ਚੰਡੀਗੜ੍ਹ, 29 ਮਾਰਚ (ਸੰਦੀਪ ਕੁਮਾਰ ਮਾਹਨਾ)ਚੰਡੀਗੜ੍ਹ ਸਮੇਤ ਪੰਜਾਬ ਭਰ 'ਚ ਐਤਵਾਰ ਸਵੇਰੇ ਤੋਂ ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ | ਸਵੇਰ ਦੀ ਸ਼ੁਰੂਆਤ ਬੱਦਲਵਾਈ ਤੇ ਹਲਕੇ ਮੀਂਹ ਨਾਲ ਹੋਈ, ਜਿਸ ਨਾਲ ਮੌਸਮ ਸੁਹਾਵਣਾ ਹੋ ਗਿਆ ਤੇ ਤਾਪਮਾਨ 'ਚ ਵੀ ਕਮੀ ਦਰਜ ਕੀਤੀ ਗਈ | ਸੂਬੇ ਦੇ ਜ਼ਿਆਦਾਤਰ ਇਲਾਕਿਆਂ 'ਚ ਸਵੇਰ ਤੋਂ ਹੀ ਬੱਦਲ ਬਣੇ ਰਹੇ ਅਤੇ ਕਈ ਥਾਵਾਂ 'ਤੇ ਰੁਕ-ਰੁਕ ਕੇ ਮੀਂਹ ਪੈਂਦਾ ਰਿਹਾ | ਮੌਸਮ ਵਿਭਾਗ ਅਨੁਸਾਰ ਪੱਛਮੀ ਗੜਬੜ ਦੇ ਸਰਗਰਮ ਹੋਣ ਕਾਰਨ ਇਹ ਤਬਦੀਲੀ ਆਈ ਹੈ, ਜਿਸ ਦਾ ਅਸਰ ਅਗਲੇ 48 ਘੰਟਿਆਂ ਤੱਕ ਜਾਰੀ ਰਹਿਣ ਦੀ ਸੰਭਾਵਨਾ ਹੈ | ਵਿਭਾਗ ਵਲੋਂ ਸੋਮਵਾਰ ਲਈ ਵੀ ਪੰਜਾਬ 'ਚ ਮੀਂਹ, ਗੜ੍ਹੇਮਾਰੀ ਅਤੇ ਤੇਜ਼ ਹਵਾਵਾਂ ਨੂੰ ਲੈ ਕੇ ਓਰੇਂਜ਼ ਚਿਤਾਵਨੀ ਜਾਰੀ ਕੀਤੀ ਗਈ ਹੈ | ਇਸ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ | ਕੁਝ ਇਲਾਕਿਆਂ 'ਚ ਗੜ੍ਹੇਮਾਰੀ ਹੋਣ ਦੀ ਵੀ ਸੰਭਾਵਨਾ ਹੈ | ਇਸ ਸਮੇਂ ਕਣਕ ਦੀ ਫ਼ਸਲ ਪੂਰੀ ਤਰਾਂ ਤਿਆਰ ਖੜੀ ਹੈ ਅਤੇ ਕਈ ਥਾਵਾਂ 'ਤੇ ਵਾਢੀ ਵੀ ਸ਼ੁਰੂ ਹੋਣ ਵਾਲੀ ਹੈ | ਅਜਿਹੇ 'ਚ ਤੇਜ਼ ਹਵਾਵਾਂ ਅਤੇ ਮੀਂਹ ਨਾਲ ਫਸਲ ਡਿੱਗਣ ਦਾ ਖ਼ਤਰਾ ਵੱਧ ਜਾਂਦਾ ਹੈ | ਇਸ ਮੌਸਮੀ ਤਬਦੀਲੀ ਕਾਰਨ ਦਿਨ ਅਤੇ ਰਾਤ ਦੇ ਤਾਪਮਾਨ 'ਚ 3 ਤੋਂ 4 ਡਿਗਰੀ ਸੈਲਸੀਅਸ ਤੱਕ ਦੀ ਕਮੀ ਦਰਜ ਕੀਤੀ ਜਾ ਸਕਦੀ ਹੈ |