ਕਪੂਰਥਲਾ, 8 ਦਸੰਬਰ (ਅਮਨਜੋਤ ਸਿੰਘ ਵਾਲੀਆ)-ਅੱਜ ਸਵੇਰੇ 11 ਵਜੇ ਦੇ ਕਰੀਬ ਦੇਵੀ ਤਲਾਬ ਨੇੜੇ ਆਪਣੇ ਸਾਈਕਲ 'ਤੇ ਘਰ ਜਾ ਰਹੇ ਇਕ ਵਿਅਕਤੀ ਦਾ ਮੋਟਰਸਾਈਕਲ ਸਵਾਰ ਲੁਟੇਰਾ ਮੋਬਾਈਲ ਫੋਨ ਖੋਹ ਕੇ ਫਰਾਰ ਹੋ ਗਿਆ | ਇਸ ਸੰਬੰਧੀ ਸਮਾਜ ਸੇਵਕ ਗੁਰਮੁੱਖ ਸਿੰਘ ਡੋਡ ਨੇ ਦੱਸਿਆ ਕਿ ਉਹ ਆਪਣੇ ਸਾਈਕਲ 'ਤੇ ਸਵਾਰ ਹੋ ਕੇ ਮਾਲ ਰੋਡ ਤੋਂ ਆਪਣੇ ਘਰ ਜਾ ਰਿਹਾ ਸੀ, ਜਦੋਂ ਉਹ ਦੇਵੀ ਤਲਾਬ ਨੇੜੇ ਪਹੁੰਚਿਆ ਤਾਂ ਪਿੱਛੋਂ ਆਇਆ ਇਕ ਮੋਟਰਸਾਈਕਲ ਸਵਾਰ ਲੁਟੇਰਾ ਉਸ ਦੀ ਜੇਬ 'ਚੋਂ ਮੋਬਾਈਲ ਫੋਨ ਕੱਢ ਕੇ ਮੌਕੇ ਤੋਂ ਫਰਾਰ ਹੋ ਗਿਆ | ਉਨ੍ਹਾਂ ਕਿਹਾ ਕਿ ਕਪੂਰਥਲਾ ਸ਼ਹਿਰ ਵਿਚ ਆਏ ਦਿਨ ਲੁੱਟਾਂ ਖੋਹਾਂ ਤੇ ਚੋਰੀ ਦੀਆਂ ਵਾਰਦਾਤਾਂ ਦਿਨ ਪ੍ਰਤੀ ਦਿਨ ਵੱਧਦੀਆ ਜਾ ਰਹੀਆਂ ਹਨ, ਜਿਸ ਨੂੰ ਠੱਲ ਪਾਉਣ ਲਈ ਪੁਲਿਸ ਪ੍ਰਸ਼ਾਸਨ ਨਕਾਮ ਸਾਬਿਤ ਹੋ ਰਿਹਾ ਹੈ | ਉਨ੍ਹਾਂ ਪੁਲਿਸ ਪ੍ਰਸ਼ਾਸਨ ਪਾਸੋਂ ਮੰਗ ਕੀਤੀ ਕਿ ਇਨ੍ਹਾਂ ਲੁੱਟ ਖੋਹ ਤੇ ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ ਲੁਟੇਰਿਆਂ ਨੂੰ ਜਲਦ ਕਾਬੂ ਕਰਕੇ ਕਪੂਰਥਲਾ ਵਾਸੀਆਂ ਨੂੰ ਨਿਜ਼ਾਤ ਦਿਵਾਈ ਜਾਵੇ |