20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

'ਆਪ' ਸਰਕਾਰ ਦੌਰਾਨ ਸਿੱਖਿਆ ਖੇਤਰ 'ਚ ਪੰਜਾਬ ਦੇ ਸਕੂਲਾਂ ਨੇ ਮਾਰੀ ਬਾਜ਼ੀ-ਭਗਵੰਤ ਮਾਨ <br/>

ਅਜੀਤ ਡੈਸਕ 31-03-2026

ਚੰਡੀਗੜ੍ਹ, 30 ਮਾਰਚ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 'ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ' ਲੜੀ ਤਹਿਤ ਪੰਜਾਬ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਦਾ ਚਾਰ ਸਾਲਾਂ ਦਾ ਵਿਸਥਾਰਤ ਰਿਪੋਰਟ ਕਾਰਡ ਪੇਸ਼ ਕੀਤਾ | 'ਸਿੱਖਿਆ ਕ੍ਰਾਂਤੀ' ਨੂੰ ਪੰਜਾਬ ਦੇ ਵਿਕਾਸ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਮੁੱਖ ਮੰਤਰੀ ਨੇ ਕੌਮੀ ਮੁਲਾਂਕਣ 'ਚ ਚੋਟੀ ਦੀਆਂ ਦਰਜਾਬੰਦੀਆਂ, ਰਿਕਾਰਡ ਅਕਾਦਮਿਕ ਨਤੀਜੇ, ਜ਼ੀਰੋ ਪੇਪਰ ਲੀਕ ਅਤੇ ਬੁਨਿਆਦੀ ਢਾਂਚੇ ਅਤੇ ਅਧਿਆਪਕ ਸਿਖਲਾਈ 'ਚ ਕੀਤੇ ਬੇਮਿਸਾਲ ਨਿਵੇਸ਼ 'ਤੇ ਚਾਨਣਾ ਪਾਇਆ | ਉਨ੍ਹਾਂ ਨੇ ਕਿਹਾ ਕਿ ਇਸ ਤਬਦੀਲੀ ਨੂੰ ਯਕੀਨੀ ਬਣਾਉਣ ਲਈ ਵਿਆਪਕ ਵਿੱਤੀ ਪ੍ਰਬੰਧ ਕੀਤੇ ਗਏ ਹਨ | ਸਾਲ 2021-22 'ਚ ਸਿੱਖਿਆ ਬਜਟ 12,657 ਕਰੋੜ ਰੁਪਏ ਸੀ ਜੋ 2026-27 ਵਿਚ ਵਧਾ ਕੇ 19,279 ਕਰੋੜ ਰੁਪਏ ਕੀਤਾ ਗਿਆ ਹੈ ਜੋ 'ਆਪ' ਸਰਕਾਰ ਵਲੋਂ ਇਸ ਖੇਤਰ ਨੂੰ ਦਿੱਤੀ ਜਾ ਰਹੀ ਤਰਜੀਹ ਨੂੰ ਦਰਸਾਉਂਦਾ ਹੈ | ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਸਕੂਲ ਤੇ ਉਚੇਰੀ ਸਿੱਖਿਆ 'ਚ ਕੀਤੇ ਵਿਆਪਕ ਸੁਧਾਰਾਂ ਦੀ ਰੂਪ-ਰੇਖਾ ਪੇਸ਼ ਕੀਤੀ ਜਿਸ 'ਚ ਪਿਛਲੇ ਚਾਰ ਸਾਲਾਂ 'ਚ ਕੀਤੇ ਗਏ ਢਾਂਚਾਗਤ ਸੁਧਾਰਾਂ, ਰਿਕਾਰਡ ਨਿਵੇਸ਼ ਅਤੇ ਨਤੀਜਿਆਂ ਨੂੰ ਉਜਾਗਰ ਕੀਤਾ ਗਿਆ | ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਕੂਲਾਂ ਨੂੰ ਸਿਰਫ ਮਿਡ ਡੇ ਮੀਲ ਦੇ ਕੇਂਦਰਾਂ ਤੱਕ ਸੀਮਿਤ ਕਰ ਦਿੱਤਾ ਸੀ ਪਰ ਸਾਡੀ ਸਰਕਾਰ ਨੇ ਪੂਰੀ ਪ੍ਰਣਾਲੀ ਨੂੰ ਬਦਲ ਦਿੱਤਾ ਹੈ | ਸਰਕਾਰੀ ਸਕੂਲਾਂ 'ਚ ਹੁਣ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਜਿਸ ਨਾਲ ਮਾਪਿਆਂ ਨੂੰ ਬਿਹਤਰ ਬਦਲ ਮਿਲੇਗਾ | ਇਕ ਅਪ੍ਰੈਲ ਤੋਂ ਮਾਪਿਆਂ ਨੂੰ ਉਨ੍ਹਾਂ ਦੇ ਬੱਚੇ ਦੀ ਸਕੂਲ ਤੋਂ ਗੈਰ-ਹਾਜ਼ਰੀ ਅਤੇ ਅਧਿਆਪਕਾਂ ਦੀ ਛੁੱਟੀ ਬਾਰੇ ਵੀ ਸੂਚਿਤ ਕੀਤਾ ਜਾਵੇਗਾ, ਜਿਸ ਨਾਲ ਹਰ ਪੱਧਰ 'ਤੇ ਜਵਾਬਦੇਹੀ ਯਕੀਨੀ ਬਣਾਈ ਜਾ ਸਕੇਗੀ | ਕਈ ਹੋਰ ਸੂਬਿਆਂ ਖਾਸ ਕਰਕੇ ਗੁਜਰਾਤ ਦੇ ਉਲਟ ਪਿਛਲੇ ਚਾਰ ਸਾਲਾਂ 'ਚ ਪੰਜਾਬ 'ਚ ਇਕ ਵੀ ਪੇਪਰ ਲੀਕ ਦੀ ਘਟਨਾ ਸਾਹਮਣੇ ਨਹੀਂ ਆਈ | ਉਨ੍ਹਾਂ ਕਿਹਾ ਕਿ ਸਾਡੇ ਸਿੱਖਿਆ ਮਾਡਲ ਦੀ ਚਰਚਾ ਦੇਸ਼ ਭਰ 'ਚ ਹੋ ਰਹੀ ਹੈ | ਸਿੱਖਿਆ ਲਈ ਵਿੱਤੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਵਿੱਤੀ ਸਾਲ 2026-27 ਲਈ 19,279 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਗਿਆ ਹੈ ਜੋ ਕਿ ਪਿਛਲੇ ਸਾਲ ਨਾਲੋਂ 7 ਫੀਸਦ ਵੱਧ ਹੈ | ਅਸੀਂ 3,500 ਕਰੋੜ ਰੁਪਏ ਨਾਲ ਸਿੱਖਿਆ ਕ੍ਰਾਂਤੀ ਦੇ ਦੂਜੇ ਪੜਾਅ ਦੀ ਸ਼ੁਰੂਆਤ ਕਰ ਰਹੇ ਹਾਂ | ਮੁੱਖ ਮੰਤਰੀ ਨੇ ਕਿਹਾ ਕਿ 'ਨੈਸ਼ਨਲ ਅਚੀਵਮੈਂਟ ਸਰਵੇ-2024' ਵਿਚ ਪੰਜਾਬ ਨੇ ਕੇਰਲ ਨੂੰ ਵੀ ਪਛਾੜ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਉਨ੍ਹਾਂ ਕਿਹਾ ਕਿ ਹਾਲ ਹੀ ਦੇ ਸਾਲਾਂ 'ਚ 740 ਵਿਦਿਆਰਥੀਆਂ ਨੇ ਜੇ.ਈ.ਈ. ਪ੍ਰੀਖਿਆ ਅਤੇ 1284 ਨੇ ਨੀਟ ਪ੍ਰੀਖਿਆ ਪਾਸ ਕੀਤੀ ਹੈ | ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਸਰਵੇਖਣ 'ਚ ਰਾਸ਼ਟਰੀ ਔਸਤ ਨਾਲੋਂ 18 ਫੀਸਦ ਵੱਧ ਅੰਕ ਪ੍ਰਾਪਤ ਕੀਤੇ ਹਨ | ਮੁੱਖ ਮੰਤਰੀ ਨੇ ਕਿਹਾ ਕਿ 118 ਸਕੂਲ ਆਫ ਐਮੀਨੈਂਸ ਸਥਾਪਤ ਕੀਤੇ ਜਾ ਰਹੇ ਹਨ, ਜਿਨ੍ਹਾਂ 'ਚੋਂ 60 ਪਹਿਲਾਂ ਹੀ ਕਾਰਜਸ਼ੀਲ ਹਨ | ਪਹਿਲੀ ਵਾਰ 24 ਲੱਖ ਮਾਪਿਆਂ ਨੇ ਮੈਗਾ ਪੀ.ਟੀ.ਐਮ. 'ਚ ਹਿੱਸਾ ਲਿਆ ਹੈ | ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਸਕੂਲਾਂ 'ਚ 30,000 ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਪ੍ਰਦਾਨ ਕੀਤੀਆਂ ਗਈਆਂ ਹਨ ਅਤੇ ਮੈਡੀਕਲ ਤੇ ਨਾਨ-ਮੈਡੀਕਲ ਸਮੇਤ ਹਰ ਸਟਰੀਮ ਦੀ ਪੜ੍ਹਾਈ ਉਪਲਬਧ ਹੈ | ਇਸਦੇ ਨਾਲ ਹੀ ਵਿਦਿਆਰਥੀਆਂ ਨੂੰ ਆਰਮਡ ਫੋਰਸਿਜ਼ ਪ੍ਰੈਪਰੇਟਰੀ, ਨੀਟ, ਜੇ.ਈ.ਈ., ਅਤੇ ਕਲੈਟ ਵਰਗੀਆਂ ਪ੍ਰੀਖਿਆਵਾਂ ਲਈ ਕੋਚਿੰਗ ਵੀ ਪ੍ਰਦਾਨ ਕੀਤੀ ਜਾ ਰਹੀ ਹੈ | ਇਸ ਤੋਂ ਇਲਾਵਾ ਸਕੂਲ ਆਫ ਐਮੀਨੈਂਸ ਅਤੇ ਸਰਕਾਰੀ ਸਕੂਲਾਂ 'ਚ ਲੜਕੀਆਂ ਲਈ ਮੁਫ਼ਤ ਬੱਸ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ | ਉਨ੍ਹਾਂ ਅੱਗੇ ਕਿਹਾ ਕਿ ਅਪ੍ਰੈਲ 2022 ਤੋਂ 14,525 ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ ਅਤੇ ਸਿੱਖਿਆ ਵਿਭਾਗ ਦੇ 12,316 ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ ਗਿਆ ਹੈ | ਸਮਰੱਥਾ ਨਿਰਮਾਣ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਇਸ ਉਦੇਸ਼ ਲਈ 264 ਸਿੱਖਿਆ ਅਧਿਕਾਰੀਆਂ, ਪਿ੍ੰਸੀਪਲਾਂ ਅਤੇ ਅਧਿਆਪਕਾਂ ਦੇ ਅੱਠ ਬੈਚ ਸਿੰਗਾਪੁਰ ਭੇਜੇ ਗਏ ਹਨ | ਇਸ ਦੇ ਨਾਲ ਹੀ 216 ਪ੍ਰਾਇਮਰੀ ਅਧਿਆਪਕਾਂ ਦੇ ਤਿੰਨ ਬੈਚ ਫਿਨਲੈਂਡ ਦੇ ਤੁਰਕੂ ਵਿਖੇ ਸਿਖਲਾਈ ਲਈ ਭੇਜੇ ਗਏ | ਪੰਜ ਬੈਚ ਆਈ.ਆਈ.