ਸੁਭਾਨਪੁਰ, 8 ਦਸੰਬਰ (ਸਤਨਾਮ ਸਿੰਘ)-ਐਸ.ਐਸ.ਪੀ. ਗੌਰਵ ਤੂਰਾ ਵਲੋਂ ਨਸ਼ੇ ਦੇ ਸੁਦਾਗਰਾਂ ਨੂੰ ਕਾਬੂ ਕਰਕੇ ਸਲਾਖ਼ਾਂ ਪਿੱਛੇ ਸੁੱਟਣ ਦੀ ਚਲਾਈ ਗਈ ਮੁਹਿੰਮ ਤਹਿਤ ਥਾਣਾ ਸੁਭਾਨਪੁਰ ਦੀ ਪੁਲਿਸ ਵੱਲੋਂ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਕਥਿਤ ਤੌਰ ਤੇ 6 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦੀ ਸਫਲਤਾ ਪ੍ਰਾਪਤ ਕੀਤੀ ਹੈ | ਜਾਣਕਾਰੀ ਅਨੁਸਾਰ ਥਾਣਾ ਸੁਭਾਨਪੁਰ ਦੇ ਐਸ.ਐਚ.ਓ. ਇੰਸਪੈਕਟਰ ਬਿਕਰਮਜੀਤ ਸਿੰਘ ਚੌਹਾਨ ਨੇ ਦੱਸਿਆ ਕਿ ਏ.ਐਸ.ਆਈ. ਬਖ਼ਸ਼ੀਸ਼ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਕਰਦੇ ਹੋਏ ਜਦੋਂ ਡੋਗਰਾਂਵਾਲ, ਹਮੀਰਾ ਦਿਆਲਪੁਰ ਤੋਂ ਹੁੰਦੀ ਹੋਈ ਹਮੀਰਾ ਦੇ ਫਲਾਈ ਓਵਰ ਪੁਲ ਤੋਂ ਥੋੜ੍ਹਾ ਪਿੱਛੇ ਸਨ ਤਾਂ ਇਕ ਵਿਅਕਤੀ ਆਉਂਦਾ ਦਿਖਾਈ ਦਿੱਤਾ | ਜਿਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸ ਨੇ ਆਪਣੀ ਜੇਬ ਵਿਚੋਂ ਲਿਫ਼ਾਫ਼ਾ ਸੁੱਟ ਕੇ ਭੱਜਣ ਦੀ ਕੋਸ਼ਿਸ਼ ਕੀਤੀ | ਜਿਸ ਨੂੰ ਪੁਲਿਸ ਪਾਰਟੀ ਨੇ ਕਾਬੂ ਕਰਕੇ ਜਦੋਂ ਉਸ ਦਾ ਨਾਂਅ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਂਅ ਜੋਤ ਸਿੰਘ ਉਰਫ਼ ਯੋਧਾ ਪੁੱਤਰ ਗੁਰਦਿੱਤ ਸਿੰਘ ਵਾਸੀ ਪਿੰਡ ਹਮੀਰਾ ਥਾਣਾ ਸੁਭਾਨਪੁਰ ਦੱਸਿਆ | ਉਕਤ ਵਿਅਕਤੀ ਵੱਲੋਂ ਸੁੱਟੇ ਗਏ ਲਿਫ਼ਾਫ਼ੇ ਦੀ ਜਦੋਂ ਜਾਂਚ ਕੀਤੀ ਗਈ ਤਾਂ ਉਸ ਦੇ ਵਿਚੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ | ਉਕਤ ਵਿਅਕਤੀ ਦੇ ਖ਼ਿਲਾਫ਼ ਕਾਰਵਾਈ ਕਰਦਿਆਂ ਥਾਣਾ ਸੁਭਾਨਪੁਰ ਵਿਖੇ ਮੁਕੱਦਮਾ ਦਰਜ ਕਰਕੇ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ |