ਕਪੂਰਥਲਾ, 2 ਦਸੰਬਰ (ਵਿ.ਪ੍ਰ.)-ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਕਪੂਰਥਲਾ ਅਮਿਤ ਕੁਮਾਰ ਪੰਚਾਲ ਨੇ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਕਪੂਰਥਲਾ ਦੀ ਹਦੂਦ ਵਿਚ ਪਤੰਗਾਂ ਉਡਾਉਣ ਲਈ ਸਿੰਥੈਟਿਕ/ਨਾਈਲਨ ਦੀ ਬਣੀ ਡੋਰ, ਚਾਈਨਾ ਡੋਰ ਅਤੇ ਸਿੰਥੈਟਿਕ ਮਾਂਜਾ ਲੱਗੀ ਡੋਰ ਨੂੰ ਵੇਚਣ, ਖ਼ਰੀਦਣ, ਸਟੋਰ ਕਰਨ ਤੇ ਇਸ ਦੀ ਵਰਤੋਂ 'ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ | ਇਹ ਹੁਕਮ 31 ਜਨਵਰੀ 2026 ਤੱਕ ਲਾਗੂ ਰਹਿਣਗੇ, ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਅੱਜ ਕੱਲ੍ਹ ਪਤੰਗ/ਗੁੱਡੀਆਂ ਉਡਾਉਣ ਲਈ ਲੋਕਾਂ ਵਲੋਂ ਚਾਈਨਾ ਡੋਰ ਦੀ ਵਰਤੋਂ ਕੀਤੀ ਜਾਂਦੀ ਹੈ ਤੇ ਇਹ ਡੋਰ ਸੂਤੀ ਧਾਗੇ ਤੋਂ ਹਟ ਕੇ ਪਲਾਸਟਿਕ ਦੀ ਬਣੀ ਹੁੰਦੀ ਹੈ, ਜੋ ਕਾਫ਼ੀ ਮਜ਼ਬੂਤ ਹੁੰਦੀ ਹੈ, ਇਸ ਨਾਲ ਪਤੰਗ ਉਡਾਉਣ ਵਾਲਿਆਂ ਦੇ ਹੱਥ, ਉਂਗਲਾਂ ਕੱਟਣ, ਸਾਈਕਲ ਅਤੇ ਸਕੂਟਰ ਚਾਲਕਾਂ ਦੇ ਗਲੇ ਅਤੇ ਕੰਨ ਕੱਟਣ ਆਦਿ ਦੀਆਂ ਘਟਨਾਵਾਂ ਵਾਪਰਦੀਆਂ ਹਨ ਤੇ ਇਹ ਡੋਰ ਮਨੁੱਖੀ ਜਾਨਾਂ ਅਤੇ ਪੰਛੀਆਂ ਲਈ ਵੀ ਘਾਤਕ ਸਿੱਧ ਹੁੰਦੀ ਹੈ, ਇਸ ਲਈ ਇਸ ਨੂੰ ਰੋਕਣ ਲਈ ਢੁਕਵੇਂ ਕਦਮ ਚੁੱਕਣ ਦੀ ਫ਼ੌਰੀ ਲੋੜ ਹੈ | ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਇਨ੍ਹਾਂ ਹੁਕਮਾਂ ਦੀ ਸੀਨੀਅਰ ਪੁਲਿਸ ਕਪਤਾਨ ਪਾਲਣਾ ਕਰਨੀ ਯਕੀਨੀ ਬਣਾਉਣਗੇ |