28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

‘ਕਾਕਰੋਚ ਜਨਤਾ ਪਾਰਟੀ’ ਵਲੋਂ ਜੰਤਰ ਮੰਤਰ ’ਤੇ ਪ੍ਰਦਰਸ਼ਨ ਜਾਰੀ ਰੱਖਣ ਦਾ ਐਲਾਨ

ਅਜੀਤ ਡੈਸਕ 21-06-2026
ਨਵੀਂ ਦਿੱਲੀ, 20 ਜੂਨ (ਡਾ. ਬਲਵਿੰਦਰ ਸਿੰਘ ਸੋਢੀ)- ਨੀਟ-ਯੂ.ਜੀ. ਪੇਪਰ ਲੀਕ ਦੇ ਮਾਮਲੇ ਨੂੰ ਲੈ ਕੇ ਕਾਕਰੋਚ ਜਨਤਾ ਪਾਰਟੀ (ਸੀ.ਜੇ.ਪੀ.) ਦੇ ਸਮਰਥਕ ਦਿੱਲੀ ਦੇ ਜੰਤਰ ਮੰਤਰ ’ਤੇ ਇਕੱਠੇ ਹੋਏ ਅਤੇ ਉਨ੍ਹਾਂ ਨੇ ਜ਼ੋਰਦਾਰ ਪ੍ਰਦਰਸ਼ਨ ਕੀਤਾ। ਸੀ.ਜੇ.ਪੀ. ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਕਿਹਾ ਕਿ ਜਦੋਂ ਤੱਕ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਅਸਤੀਫ਼ਾ ਨਹੀਂ ਦਿੰਦੇ, ਉਦੋਂ ਤੱਕ ਉਹ ਜੰਤਰ ਮੰਤਰ ਤੋਂ ਨਹੀਂ ਹਟਣਗੇ। ਉਨ੍ਹਾਂ ਦਿੱਲੀ ਪੁਲਿਸ ਨੂੰ ਵੀ ਅਪੀਲ ਕੀਤੀ ਕਿ ਉਹ ਵਿਰੋਧ ਪ੍ਰਦਰਸ਼ਨ ਜਾਰੀ ਰੱਖਣ ਦੀ ਮਨਜ਼ੂਰੀ ਨੂੰ ਅੱਗੇ ਵਧਾਉਣ। ਇਸ ਮੌਕੇ ਸੀ.ਜੇ.ਪੀ. ਦੇ ਸਮਰਥਕਾਂ ਨੇ ਹੱਥਾਂ ਵਿਚ ਪੋਸਟਰ ਅਤੇ ਥਾਲੀ ਚਮਚ ਫੜੇ ਹੋਏ ਸਨ। ਕਈ ਸਮਰਥਕਾਂ ਦੇ ਹੱਥਾਂ ਵਿਚ ਅੰਬੇਡਕਰ ਤੇ ਮਹਾਤਮਾ ਗਾਂਧੀ ਦੀ ਤਸਵੀਰ ਵਾਲੇ ਪੋਸਟਰ ਫੜੇ ਹੋਏ ਸਨ ਅਤੇ ਨਾਲ ਹੀ ਨੀਟ-ਯੂ.ਜੀ. ਪੇਪਰ ਲੀਕ ਤੋਂ ਬਾਅਦ ਖ਼ੁਦਕੁਸ਼ੀ ਕਰਨ ਵਾਲੇ ਵਿਦਿਆਰਥੀਆਂ ਦੇ ਪੋਸਟਰ ਵੀ ਲਗਾਏ ਗਏ ਸਨ। ਸਾਰੇ ਸਮਰਥਕ ਨਾਅਰੇ ਲਗਾਉਂਦੇ ਹੋਏ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕਰ ਰਹੇ ਸਨ। ਇਸ ਮੌਕੇ ਅਭਿਜੀਤ ਦੀਪਕੇ ਨੇ ਕਿਹਾ ਕਿ ਦੇਸ਼ ਦਾ ਮਾਹੌਲ ਨੌਜਵਾਨਾਂ ਦੇ ਜੀਵਨ ਅਤੇ ਮਾਨਸਿਕ ਸਿਹਤ ਨੂੰ ਪ੍ਰਭਾਵਿਤ ਕਰ ਰਿਹਾ ਹੈ ਅਤੇ ਸਰਕਾਰ ਨੂੰ ਅਸਲ ਸਮੱਸਿਆ ਦੇ ਬਾਰੇ ਧਿਆਨ ਦੇਣਾ ਚਾਹੀਦਾ ਹੈ। ਇਸ ਤੋਂ ਇਲਾਵਾ ਹੋਰ ਬੁਲਾਰਿਆਂ ਨੇ ਵਿਸ਼ੇਸ਼ ਕਰਕੇ ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ ਕੀਤੀ। ਜੰਤਰ ਮੰਤਰ ’ਤੇ ਪੁਲਿਸ ਕਾਫੀ ਗਿਣਤੀ ਵਿਚ ਮੌਜੂਦ ਰਹਿ ਕੇ ਹਰ ਸਥਿਤੀ ’ਤੇ ਨਿਗਰਾਨੀ ਰੱਖ ਰਹੀ ਸੀ। ਇਸ ਮੌਕੇ ਇਕ ਸ਼ੱਕੀ ਵਿਅਕਤੀ ਨੂੰ ਵੀ ਫੜਿਆ ਗਿਆ। ਵਰਨਣਯੋਗ ਹੈ ਕਿ ਇਸ ਤੋਂ ਪਹਿਲਾਂ 6 ਜੂਨ ਨੂੰ ਵੀ ਸੀ.ਜੇ.ਪੀ. ਨੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਸੀ। ਇਸ ਪਾਰਟੀ ਵਲੋਂ ਪੁਣੇ, ਲਖਨਊ, ਪੰਜਾਬ, ਹੈਦਰਾਬਾਦ, ਬੈਂਗਲੁਰੂ, ਜੈਪੁਰ ਅਤੇ ਹੋਰ ਸ਼ਹਿਰਾਂ ਵਿਚ ਵੀ ਪ੍ਰਦਰਸ਼ਨ ਕੀਤੇ ਗਏ ਅਤੇ ਪਾਰਟੀ ਨੂੰ ਚੰਗਾ ਹੁੰਗਾਰਾ ਮਿਲਿਆ ਸੀ।
ਪਿਛਲੀ ਖ਼ਬਰ ਸ੍ਰੀ ਦੁਰਗਿਆਣਾ ਮੰਦਰ ਤੇ ਜਲ੍ਹਿਆਂਵਾਲਾ ਬਾਗ ਵਿਖੇ ਹੋਏ ਨਤਮਸਤਕ ਅਗਲੀ ਖ਼ਬਰ ਨਵੀਂ ਦਿੱਲੀ ਵਿਖੇ ਅਥਲੈਟਿਕਸ ਫੈਡਰੇਸ਼ਨ ਆਫ਼ ਇੰਡੀਆ ਵਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।