ਕਪੂਰਥਲਾ, 3 ਦਸੰਬਰ (ਸਡਾਨਾ)-ਸਕੂਲੀ ਵਿਦਿਆਰਥਣ ਵਲੋਂ ਕਥਿਤ ਤੌਰ 'ਤੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦੇ ਮਾਮਲੇ ਸਬੰਧੀ ਸਿਟੀ ਪੁਲਿਸ ਨੇ ਲੜਕੀ ਦੇ ਪਿਤਾ ਦੇ ਬਿਆਨਾਂ ਤਹਿਤ ਇਕ ਲੜਕੇ ਵਿਰੁੱਧ ਲੜਕੀ ਨੂੰ ਮਰਨ ਲਈ ਮਜਬੂਰ ਕਰਨ ਦੇ ਦੋਸ਼ ਹੇਠ ਕੇਸ ਦਰਜ ਕਰਕੇ ਉਸ ਦੀ ਭਾਲ ਹੇਠ ਛਾਪੇਮਾਰੀ ਆਰੰਭ ਕਰ ਦਿੱਤੀ ਹੈ | ਆਪਣੀ ਸ਼ਿਕਾਇਤ ਵਿਚ ਲੜਕੀ ਦੇ ਪਿਤਾ ਰਾਜ ਕੁਮਾਰ ਵਾਸੀ ਮਨਸੂਰਵਾਲ ਦੋਨਾ ਹਾਲ ਵਾਸੀ ਲਾਹੌਰੀ ਗੇਟ ਨੇ ਦੱਸਿਆ ਕਿ ਉਸ ਦੀ ਲੜਕੀ ਸਰਕਾਰੀ ਸਕੂਲ ਵਿਚ 12ਵੀਂ ਜਮਾਤ ਦੀ ਵਿਦਿਆਰਥਣ ਸੀ ਤੇ ਕਥਿਤ ਦੋਸ਼ੀ ਪਵਨਦੀਪ ਵਾਸੀ ਮਨਸੂਰਵਾਲ ਕਲੋਨੀ ਉਸ ਦੀ ਲੜਕੀ ਨੂੰ ਤੰਗ ਪ੍ਰੇਸ਼ਾਨ ਕਰਦਾ ਸੀ | ਪਵਨਦੀਪ ਨੂੰ ਸਮਝਾਉਣ ਤੋਂ ਬਾਅਦ ਵੀ ਉਹ ਆਪਣੀਆਂ ਹਰਕਤਾਂ ਤੋਂ ਬਾਜ ਨਹੀਂ ਆਇਆ ਤੇ ਉਸ ਦੀ ਲੜਕੀ ਨੂੰ ਫ਼ੋਨ ਕਰਕੇ ਪ੍ਰੇਸ਼ਾਨ ਕਰਦਾ ਰਹਿੰਦਾ ਸੀ ਤੇ ਆਪਣੇ ਨਾਲ ਵਿਆਹ ਕਰਵਾਉਣ ਲਈ ਮਜਬੂਰ ਕਰਦਾ ਸੀ | ਸ਼ਿਕਾਇਤਕਰਤਾ ਨੇ ਦੱਸਿਆ ਕਿ ਕਥਿਤ ਦੋਸ਼ੀ ਉਸ ਦੀ ਲੜਕੀਆਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਕਰਨ ਦੀਆਂ ਉਸ ਨੂੰ ਧਮਕੀਆਂ ਦਿੰਦਾ ਸੀ, ਜਿਸ ਦੇ ਚੱਲਦਿਆਂ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਹੋ ਕੇ ਉਸ ਦੀ ਲੜਕੀ ਨੇ ਘਰ ਵਿਚ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ | ਸਿਟੀ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ਤਹਿਤ ਲੜਕੇ ਪਵਨਦੀਪ ਵਿਰੁੱਧ ਕੇਸ ਦਰਜ ਕਰਕੇ ਉਸ ਦੀ ਭਾਲ ਹੇਠ ਛਾਪੇਮਾਰੀ ਆਰੰਭ ਕਰ ਦਿੱਤੀ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਏ.ਐਸ.ਆਈ. ਗੁਰਸ਼ਰਨ ਸਿੰਘ ਵਲੋਂ ਕੀਤੀ ਜਾ ਰਹੀ ਹੈ |