ਕਪੂਰਥਲਾ, 20 ਨਵੰਬਰ (ਵਿ.ਪ੍ਰ.)-ਸ਼ੋ੍ਰਮਣੀ ਅਕਾਲੀ ਦਲ ਦੇ ਬੀ.ਸੀ. ਵਿੰਗ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਇੱਛਾ ਸਿੰਘ ਢੋਟ ਸੀਨੀਅਰ ਆਗੂ ਤੇ ਪਿੰਡ ਬਰਿੰਦਪੁਰ ਦੇ ਸਾਬਕਾ ਸਰਪੰਚ ਜਸਵੰਤ ਸਿੰਘ ਲਾਲੀ, ਸੀਨੀਅਰ ਆਗੂ ਤਰਲੋਚਨ ਸਿੰਘ ਝੰਡ ਤੇ ਗੁਰਦੇਵ ਸਿੰਘ ਨੇ ਇਕ ਬਿਆਨ ਵਿਚ ਕਿਹਾ ਕਿ ਤਰਨਤਾਰਨ ਹਲਕੇ ਦੀ ਉਪ ਚੋਣ ਵਿਚ ਅਕਾਲੀ ਦਲ ਦੀ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਰੰਧਾਵਾ ਨੂੰ ਵੱਡੀ ਗਿਣਤੀ ਵਿਚ ਪਈਆਂ ਵੋਟਾਂ ਨੇ 2027 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿਚ ਅਕਾਲੀ ਦਲ ਦੀ ਜਿੱਤ ਦਾ ਰਾਹ ਪੱਧਰਾ ਕੀਤਾ ਹੈ | ਉਨ੍ਹਾਂ ਕਿਹਾ ਕਿ ਇਸ ਚੋਣ ਵਿਚ ਪੰਥ ਵਿਰੋਧੀ ਤਾਕਤਾਂ ਦੀ ਨੈਤਿਕ ਹਾਰ ਹੋਈ | ਅਕਾਲੀ ਆਗੂਆਂ ਨੇ ਕਿਹਾ ਕਿ ਸੱਤਾਧਾਰੀ ਪਾਰਟੀ ਨੇ ਆਪਣੀ ਵਿਰੋਧੀ ਅਕਾਲੀ ਦਲ ਦੀ ਉਮੀਦਵਾਰ ਤੇ ਉਨ੍ਹਾਂ ਦੇ ਸਮਰਥਕਾਂ ਨਾਲ ਧੱਕੇਸ਼ਾਹੀਆਂ ਕੀਤੀਆਂ | ਇਸ ਸਭ ਕੁੱਝ ਦੇ ਬਾਵਜੂਦ ਅਕਾਲੀ ਦਲ ਦੀ ਉਮੀਦਵਾਰ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੂੰ ਸਖ਼ਤ ਟੱਕਰ ਦਿੱਤੀ | ਇੱਛਾ ਸਿੰਘ ਢੋਟ ਤੇ ਹੋਰ ਆਗੂਆਂ ਨੇ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਥਕ ਧਿਰਾਂ ਨੂੰ ਇਕਜੁੱਟ ਹੋ ਕੇ ਪੰਥਕ ਸਰਕਾਰ ਦੀ ਮਜ਼ਬੂਤੀ ਲਈ ਕੰਮ ਕਰਨਾ ਚਾਹੀਦਾ ਹੈ |