ਖਲਵਾੜਾ, 2 ਦਸੰਬਰ (ਮਨਦੀਪ ਸਿੰਘ ਸੰਧੂ)-ਪਰਮਿੰਦਰ ਪਾਲ ਸਿੰਘ ਕਨਵੀਨਰ ਪੁਰਾਣੀ ਪੈਨਸ਼ਨ ਬਹਾਲ ਸੰਘਰਸ਼ ਕਮੇਟੀ ਨੇ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਟਰਾਂਸਪੋਰਟ ਕਾਮਿਆਂ 'ਤੇ ਕੀਤੇ ਪੁਲਿਸ ਲਾਠੀਚਾਰਜ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਹਰ ਵਰਗ ਦੇ ਲੋਕਾਂ ਖ਼ਾਸ ਕਰਕੇ ਕੱਚੇ ਕਾਮਿਆਂ ਨਾਲ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਮੁਤਾਬਿਕ ਉਨ੍ਹਾਂ ਨੂੰ ਪੱਕੇ ਕਰਨ ਦੀ ਬਜਾਏ ਸੰਘਰਸ਼ ਕਰ ਰਹੇ ਕੱਚੇ ਕਾਮਿਆਂ ਨੂੰ ਡੰਡੇ ਦੇ ਜ਼ੋਰ ਨਾਲ ਦਬਾਉਣ ਦੀ ਘਟੀਆ ਨੀਤੀ 'ਤੇ ਚੱਲਦੇ ਹੋਏ ਉਨ੍ਹਾਂ ਦਾ ਆਰਥਿਕ ਸ਼ੋਸ਼ਣ ਕਰ ਰਹੀ ਹੈ | ਆਗੂਆਂ ਨੇ ਕਿਹਾ ਕਿ ਕੱਚੇ ਮੁਲਾਜ਼ਮ ਪੱਕੇ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ, ਸੋਧੇ ਸਕੇਲਾਂ ਦਾ ਬਕਾਇਆ ਦੇਣ, 17 ਜੁਲਾਈ 2020 ਤੋਂ ਬਾਅਦ ਭਰਤੀ ਮੁਲਾਜ਼ਮਾਂ ਨੂੰ ਪੁਰਾਣੇ ਸਕੇਲਾਂ ਦੀ ਬਹਾਲੀ ਆਦਿ ਮੰਗਾਂ ਲਾਗੂ ਕਰਨ ਦੀ ਬਜਾਏ ਸਰਕਾਰ ਲਗਾਤਾਰ ਟਾਲ ਮਟੋਲ ਕਰ ਰਹੀ ਹੈ | ਉਨ੍ਹਾਂ ਸਰਕਾਰ ਨੂੰ ਚਿਤਾਵਨੀ ਭਰੇ ਲਹਿਜੇ 'ਚ ਕਿਹਾ ਕਿ ਜੇਕਰ ਮੁਲਾਜ਼ਮ ਅਤੇ ਪੈਨਸ਼ਨਰ ਮਸਲੇ ਹੱਲ ਨਾ ਕੀਤੇ ਗਏ ਤਾਂ ਸਮੂਹ ਜਥੇਬੰਦੀਆਂ ਤਿੱਖੇ ਸੰਘਰਸ਼ ਲਈ ਮਜਬੂਰ ਹੋਣਗੀਆਂ |