ਰਾਜ ਸਭਾ ’ਚ ਹਰ ਸੂਬੇ ਨੂੰ ਮਿਲੇ ਬਰਾਬਰ ