ਸੁਲਤਾਨਪੁਰ ਲੋਧੀ, 19 ਨਵੰਬਰ (ਨਰੇਸ਼ ਹੈਪੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਰਿਟਾਇਰਡ ਸਕੱਤਰ ਅਤੇ ਸੀਨੀਅਰ ਅਕਾਲੀ ਆਗੂ ਜਥੇਦਾਰ ਮਹਿੰਦਰ ਸਿੰਘ ਆਹਲੀ ਨੇ ਮੰਗ ਕੀਤੀ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ 'ਤੇ ਬਣੀ ਐਨੀਮੇਸ਼ਨ ਫ਼ਿਲਮ 'ਹਿੰਦ ਦੀ ਚਾਦਰ' ਸਿੱਖ ਭਾਵਨਾਵਾਂ ਦੇ ਮੱਦੇਨਜ਼ਰ ਜਾਰੀ ਨਾ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਬਵੇਜਾ ਮੂਵੀ ਪ੍ਰਾਈਵੇਟ ਲਿਮਟਿਡ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ 'ਤੇ ਬਣਾਈ ਗਈ ਇਸ ਫ਼ਿਲਮ ਵਿਚ ਸਿੱਖ ਸਿਧਾਂਤ, ਇਤਿਹਾਸ ਅਤੇ ਫਿਲਮਾਂਕਣ ਦੇ ਪੱਖ ਤੋਂ ਬਹੁਤ ਸਾਰੀਆਂ ਕਮੀਆਂ ਹਨ, ਜਿਸ ਦੇ ਮੱਦੇਨਜ਼ਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ 'ਤੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੱਤਰ ਭੇਜ ਕੇ 21 ਨਵੰਬਰ 2025 ਨੂੰ ਇਸ ਫ਼ਿਲਮ ਨੂੰ ਰਿਲੀਜ਼ ਨਾ ਕਰਨ ਦਾ ਆਦੇਸ਼ ਜਾਰੀ ਕੀਤਾ ਗਿਆ ਹੈ | ਉਨ੍ਹਾਂ ਆਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਰੌਸ਼ਨੀ ਵਿਚ ਫ਼ਿਲਮ ਚਲਾਉਣ ਦਾ ਫ਼ੈਸਲਾ ਵਾਪਸ ਲਿਆ ਜਾਵੇ | ਸਕੱਤਰ ਜਥੇਦਾਰ ਆਹਲੀ ਨੇ ਕਿਹਾ ਕਿ ਫ਼ਿਲਮ ਘੋਖ ਕਮੇਟੀ ਵੱਲੋਂ ਇਸ ਫ਼ਿਲਮ ਨੂੰ ਵੇਖਣ ਬਾਅਦ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜੀ ਗਈ ਸੀ ਜਿਸ 'ਤੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਰੋਕ ਸਬੰਧੀ ਪੱਤਰ ਭੇਜਿਆ ਹੈ | ਉਨ੍ਹਾਂ ਨਾਲ ਇਸ ਮੌਕੇ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਦੇ ਸਾਬਕਾ ਮੈਨੇਜਰ ਜਥੇਦਾਰ ਜਰਨੈਲ ਸਿੰਘ ਬੂਲੇ, ਜਥੇਦਾਰ ਦਿਲਬਾਗ ਸਿੰਘ ਗਿੱਲ ਐਮ ਡੀ, ਗੁਰਦੁਆਰਾ ਬਾਬਾ ਬਕਾਲਾ ਸਾਹਿਬ ਦੇ ਮੀਤ ਮੈਨੇਜਰ ਜਗਤਾਰ ਸਿੰਘ ਆਹਲੀ, ਜਥੇਦਾਰ ਗੁਰਦਿਆਲ ਸਿੰਘ ਖ਼ਾਲਸਾ, ਜਥੇਦਾਰ ਸਰਵਣ ਸਿੰਘ ਚੱਕਾ, ਗੁਰਸਿੱਖ ਆਗੂ ਕੰਵਲਜੀਤ ਸਿੰਘ ਲਾਲੀ, ਸੁਖਪਾਲਬੀਰ ਸਿੰਘ ਸੋਨੂੰ ਝੰਡੂਵਾਲ ਵੀ ਹਾਜ਼ਰ ਸਨ | ਸਕੱਤਰ ਆਹਲੀ ਨੇ ਇਹ ਵੀ ਕਿਹਾ ਕਿ ਗੁਰੂ ਸਾਹਿਬਾਨ ਨੂੰ ਕਿਸੇ ਵੀ ਤਰ੍ਹਾਂ ਕਲਪਨਾ ਜਾਂ ਐਨੀਮੇਸ਼ਨ ਰਾਹੀਂ ਦਰਸਾਉਣ ਦੀ ਮਨਾਹੀ ਹੈ ਅਤੇ ਅਜਿਹਾ ਕਰਨਾ ਸਿੱਖ ਸਿਧਾਂਤਾਂ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਜਾਰੀ ਹੁਕਮਨਾਮਿਆਂ ਦੀ ਉਲੰਘਣਾ ਹੈ | ਉਨ੍ਹਾਂ ਕਿਹਾ ਕਿ ਜਦੋਂ ਗੁਰੂ ਸਾਹਿਬਾਨ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਸਬੰਧਿਤ ਕਿਰਦਾਰ ਨਿਭਾਉਣ 'ਤੇ ਰੋਕ ਹੈ ਤਾਂ ਫਿਰ ਅਜਿਹੀਆਂ ਫ਼ਿਲਮਾਂ ਬਣਾਉਣ ਤੋਂ ਪਹਿਲਾਂ ਹੀ ਸੰਕੋਚ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਇਹ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਨਾਲ-ਨਾਲ ਵਿਵਾਦ ਵੀ ਪੈਦਾ ਕਰਦੀਆਂ ਹਨ |