08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਕਾਂਗਰਸੀ ਵਿਧਾਇਕਾਂ ਵਲੋਂ ਨੌਕਰੀਆਂ ਦੇ ਮੁੱਦੇ ’ਤੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

ਚੰਡੀਗੜ੍ਹ, 7 ਅਗਸਤ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਇਜਲਾਸ ਦੀ ਸ਼ੁਰੂਆਤ ਮੌਕੇ ਹੀ ਅੱਜ ਕਾਂਗਰਸੀ ਵਿਧਾਇਕਾਂ ਵਲੋਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਵਿਚ ‘ਆਪ’ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ

ਅਜੀਤ ਡੈਸਕ 08-08-2026

ਚੰਡੀਗੜ੍ਹ, 7 ਅਗਸਤ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਇਜਲਾਸ ਦੀ ਸ਼ੁਰੂਆਤ ਮੌਕੇ ਹੀ ਅੱਜ ਕਾਂਗਰਸੀ ਵਿਧਾਇਕਾਂ ਵਲੋਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਵਿਚ ‘ਆਪ’ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਕਾਂਗਰਸੀ ਵਿਧਾਇਕ ਦਲ ਵਲੋਂ ‘ਆਪ’ ਸਰਕਾਰ ਤੋਂ ਨੌਕਰੀਆਂ ਦੇ ਮੁੱਦੇ ਉੱਤੇ ਵਿਧਾਨ ਸਭਾ ਵਿਚ ਸਫੈਦ ਪੱਤਰ ਜਾਰੀ ਕਰਨ ਦੀ ਮੰਗ ਵੀ ਕੀਤੀ ਗਈ। ਕਾਂਗਰਸੀ ਵਿਧਾਇਕਾਂ ਵਲੋਂ ਵਿਧਾਨ ਸਭਾ ਦੇ ਬਾਹਰ ਅਤੇ ਵਿਧਾਨ ਸਭਾ ਕੰਪਲੈਕਸ ਦੇ ਅੰਦਰ ਇਸ ਮੁੱਦੇ ਨੂੰ ਲੈ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਕਾਂਗਰਸੀ ਵਿਧਾਇਕਾਂ ਵਲੋਂ ਹੱਥਾਂ ਵਿਚ ਸਰਕਾਰ ਵਿਰੋਧੀ ਨਾਅਰਿਆਂ ਵਾਲੀਆਂ ਤਖ਼ਤੀਆਂ ਫੜੀਆਂ ਹੋਈਆਂ ਸਨ ਜਿਨ੍ਹਾਂ ਨੂੰ ਲੈ ਕੇ ਕਾਂਗਰਸੀ ਵਿਧਾਇਕ ਨਾਅਰੇਬਾਜ਼ੀ ਕਰਦੇ ਹੋਏ ਵਿਧਾਨ ਸਭਾ ਕੰਪਲੈਕਸ ਦੇ ਅੰਦਰ ਦਾਖਲ ਹੋਏ ਤੇ ਅੰਦਰ ਜਾ ਕੇ ਵੀ ਉਨ੍ਹਾਂ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਕਾਂਗਰਸ ਪਾਰਟੀ ਸਰਕਾਰ ਤੋਂ ਇਸ ਮੁੱਦੇ ਉੱਤੇ ਸਫੈਦ ਪੱਤਰ ਜਾਰੀ ਕਰਨ ਦੀ ਮੰਗ ਕਰ ਰਹੀ ਹੈ ਪਰ ਸਰਕਾਰ ਇਹ ਨਹੀਂ ਜਾਰੀ ਕਰ ਰਹੀ, ਕਿਉਂਕਿ ਪੰਜਾਬ ਵਿਚ 70 ਫੀਸਦੀ ਭਰਤੀਆਂ ਗੈਰ-ਪੰਜਾਬੀਆਂ ਦੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਦਿੱਤੀਆਂ ਨੌਕਰੀਆਂ ਪੰਜਾਬੀਆਂ ਨੂੰ ਨਹੀਂ ਸਗੋਂ ਅਰਵਿੰਦ ਕੇਜਰੀਵਾਲ ਦੇ ਦਿੱਲੀ, ਹਰਿਆਣਾ ਤੇ ਰਾਜਸਥਾਨ ਵਿਚ ਵਰਕਰਾਂ ਅਤੇ ਚਹੇਤਿਆਂ ਨੂੰ ਦਿੱਤੀਆਂ ਗਈਆਂ ਹਨ। ਉਨ੍ਹਾਂ ਮੰਗ ਕੀਤੀ ਕਿ ਜਿੰਨੇ ਬੱਚਿਆਂ ਨੂੰ ਨੌਕਰੀਆਂ ਦਿੱਤੀਆਂ, ਉਨ੍ਹਾਂ ਦੇ ਨਾਂਅ, ਮਾਤਾ-ਪਿਤਾ ਦੇ ਨਾਂਅ, ਪਤਾ ਅਤੇ ਜਿਸ ਵਿਭਾਗ ਅਤੇ ਰੈਂਕ ਉੱਤੇ ਨੌਕਰੀ ਦਿੱਤੀ ਉਸ ਬਾਰੇ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਬਿਜਲੀ ਬੋਰਡ ਵਿਚ ਜ਼ਿਆਦਾਤਰ ਭਰਤੀ ਰਾਜਸਥਾਨ ਤੋਂ ਹੋਈ ਹੈ। ਇਨ੍ਹਾਂ ਨੇ ਠੇਕੇ ’ਤੇ ਭਰਤੀ ਵਾਲਿਆਂ ਨੂੰ ਪੱਕਾ ਕੀਤਾ ਹੈ, ਜਿਨ੍ਹਾਂ ਦੀ ਤਨਖ਼ਾਹਾਂ ਵਿਚ ਵਾਧਾ ਨਹੀਂ, ਨਾ ਪ੍ਰਮੋਸ਼ਨ ਤੇ ਨਾ ਡੀ.ਏ, ਇਹ ਸਿਰਫ਼ ਝੂਠ ਬੋਲਣ ਵਾਲੇ ਹਨ। ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਜੇਕਰ ਸਰਕਾਰ ਨੇ ਮੈਰਿਟ ਦੇ ਆਧਾਰ ਉੱਤੇ ਨੌਕਰੀਆਂ ਦਿੱਤੀਆਂ ਹਨ ਤਾਂ ਫਿਰ ਵਿਧਾਨ ਸਭਾ ਵਿਚ ਸਫੈਦ ਪੱਤਰ ਜਾਰੀ ਕਰਨ ਵਿਚ ਹਰਜ ਕੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਹ ਵੀ ਦੱਸਣਾ ਚਾਹੀਦਾ ਹੈ ਕਿ ਜਿਨ੍ਹਾਂ ਮੁਲਾਜ਼ਮਾਂ ਜਾਂ ਅਧਿਕਾਰੀਆਂ ਦੀ ਮੌਤ ਮਗਰੋਂ ਉਨ੍ਹਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ ਕੀ ਉਸ ਦੀ ਗਿਣਤੀ ਵੀ ਇਸ ਵਿਚ ਹੀ ਕਰਕੇ ਦੱਸੀ ਗਈ ਹੈ। ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਸਰਕਾਰ ਵਲੋਂ ਨੌਕਰੀਆਂ ਦੇ ਅੰਕੜਿਆਂ ਦੀ ਖੇਡ ਖੇਡੀ ਜਾ ਰਹੀ ਹੈ ਜਦਕਿ ਪੰਜਾਬੀਆਂ ਨੂੰ ਨੌਕਰੀਆਂ ਮਿਲੀਆਂ ਹੀ ਨਹੀਂ ਅਤੇ ਜੇਕਰ ਸਰਕਾਰ ਸੱਚੀ ਹੈ ਤਾਂ ਫਿਰ ਵਿਧਾਨ ਸਭਾ ਵਿਚ ਨੌਕਰੀਆਂ ਨੂੰ ਲੈ ਕੇ ਸਾਰੀ ਜਾਣਕਾਰੀ ਸਾਂਝੀ ਕਰੇ। ਇਸ ਮਾਮਲੇ ਵਿਚ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਕੋਲ ਸਰਕਾਰ ਖ਼ਿਲਾਫ਼ ਚੁੱਕਣ ਲਈ ਕੋਈ ਮੁੱਦਾ ਹੀ ਨਹੀਂ ਜਿਸ ਲਈ ਇਹ ਝੂਠ ਦੀ ਸਿਆਸਤ ਉੱਤੇ ਉਤਰ ਆਏ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸਾਢੇ ਚਾਰ ਸਾਲਾਂ ਦੌਰਾਨ ਇਕ-ਇਕ ਨੌਕਰੀ ਮੈਰਿਟ ਦੇ ਆਧਾਰ ’ਤੇ ਦਿੱਤੀ ਗਈ ਹੈ ਅਤੇ ਇਸ ਨਾਲ ਸੰਬੰਧਿਤ ਸਾਰੀ ਪ੍ਰਕਿਰਿਆ ਪਾਰਦਰਸ਼ਤਾ ਨਾਲ ਪੂਰੀ ਕੀਤੀ ਗਈ ਸੀ।

 

ਪਿਛਲੀ ਖ਼ਬਰ 40 ਸਾਲ ਪੁਰਾਣੇ ਬੋਫ਼ੋਰਸ ਘੁਟਾਲੇ ਦੀ ਫਾਈਲ ਬੰਦ ਅਗਲੀ ਖ਼ਬਰ ਗ਼ੈਰ-ਕਾਨੂੰਨੀ ਖਣਨ ਨੂੰ ਲੈ ਕੇ ਵਿਧਾਨ ਸਭਾ ’ਚ ਭਾਰੀ ਹੰਗਾਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।