07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨਿਯੁਕਤ

ਅਜੀਤ ਡੈਸਕ 18-07-2026


ਨਵੀਂ ਦਿੱਲੀ/ਚੰਡੀਗੜ੍ਹ, 17 ਜੁਲਾਈ (ਉਪਮਾ ਡਾਗਾ ਪਾਰਥ, ਸੰਦੀਪ ਕੁਮਾਰ ਮਾਹਨਾ)–ਕੇਂਦਰ ਸਰਕਾਰ ਨੇ ਭਾਜਪਾ ਦੇ ਸੀਨੀਅਰ ਆਗੂ ਅਤੇ ਕਿਸਾਨ ਮਾਮਲਿਆਂ ਨਾਲ ਲੰਬੇ ਸਮੇਂ ਤੋਂ ਜੁੜੇ ਰਹੇ ਹਰਜੀਤ ਸਿੰਘ ਗਰੇਵਾਲ ਨੂੰ ਕੌਮੀ ਘੱਟ ਗਿਣਤੀ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਘੱਟ ਗਿਣਤੀ ਮਾਮਲਿਆਂ ਦੇ ਮੰਤਰਾਲੇ ਵਲੋਂ ਇਸ ਸੰਬੰਧੀ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਨਿਯੁਕਤੀ ਦੇ ਨਾਲ ਹੀ ਐਸ. ਮੁਨਾਵਰੀ ਬੇਗਮ ਨੂੰ ਕਮਿਸ਼ਨ ਦਾ ਉਪ ਚੇਅਰਪਰਸਨ ਅਤੇ ਗਲੇਨ ਈ. ਸੂਜ਼ਾ ਟਿਕਲੋ ਨੂੰ ਮੈਂਬਰ ਨਿਯੁਕਤ ਕੀਤਾ ਗਿਆ ਹੈ। ਮੰਤਰਾਲੇ ਵਲੋਂ ਜਾਰੀ ਨੋਟੀਫ਼ਿਕੇਸ਼ਨ ਅਨੁਸਾਰ ਇਹ ਨਿਯੁਕਤੀਆਂ ਨੈਸ਼ਨਲ ਕਮਿਸ਼ਨ ਫਾਰ ਮਾਈਨੋਰਟੀਜ਼ ਐਕਟ, 1992 ਦੀਆਂ ਧਾਰਾਵਾਂ ਤਹਿਤ ਕੀਤੀਆਂ ਗਈਆਂ ਹਨ। ਨਵੇਂ ਚੇਅਰਮੈਨ ਅਤੇ ਹੋਰ ਅਹੁਦੇਦਾਰ ਆਪਣਾ ਅਹੁਦਾ ਸੰਭਾਲਣ ਦੀ ਤਾਰੀਖ਼ ਤੋਂ ਤਿੰਨ ਸਾਲ ਜਾਂ ਅਗਲੇ ਹੁਕਮਾਂ ਤੱਕ, ਜੋ ਵੀ ਪਹਿਲਾਂ ਹੋਵੇ, ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣਗੇ। ਹਰਜੀਤ ਸਿੰਘ ਗਰੇਵਾਲ ਭਾਰਤੀ ਜਨਤਾ ਪਾਰਟੀ ਦੇ ਤਜਰਬੇਕਾਰ ਆਗੂ ਹਨ ਅਤੇ ਉਹ ਇਸ ਵੇਲੇ ਪਾਰਟੀ ਦੀ ਕੌਮੀ ਕਾਰਜਕਾਰਨੀ ਦੇ ਮੈਂਬਰ ਹਨ। ਇਸ ਤੋਂ ਪਹਿਲਾਂ ਉਹ ਕੌਮੀ ਸਕੱਤਰ, ਕਿਸਾਨ ਮੋਰਚਾ ਦੇ ਕੌਮੀ ਜਨਰਲ ਸਕੱਤਰ ਅਤੇ ਕੌਮੀ ਉਪ ਪ੍ਰਧਾਨ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ। ਪੰਜਾਬ ਭਾਜਪਾ ਵਿਚ ਵੀ ਉਹ ਸੂਬਾ ਜਨਰਲ ਸਕੱਤਰ ਅਤੇ ਸੂਬਾ ਮੀਤ ਪ੍ਰਧਾਨ ਵਰਗੇ ਅਹਿਮ ਅਹੁਦਿਆਂ ’ਤੇ ਰਹੇ ਹਨ। ਸਰਕਾਰੀ ਅਤੇ ਪ੍ਰਸ਼ਾਸਨਿਕ ਖੇਤਰ ਵਿਚ ਵੀ ਹਰਜੀਤ ਸਿੰਘ ਗਰੇਵਾਲ ਦਾ ਲੰਬਾ ਤਜਰਬਾ ਰਿਹਾ ਹੈ। ਉਹ ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਦੇ ਚੇਅਰਮੈਨ ਅਤੇ ਪੰਜਾਬ ਜੰਗਲਾਤ ਨਿਗਮ ਦੇ ਚੇਅਰਮੈਨ ਵਜੋਂ ਵੀ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ। ਭਾਰਤੀ ਜਨਤਾ ਪਾਰਟੀ ਦੇ ਆਗੂਆਂ ਅਤੇ ਸਮਰਥਕਾਂ ਨੇ ਹਰਜੀਤ ਸਿੰਘ ਗਰੇਵਾਲ ਨੂੰ ਇਸ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ ਹੈ।

ਪਿਛਲੀ ਖ਼ਬਰ ਭਾਰਤੀ ਮੂਲ ਦਾ ਗੈਂਗਸਟਰ ਨਿਤਿਸ਼ ਕੌਸ਼ਲ ਅਮਰੀਕਾ ’ਚ ਗ੍ਰਿਫ਼ਤਾਰ ਅਗਲੀ ਖ਼ਬਰ ਬਰਨਹਮ 20 ਨੂੰ ਸੰਭਾਲਣਗੇ ਬਰਤਾਨੀਆ ਦੇ ਨਵੇਂ ਪ੍ਰਧਾਨ ਮੰਤਰੀ ਵਜੋਂ ਅਹੁਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।