ਕਪੂਰਥਲਾ, 2 ਦਸੰਬਰ (ਅਮਨਜੋਤ ਸਿੰਘ ਵਾਲੀਆ)-ਮੁਹੱਲਾ ਲਾਹੌਰੀ ਗੇਟ ਵਿਖੇ ਇਕ 18 ਸਾਲਾ ਲੜਕੀ ਨੇ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ | ਇਸ ਸੰਬੰਧੀ ਰਾਜ ਕੁਮਾਰ ਨੇ ਦੱਸਿਆ ਕਿ ਉਸ ਦੀ ਲੜਕੀ 12ਵੀਂ 'ਚ ਪੜ੍ਹਦੀ ਸੀ, ਅੱਜ ਸਕੂਲ ਤੋਂ ਵਾਪਸ ਘਰ ਆਈ | ਉਨ੍ਹਾਂ ਦੱਸਿਆ ਕਿ ਅਸੀਂ ਘਰ ਵਿਚ ਮੌਜੂਦ ਨਹੀਂ ਸੀ, ਜਦੋਂ ਥੋੜ੍ਹੀ ਦੇਰ ਬਾਅਦ ਘਰ ਆ ਕੇ ਦੇਖਿਆ ਤਾਂ ਉਨ੍ਹਾਂ ਦੀ ਲੜਕੀ ਪੱਖੇ ਨਾਲ ਲਟਕ ਰਹੀ ਸੀ | ਰਾਜ ਕੁਮਾਰ ਨੇ ਦੱਸਿਆ ਕਿ ਉਹ ਆਪਣੀ ਲੜਕੀ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਲੈ ਕੇ ਗਏ, ਜਿੱਥੇ ਡਿਊਟੀ ਡਾ. ਸਾਹਿਲ ਗਰਗ ਵਲੋਂ ਉਸ ਨੂੰ ਮਿ੍ਤਕ ਐਲਾਨ ਦਿੱਤਾ ਗਿਆ | ਉਨ੍ਹਾਂ ਕਥਿਤ ਤੌਰ 'ਤੇ ਦੋਸ਼ ਲਗਾਇਆ ਕਿ ਇਕ ਲੜਕਾ ਉਨ੍ਹਾਂ ਦੀ ਲੜਕੀ ਨੂੰ ਤੰਗ ਪ੍ਰੇਸ਼ਾਨ ਕਰਦਾ ਸੀ ਅਤੇ ਗ਼ਲਤ ਵੀਡੀਓ ਉਸ ਦੇ ਮੋਬਾਈਲ ਫ਼ੋਨ 'ਤੇ ਭੇਜਦਾ ਸੀ, ਜਿਸ ਕਾਰਨ ਉਸ ਦੀ ਲੜਕੀ ਕਾਫ਼ੀ ਦਿਨਾਂ ਤੋਂ ਪ੍ਰੇਸ਼ਾਨ ਚੱਲ ਰਹੀ ਸੀ, ਜਿਸ ਦੇ ਚੱਲਦਿਆਂ ਅੱਜ ਉਸ ਨੇ ਖ਼ੁਦਕੁਸ਼ੀ ਕਰ ਲਈ ਹੈ | ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ ਦੇ ਐਸ.ਐਚ.ਓ. ਅਮਨਦੀਪ ਨਾਹਰ ਮੌਕੇ 'ਤੇ ਪਹੁੰਚੇ ਤੇ ਪਰਿਵਾਰਕ ਮੈਂਬਰਾਂ ਪਾਸੋਂ ਜਾਣਕਾਰੀ ਹਾਸਿਲ ਕਰਕੇ ਮਾਮਲੇ ਦੀ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ ਤੇ ਮਿ੍ਤਕ ਲੜਕੀ ਦੀ ਲਾਸ਼ ਨੂੰ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਖੇ ਰਖਵਾ ਦਿੱਤੀ ਗਈ ਹੈ ਅਤੇ ਪੋਸਟਮਾਰਟਮ ਉਪਰੰਤ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਜਾਵੇਗੀ |