂਨੀਵਰਸਿਟੀ ਵਿਖੇ ਪ੍ਰਤੀਵਾਦ 2025 ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।