ਐਮ. ਅਹਿਮਦਾਬਾਦ ਭੇਜੇ ਗਏ | ਅੰਮਿ੍ਤਸਰ ਦੇ ਸੈਂਸਰਾ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੋਂ ਸਾਇੰਸ ਅਧਿਆਪਕਾ ਗਗਨਦੀਪ ਕੌਰ ਨੇ ਕੈਲੀਫੋਰਨੀਆ ਸਟੇਟ ਯੂਨੀਵਰਸਿਟੀ, ਅਮਰੀਕਾ ਵਿਖੇ ਦੋ ਮਹੀਨਿਆਂ ਦੇ ਪ੍ਰੋਗਰਾਮ ਵਿੱਚ ਹਿੱਸਾ ਲਿਆ, ਜੋ ਸਾਡੇ ਅਧਿਆਪਕਾਂ ਦੇ ਸਮਰਪਣ ਅਤੇ ਸਮਰੱਥਾ ਨੂੰ ਦਰਸਾਉਂਦਾ ਹੈ | ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਸਰਕਾਰੀ ਸਕੂਲਾਂ 'ਚ ਸਹੀ ਰੱਖ-ਰਖਾਅ ਅਤੇ ਸੁਰੱਖਿਆ ਨੂੰ ਯਕੀਨੀ ਬਣਾ ਰਹੇ ਹਾਂ | ਇਸ ਉਦੇਸ਼ ਲਈ ਕੁੱਲ 1,932 ਕੈਂਪਸ ਮੈਨੇਜਰ, 1,323 ਸੁਰੱਖਿਆ ਗਾਰਡ, 7,876 ਸਫਾਈ ਕਰਮਚਾਰੀ ਅਤੇ 1,792 ਚੌਕੀਦਾਰ ਭਰਤੀ ਕੀਤੇ ਗਏ ਹਨ | ਇਸ ਦੇ ਨਾਲ ਹੀ 20 ਕਰੋੜ ਰੁਪਏ ਦੇ ਬਜਟ ਨਾਲ ਸਾਰੇ ਸਰਕਾਰੀ ਸਕੂਲਾਂ ਵਿਚ ਹਾਈ-ਸਪੀਡ ਫਾਈਬਰ ਵਾਈ-ਫਾਈ ਸਹੂਲਤ ਦਿੱਤੀ ਗਈ ਹੈ, ਜਿਸ ਨਾਲ ਪੰਜਾਬ ਇਹ ਪਹਿਲਕਦਮੀ ਕਰਨ ਵਾਲਾ ਦੇਸ਼ ਦਾ ਇਕਲੌਤਾ ਸੂਬਾ ਬਣ ਗਿਆ ਹੈ | ਸਕੂਲ ਮੈਂਟਰਸ਼ਿਪ ਪ੍ਰੋਗਰਾਮ (ਵਿਦਿਆਰਥੀਆਂ ਨੂੰ ਸੇਧ ਦੇਣ ਦਾ ਉਪਰਾਲਾ) 'ਤੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰੋਗਰਾਮ ਪਹਿਲੀ ਵਾਰ ਸ਼ੁਰੂ ਕੀਤਾ ਗਿਆ ਹੈ, ਜਿਥੇ ਆਈ.ਏ.ਐਸ., ਆਈ.ਪੀ.ਐਸ. ਅਤੇ ਸੀਨੀਅਰ ਅਧਿਕਾਰੀ ਵਿਦਿਆਰਥੀਆਂ ਦਾ ਮਾਰਗਦਰਸ਼ਨ ਕਰਦੇ ਹਨ | ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹੋਰ ਮੌਜੂਦ ਸਨ |

ਪਿਛਲੀ ਖ਼ਬਰ 'ਦਿੱਲੀ ਫ਼ਤਹਿ ਦਿਵਸ': ਗੁ. ਮਜਨੂੰ ਕਾ ਟਿੱਲਾ ਤੋਂ ਲਾਲ ਕਿਲ੍ਹੇ ਤੱਕ ਜਰਨੈਲੀ ਮਾਰਚ ਕੱਢਿਆ <br/> ਅਗਲੀ ਖ਼ਬਰ ਜਲਦੀ ਜੰਗਬੰਦੀ ਨਾ ਹੋਣ ਦੀ ਸੂਰਤ 'ਚ ਟਰੰਪ ਵਲੋਂ ਈਰਾਨ ਨੂੰ ਤਬਾਹ ਕਰਨ ਦੀ ਧਮਕੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।