02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਹਾਈਕਮਾਨ ਚੋਣਾਂ ਤੋਂ ਬਾਅਦ ਕਰੇਗੀ ਮੁੱਖ ਮੰਤਰੀ ਦੇ ਉਮੀਦਵਾਰ ਦਾ ਫ਼ੈਸਲਾ-ਬਘੇਲ ਪੰਜਾਬ ਕਾਂਗਰਸ ਲੀਡਰਸ਼ਿਪ ’ਚ ਟਕਰਾਅ ਵਧਿਆ

ਪਟਿਆਲਾ, 1 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਕਾਂਗਰਸ ਵਿਚ ਲੀਡਰਸ਼ਿਪ ਨੂੰ ਲੈ ਕੇ ਚੱਲ ਰਹੀ ਖਿੱਚੋਤਾਣ ਦਰਮਿਆਨ ਕਾਂਗਰਸ ਦੇ ਜਨਰਲ ਸਕੱਤਰ ਅਤੇ ਪੰਜਾਬ ਇੰਚਾਰਜ ਭੁਪੇਸ਼ ਬਘੇਲ ਨੇ ਅੱਜ ਸਾਫ਼ ਤੌਰ ’ਤੇ ਸਪੱਸ਼ਟ ਕੀਤਾ ਹੈ ਕਿ ਪਾਰਟੀ ਹਾਈਕਮਾਨ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਬਾਅਦ ਹੀ ਪਾਰਟੀ ਦੇ ਮੁੱਖ ਮੰਤਰੀ ਦੇ ਉਮੀਦਵਾਰ ਅਤੇ ਮੰਤਰੀਆਂ ਬਾਰੇ ਫ਼ੈਸਲਾ ਕਰੇਗੀ। ਪਟਿਆਲਾ ਵਿਚ ‘ਹਰ ਬੂਥ ਕਾਂਗਰਸ ਮਜ਼ਬੂਤ’ ਸਮਾਗਮ ਨੂੰ ਸੰਬੋਧਨ ਕਰਦਿਆਂ ਭੁਪੇਸ਼ ਬਘੇਲ ਨੇ ਪਾਰਟੀ ਦੀ ਇਕਜੁੱਟਤਾ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਪਾਰਟੀ ਆਗੂਆਂ ਅਤੇ ਵਰਕਰਾਂ ਦੀ ਜ਼ਿੰਮੇਵਾਰੀ ਇਹ ਯਕੀਨੀ ਬਣਾਉਣਾ ਹੈ ਕਿ ਕਾਂਗਰਸ ਪੰਜਾਬ ਵਿਚ ਮੁੜ ਸੱਤਾ ਵਿਚ ਵਾਪਸੀ ਕਰੇ।

ਅਜੀਤ ਡੈਸਕ 02-08-2026

ਪਟਿਆਲਾ, 1 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਕਾਂਗਰਸ ਵਿਚ ਲੀਡਰਸ਼ਿਪ ਨੂੰ ਲੈ ਕੇ ਚੱਲ ਰਹੀ ਖਿੱਚੋਤਾਣ ਦਰਮਿਆਨ ਕਾਂਗਰਸ ਦੇ ਜਨਰਲ ਸਕੱਤਰ ਅਤੇ ਪੰਜਾਬ ਇੰਚਾਰਜ ਭੁਪੇਸ਼ ਬਘੇਲ ਨੇ ਅੱਜ ਸਾਫ਼ ਤੌਰ ’ਤੇ ਸਪੱਸ਼ਟ ਕੀਤਾ ਹੈ ਕਿ ਪਾਰਟੀ ਹਾਈਕਮਾਨ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਬਾਅਦ ਹੀ ਪਾਰਟੀ ਦੇ ਮੁੱਖ ਮੰਤਰੀ ਦੇ ਉਮੀਦਵਾਰ ਅਤੇ ਮੰਤਰੀਆਂ ਬਾਰੇ ਫ਼ੈਸਲਾ ਕਰੇਗੀ। ਪਟਿਆਲਾ ਵਿਚ ‘ਹਰ ਬੂਥ ਕਾਂਗਰਸ ਮਜ਼ਬੂਤ’ ਸਮਾਗਮ ਨੂੰ ਸੰਬੋਧਨ ਕਰਦਿਆਂ ਭੁਪੇਸ਼ ਬਘੇਲ ਨੇ ਪਾਰਟੀ ਦੀ ਇਕਜੁੱਟਤਾ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਪਾਰਟੀ ਆਗੂਆਂ ਅਤੇ ਵਰਕਰਾਂ ਦੀ ਜ਼ਿੰਮੇਵਾਰੀ ਇਹ ਯਕੀਨੀ ਬਣਾਉਣਾ ਹੈ ਕਿ ਕਾਂਗਰਸ ਪੰਜਾਬ ਵਿਚ ਮੁੜ ਸੱਤਾ ਵਿਚ ਵਾਪਸੀ ਕਰੇ। ਉਨ੍ਹਾਂ ਇਹ ਵੀ ਸਪੱਸ਼ਟ ਕਰ ਦਿੱਤਾ ਕਿ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਦਾ ਚਿਹਰਾ ਤੈਅ ਨਹੀਂ ਕੀਤਾ ਜਾਵੇਗਾ। ਸਮਾਗਮ ਦੌਰਾਨ ਜਦੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਪਾਰਟੀ ਵਰਕਰਾਂ ਨੂੰ ਸੰਬੋਧਨ ਕਰ ਰਹੇ ਸਨ, ਤਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕੁਝ ਸਮਰਥਕਾਂ ਨੇ ਉਨ੍ਹਾਂ ਦੇ ਹੱਕ ਵਿਚ ਨਾਅਰੇਬਾਜ਼ੀ ਕੀਤੀ। ਚੰਨੀ ਦੇ ਕੁਝ ਸਮਰਥਕਾਂ ਨੇ ਸਮਾਗਮ ਦੌਰਾਨ ‘ਚਰਨਜੀਤ ਸਿੰਘ ਚੰਨੀ ਜ਼ਿੰਦਾਬਾਦ’, ‘ਚੰਨੀ ਤੇਰੀ ਸੋਚ ’ਤੇ ਪਹਿਰਾ ਦਿਆਂਗੇ ਠੋਕ’ ਅਤੇ ‘ਚੰਨੀ ਲਿਆਓ, ਪੰਜਾਬ ਬਚਾਓ’ ਦੇ ਨਾਅਰੇ ਲਗਾਏ। ਇਸ ਦੌਰਾਨ ਬਘੇਲ ਨੇ ਸਪੱਸ਼ਟ ਤੌਰ ’ਤੇ ਚੰਨੀ ਅਤੇ ਵੜਿੰਗ ਦੇ ਧੜਿਆਂ ਵਿਚਾਲੇ ਚੱਲ ਰਹੇ ਮਤਭੇਦਾਂ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਕਿਸੇ ਵੀ ਰਾਜਨੀਤਕ ਪਾਰਟੀ ਵਿਚ ਮਤਭੇਦ ਹੋਣਾ ਸੁਭਾਵਿਕ ਹੈ ਪਰ ਵਰਕਰਾਂ ਨੂੰ ਇਕੱਠੇ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਮਲਿਕਅਰਜੁਨ ਖੜਗੇ ਅਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਸਮੇਤ ਕਾਂਗਰਸ ਹਾਈਕਮਾਨ ਹੀ ਅਗਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਬਾਅਦ ਪਾਰਟੀ ਦੇ ਮੁੱਖ ਮੰਤਰੀ ਦੇ ਉਮੀਦਵਾਰ ਅਤੇ ਮੰਤਰੀਆਂ ਬਾਰੇ ਫ਼ੈਸਲਾ ਕਰੇਗੀ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਕਾਨੂੰਨ ਵਿਵਸਥਾ ਦੇ ਸੰਕਟ ਵਿਚ ਧੱਕ ਦਿੱਤਾ ਹੈ, ਜਿਸ ਕਰਕੇ ਪੰਜਾਬ ਦੀ ਅਮਨ ਸ਼ਾਂਤੀ ਭੰਗ ਹੁੰਦੀ ਜਾ ਰਹੀ ਹੈ ਅਤੇ ਲੋਕ ਅੱਜ ਆਪਣੇ ਆਪ ਨੂੰ ਪੰਜਾਬ ਵਿਚ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਪਟਿਆਲਾ ਦੇ ਨਿੱਜੀ ਹੋਟਲ ਵਿਚ ਜ਼ਿਲ੍ਹਾ ਕਾਂਗਰਸ ਪਾਰਟੀ ਵਲੋਂ ਰੱਖੇ ਗਏ ਪ੍ਰੋਗਰਾਮ ‘ਹਰ ਬੂਥ ਕਾਂਗਰਸ ਮਜਬੂਤ’ ਮੌਕੇ ਪੰਜਾਬ ਮਾਮਲਿਆ ਦੇ ਇੰਚਾਰਜ ਭੁਪੇਸ਼ ਬਘੇਲ ਨੇ ਕੀਤਾ। ਪਟਿਆਲਾ ਦਿਹਾਤੀ ਦੀ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਤੇ ਸ਼ਹਿਰੀ ਪ੍ਰਧਾਨ ਦੀ ਅਗਵਾਈ ਵਿਚ ਕਰਵਾਏ ਪ੍ਰੋਗਰਾਮ ਵਿਚ ਵਰਕਰਾਂ ਨੂੰ ਬੂਥ ਪੱਧਰ ’ਤੇ ਮਜ਼ਬੂਤ ਹੋਣ ਦਾ ਸੱਦਾ ਦਿੰਦਿਆ ਉਨ੍ਹਾਂ ਕਿਹਾ ਕਿ ਸਾਡੀ ਲੜਾਈ ਭਾਜਪਾ, ‘ਆਪ’ ਅਤੇ ਅਕਾਲੀਆਂ ਨਾਲ ਹੈ। ਇਸ ਮੌਕੇ ਉਨ੍ਹਾਂ ਨੇ ਪਾਰਟੀ ਦਾ ਅਨੁਸ਼ਾਸਨ ਭੰਗ ਕਰਨ ਵਾਲਿਆਂ ਨੂੰ ਚਿਤਾਵਨੀ ਦਿੰਦਿਆਂ ਆਖਿਆ ਕਿ ਜੇਕਰ ਕੋਈ ਪਾਰਟੀ ਜ਼ਾਬਤੇ ਨੂੰ ਤੋੜਦਾ ਹੈ ਤਾਂ ਉਸ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪ੍ਰਧਾਨਗੀ ਦੀ ਚਰਚਾ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਉਨ੍ਹਾਂ ਲਈ ਅਹੁਦੇ ਦੀ ਗੱਲ ਬਾਅਦ ’ਚ ਹੈ ਅਤੇ ਪਾਰਟੀ ਪਹਿਲਾਂ। ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਬਣਨ ਨੂੰ ਤਰਜੀਹ ਨਹੀਂ ਦਿੰਦੇ, ਸਗੋਂ ਉਹ ਦਰਸ਼ਕ ਗੈਲਰੀ ਵਿਚ ਬੈਠੇ ਪੰਜਾਬ ਕਾਂਗਰਸ ਦਾ ਅਮਲਾ ਮੁੱਖ ਮੰਤਰੀ ਬਣਦਾ ਦੇਖਣਾ ਚਾਹੁੰਦੇ ਹਨ। ਇਸ ਤੋਂ ਇਲਾਵਾ ਉਨ੍ਹਾਂ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ’ਤੇ ਰਗੜੇ ਫੇਰਦਿਆਂ ਕਿਹਾ ਭਗਵੰਤ ਮਾਨ ਇਕ ਅਸਫਲ ਮੁੱਖ ਮੰਤਰੀ ਸਾਬਿਤ ਹੋਇਆ ਹੈ, ਕਿਉਂਕਿ ਅੱਜ ਪੰਜਾਬ ਦਾ ਹਰ ਵਰਗ ਮਾਨ ਸਰਕਾਰ ਤੋਂ ਦੁਖੀ ਹੈ। ਉਨ੍ਹਾਂ ਵਰਕਰਾਂ ਨੂੰ ਕਿਹਾ ਕਿ ਉਹ ਕਾਂਗਰਸ ਦੀਆਂ ਪ੍ਰਾਪਤੀਆਂ ਅਤੇ ਕੇਂਦਰ ਦੀ ਭਾਜਪਾ ਅਤੇ ਪੰਜਾਬ ਦੀ ‘ਆਪ’ ਸਰਕਾਰ ਦੀਆਂ ਨਾਕਾਮੀਆਂ ਲੋਕਾਂ ਤੱਕ ਪਹੁੰਚਾਉਣ। ਉਨ੍ਹਾਂ ਕਿਹਾ ਕਿ ਪੰਜਾਬ ਕੇਂਦਰ ਅਤੇ ਰਾਜ ਸਰਕਾਰ ਦੋਵਾਂ ਦੀ ਮਾਰ ਝੱਲ ਰਿਹਾ ਹੈ। ਪੰਜਾਬ ਵਿਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ ਚੁੱਕੀ ਹੈ ਅਤੇ ਕੋਈ ਵੀ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ। ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ ਅਤੇ ਲੋਕਾਂ ਦੇ ਕਤਲ ਬੇਖੌਫ਼ ਹੋ ਰਹੇ ਹਨ। ਉਨ੍ਹਾਂ ਵਰਕਰਾਂ ਨੂੰ ਸੋਸ਼ਲ ਮੀਡੀਆ ਦੀ ਤਾਕਤ ਨੂੰ ਘੱਟ ਨਾ ਅੰਕਣ ਦੀ ਸਲਾਹ ਦਿੰਦਿਆਂ ਕਿਹਾ ਕਿ ਇਸੇ ਤਾਕਤ ਕਾਰਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ 12 ਸਾਲਾਂ ਵਿਚ ਪਹਿਲੀ ਵਾਰ ਝੁਕਣਾ ਪਿਆ ਅਤੇ ਆਪਣੇ ਇਕ ਮੰਤਰੀ ਤੋਂ ਅਸਤੀਫ਼ਾ ਲੈਣਾ ਪਿਆ। ਉਨ੍ਹਾਂ ਪਾਰਟੀ ਵਿਚ ਏਕਤਾ ਦੀ ਅਪੀਲ ਕਰਦਿਆਂ ਕਿਹਾ ਕਿ ਜਿਵੇਂ ਪਰਿਵਾਰ ਵਿਚ ਮਤਭੇਦ ਹੁੰਦੇ ਹਨ, ਉਸੇ ਤਰ੍ਹਾਂ ਪਾਰਟੀ ਵਿਚ ਵੀ ਹੋ ਸਕਦੇ ਹਨ ਪਰ ਅਸਲ ਲੜਾਈ ਭਾਜਪਾ, ‘ਆਪ’ ਅਤੇ ਅਕਾਲੀਆਂ ਖ਼ਿਲਾਫ਼ ਹੈ। ਇਸ ਮੌਕੇ ਪਟਿਆਲਾ ਹਲਕਾ ਦਿਹਾਤੀ ਦੀ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਨੇ ਵੱਡੀ ਗਿਣਤੀ ਵਿਚ ਪਹੁੰਚੇ ਵਰਕਰਾਂ ਤੇ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਉਨ੍ਹਾਂ ਦੇ ਛੋਟੇ ਜਿਹੇ ਸੱਦੇ ’ਤੇ ਵਰਕਰਾਂ ਨੇ ਭਰਵੀਂ ਗਿਣਤੀ ਵਿਚ ਸ਼ਮੂਲੀਅਤ ਕੀਤੀ ਹੈ। ਇਸ ਮੌਕੇ ਬ੍ਰਹਮ ਮਹਿੰਦਰਾ, ਰਣਦੀਪ ਨਾਭਾ, ਹਰਦਿਆਲ ਕੰਬੋਜ, ਰਜਿੰਦਰ ਸਿੰਘ, ਗੁਰਿੰਦਰ ਢਿੱਲੋਂ, ਵਿਸ਼ਨੂੰ ਸ਼ਰਮਾ, ਸਾਧੂ ਸਿੰਘ ਧਰਮਸੋਤ, ਡਾ. ਅਮਰ ਸਿੰਘ, ਗੁਰਦਰਸ਼ਨ ਸਿੰਘ, ਕੈਪਟਨ ਸੰਦੀਪ ਸੰਧੂ, ਮੋਹਿਤ ਮਹਿੰਦਰਾ, ਗੁਰਸ਼ਰਨ ਕੌਰ ਰੰਧਾਵਾ, ਸ਼ੁਭਮ ਸ਼ਰਮਾ, ਸੰਜੀਵ ਬਿੱਟੂ, ਅਮਰਜੀਤ ਕੌਰ, ਬਿੱਟੂ ਧਨੋਰੀ, ਹਰਪਾਲ ਸਿੰਘ ਢੀਂਡਸਾ, ਭੋਲੀ ਸਸਾ ਸਮੇਤ ਹੋਰ ਆਗੂ ਵੀ ਹਾਜ਼ਰ ਸਨ। ਮਦਨ ਲਾਲ ਜਲਾਲਪੁਰ ਨੂੰ ਪਾਰਟੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ-ਰਾਜਾ ਵੜਿੰਗ ਹਰ ਬੂਥ ਕਾਂਗਰਸ ਮਜਬੂਤ ਪ੍ਰੋਗਰਾਮ ਉਪਰੰਤ ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਵਲੋਂ ਚਰਨਜੀਤ ਸਿੰਘ ਚੰਨੀ ਅਤੇ ਹੋਰਨਾਂ ਆਗੂਆਂ ਵਲੋਂ ਪਾਰਟੀ ਵਿਰੋਧੀ ਗਤੀਵਿਧੀਆਂ ਵਿਰੁੱਧ ਕਾਰਵਾਈ ਦੇ ਪੁੱਛੇ ਗਏ ਸਵਾਲ ਦੇ ਜਵਾਬ ਵਿਚ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨੇ ਕਿਹਾ ਕਿ ਪਾਰਟੀ ਵਿਰੁੱਧ ਚੱਲਣ ਵਾਲੇ ਕਿਸੇ ਵੀ ਆਗੂ ਨੂੰ ਬਖਸ਼ਿਆ ਨਹੀਂ ਜਾਵੇਗਾ ਭਾਵੇਂ ਉਹ ਕਿਸੇ ਵੀ ਅਹੁਦੇ ’ਤੇ ਹੋਵੇ। ਇਸ ਮੌਕੇ ਰਾਜਾ ਵੜਿੰਗ ਨੇ ਅਜਿਹੀ ਕਾਰਵਾਈ ਦੀ ਗੱਲ ਕਰਦਿਆਂ ਆਖਿਆ ਕਿ ਇਸ ਕਾਰਵਾਈ ਤਹਿਤ ਪਾਰਟੀ ਦਾ ਜਬਤਾ ਭੰਗ ਕਰਨ ਕਰਕੇ ਘਨੌਰ ਤੋਂ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਪਾਰਟੀ ਵਿਚੋਂ ਬਰਖਾਸਤ ਕਰ ਦਿੱਤਾ ਗਿਆ ਹੈ।

ਪਿਛਲੀ ਖ਼ਬਰ ਪ੍ਰਧਾਨ ਮੰਤਰੀ ਦੀ ਰਿਹਾਇਸ਼ ਤੱਕ 4 ਅਗਸਤ ਨੂੰ ਮਾਰਚ ਕੱਢਣਗੇ ਕੇਜਰੀਵਾਲ ਅਗਲੀ ਖ਼ਬਰ ਸੰਗਰੂਰ ਵਿਖੇ ‘ਹਰ ਬੂਥ ਕਾਂਗਰਸ ਮਜ਼ਬੂਤ’ ਪ੍ਰੋਗਰਾਮ ਦੌਰਾਨ ਹੰਗਾਮਾ ਚੰਨੀ ਸਮਰਥਕਾਂ ਵਲੋਂ ਰਾਜਾ ਵੜਿੰਗ ਵਿਰੁੱਧ ਨਾਅਰੇਬਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।