11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਪੰਜਾਬ 'ਚ ਹਰੇਕ ਪਰਿਵਾਰ ਨੂੰ ਮਿਲੇਗਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ

ਅਜੀਤ ਡੈਸਕ 23-01-2026

ਕੇਜਰੀਵਾਲ ਤੇ ਭਗਵੰਤ ਮਾਨ ਨੇ ਪੂਰੀ ਕੀਤੀ 'ਸਿਹਤ ਗਰੰਟੀ'
ਪ੍ਰੋ. ਅਵਤਾਰ ਸਿੰਘ

ਐੱਸ. ਏ. ਐੱਸ. ਨਗਰ, 22 ਜਨਵਰੀ-ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਮਿਆਰੀ ਅਤੇ ਨਕਦੀ ਰਹਿਤ ਇਲਾਜ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਅੱਜ 'ਮੁੱਖ ਮੰਤਰੀ ਸਿਹਤ ਯੋਜਨਾ' ਦੀ ਸ਼ੁਰੂਆਤ ਕੀਤੀ ਗਈ, ਜਿਸ ਨਾਲ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਮਿਲੇਗੀ | ਇਸ ਸੰਬੰਧ 'ਚ ਮੁਹਾਲੀ ਦੇ ਵਿਕਾਸ ਭਵਨ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜੀਰਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੈਬਨਿਟ ਮੰਤਰੀਆਂ ਅਤੇ 'ਆਪ' ਦੇ ਸੀਨੀਅਰ ਆਗੂਆਂ ਦੀ ਹਾਜ਼ਰੀ 'ਚ ਇਸ ਯੋਜਨਾ ਦਾ ਆਗਾਜ਼ ਕੀਤਾ ਗਿਆ | ਇਸ ਯੋਜਨਾ ਦੇ ਲਾਗੂ ਹੋਣ ਨਾਲ ਅਮੀਰਾਂ ਦੀ ਪਹੁੰਚ 'ਚ ਆਉਂਦੇ ਸਭ ਤੋਂ ਮਹਿੰਗੇ ਨਿੱਜੀ ਹਸਪਤਾਲ ਵੀ ਗਰੀਬਾਂ ਲਈ ਖੋਲ੍ਹ ਦਿੱਤੇ ਗਏ ਹਨ | ਇਸ ਮੌਕੇ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੁਝ ਯੋਗ ਲਾਭਪਾਤਰੀਆਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਵੀ ਸੌਂਪੇ ਗਏ | ਇਸ ਮੌਕੇ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਅਧੀਨ ਪੰਜਾਬ ਹੁਣ ਦੇਸ਼ ਦਾ ਅਜਿਹਾ ਪਹਿਲਾ ਸੂਬਾ ਬਣ ਗਿਆ ਹੈ ਜਿਸ ਨੇ ਔਰਤਾਂ ਲਈ ਮੁਫ਼ਤ ਸਿਹਤ ਸੰਭਾਲ, ਮੁਫ਼ਤ ਸਿੱਖਿਆ, ਮੁਫ਼ਤ ਬਿਜਲੀ ਅਤੇ ਮੁਫ਼ਤ ਬੱਸ ਯਾਤਰਾ ਦੀ ਸਹੂਲਤ ਦਿੱਤੀ ਹੈ | ਉਨ੍ਹਾਂ 'ਆਪ' ਸਰਕਾਰ ਵਲੋਂ ਸਿਹਤ ਦੇ ਖੇਤਰ 'ਚ ਮੁਹੱਈਆ ਕਰਵਾਈਆਂ ਗਈ ਗਰੰਟੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਅਗਲੇ ਚਾਰ ਤੋਂ ਪੰਜ ਮਹੀਨਿਆਂ 'ਚ 2,500 ਹੋਰ 'ਪਿੰਡ ਕਲੀਨਿਕ' ਖੋਲ੍ਹੇ ਜਾਣਗੇ | ਇਸੇ ਦੌਰਾਨ ਆਪਣੇ ਸੰਬੋਧਨ 'ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਗੁਰੂ ਸਾਹਿਬਾਨਾਂ ਵਲੋਂ ਦਿੱਤੇ ਗਏ ਸਰਬੱਤ ਦੇ ਭਲੇ ਦੇ ਸੁਨੇਹੇ 'ਤੇ ਅਮਲ ਕਰਦਿਆਂ ਇਹ ਯੋਜਨਾ ਸਮਾਜ ਦੇ ਸਾਰੇ ਵਰਗਾਂ ਲਈ ਸ਼ੁਰੂ ਕੀਤੀ ਗਈ ਹੈ, ਜਿਸ ਨਾਲ ਸੂਬੇ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾਣਗੇ | ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰੀ ਕਰਮਚਾਰੀ, ਪੈਨਸ਼ਨਰ ਅਤੇ ਹਰ ਕੋਈ ਨਾਗਰਿਕ ਸਿਹਤ ਕਾਰਡ ਲਈ ਯੋਗ ਹੋਵੇਗਾ | ਉਨ੍ਹਾਂ ਕਿਹਾ ਕਿ ਇਹ ਸਿਹਤ ਕਾਰਡ ਸੁਵਿਧਾ ਕੇਂਦਰਾਂ ਅਤੇ ਕਾਮਨ ਸਰਵਿਸ ਸੈਂਟਰਾਂ ਤੋਂ ਜਾਂ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਵਰਤੋਂ ਕਰਕੇ ਆਨਲਾਈਨ ਰਜਿਸਟ੍ਰੇਸ਼ਨ ਰਾਹੀਂ ਪ੍ਰਾਪਤ ਕੀਤੇ ਜਾ ਸਕਦੇ ਹਨ | ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ 850 ਸਰਕਾਰੀ ਅਤੇ ਨਿੱਜੀ ਹਸਪਤਾਲ ਪਹਿਲਾਂ ਹੀ ਸੂਚੀਬੱਧ ਕੀਤੇ ਜਾ ਚੁੱਕੇ ਹਨ ਅਤੇ ਆਉਣ ਵਾਲੇ ਦਿਨਾਂ 'ਚ ਹੋਰ ਹਸਪਤਾਲ ਸ਼ਾਮਿਲ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਇਸ ਸਿਹਤ ਯੋਜਨਾ ਅਧੀਨ ਆਰਥੋਪੈਡਿਕਸ, ਜਨਰਲ ਮੈਡੀਸਨ, ਕਾਰਡੀਓਲੋਜੀ, ਨਿਊਰੋਲੋਜੀ, ਨੈਫਰੋਲੋਜੀ, ਯੂਰੋਲੋਜੀ, ਓਨਕੋਲੋਜੀ ਸਮੇਤ ਹੋਰ ਵਿਸ਼ੇਸ਼ ਇਲਾਜ ਸੇਵਾਵਾਂ ਲੋਕਾਂ ਨੂੰ ਪ੍ਰਦਾਨ ਕੀਤੀਆਂ ਜਾਣਗੀਆਂ | ਇਸ ਤੋਂ ਇਲਾਵਾ ਦਿਲ ਨਾਲ ਸੰਬੰਧਿਤ ਅਤੇ ਕੈਂਸਰ ਦੇ ਇਲਾਜ, ਕਿਡਨੀ ਡਾਇਲਸਿਸ ਅਤੇ ਟਰਾਂਸਪਲਾਂਟ, ਦਿਮਾਗ ਅਤੇ ਰੀੜ੍ਹ ਦੀ ਹੱਡੀ ਦੀਆਂ ਸਰਜਰੀਆਂ, ਜਣੇਪਾ ਅਤੇ ਨਵਜੰਮੇ ਬੱਚਿਆਂ ਦੀ ਦੇਖਭਾਲ, ਦੁਰਘਟਨਾ ਅਤੇ ਐਮਰਜੈਂਸੀ, ਗੋਡੇ ਅਤੇ ਚੂਲੇ ਦੀਆਂ ਸਰਜਰੀਆਂ, ਮੋਤੀਆਬਿੰਦ ਸਰਜਰੀ ਅਤੇ ਹੋਰ ਇਲਾਜ ਸੇਵਾਵਾਂ ਵੀ ਇਸ ਯੋਜਨਾ 'ਚ ਸ਼ਾਮਿਲ ਹਨ | ਉਨ੍ਹਾਂ ਕਿਹਾ ਕਿ ਹਸਪਤਾਲ ਦੇ ਖਰਚਿਆਂ ਦੇ ਨਾਲ-ਨਾਲ ਡਾਇਗਨੌਸਟਿਕ ਸੇਵਾਵਾਂ ਨੂੰ ਵੀ ਇਸ ਸਕੀਮ ਅਧੀਨ ਸ਼ਾਮਿਲ ਕੀਤਾ ਗਿਆ ਹੈ | 'ਆਪ' ਪੰਜਾਬ ਦੇ ਕੋ-ਇੰਚਾਰਜ ਸਤਿੰਦਰ ਜੈਨ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵੀ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਸਿਹਤ ਯੋਜਨਾ ਦੀਆਂ ਵਿਸ਼ੇਸ਼ਤਾਵਾਂ 'ਤੇ ਚਾਨਣਾ ਪਾਇਆ | ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, 'ਆਪ' ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ, ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਵਿਧਾਇਕ ਕੁਲਵੰਤ ਸਿੰਘ, 'ਆਪ ਦੇ ਜਨਰਲ ਸਕੱਤਰ ਤੇ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ, ਮੁੱਖ ਸਕੱਤਰ ਕੇ. ਏ. ਪੀ. ਸਿਨਹਾ, ਕੁਮਾਰ ਰਾਹੁਲ ਪ੍ਰਸ਼ਾਸਕੀ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਸੰਯਮ ਅਗਰਵਾਲ ਮੁੱਖ ਕਾਰਜਕਾਰੀ ਅਫ਼ਸਰ ਸੂਬਾਈ ਸਿਹਤ ਏਜੰਸੀ ਸਮੇਤ ਪੰਜਾਬ ਭਰ ਦੇ ਵੱਖ-ਵੱਖ ਹਸਪਤਾਲਾਂ ਦੇ ਨੁਮਾਇੰਦੇ ਹਾਜ਼ਰ ਸਨ |

ਪਿਛਲੀ ਖ਼ਬਰ '84 ਦੇ ਇਕ ਮਾਮਲੇ 'ਚ ਦਿੱਲੀ ਅਦਾਲਤ ਵਲੋਂ ਸੱਜਣ ਕੁਮਾਰ ਬਰੀ ਅਗਲੀ ਖ਼ਬਰ ਸ਼ਹਿਰ ਦੇ ਪ੍ਰਮੁੱਖ ਬਾਜ਼ਾਰਾਂ 'ਚ ਦੁਕਾਨਦਾਰਾਂ ਦੇ ਕਰਿੰਦੇ ਸ਼ਰੇਆਮ ਰੋਕਦੇ ਨੇ ਔਰਤਾਂ ਦਾ ਰਾਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।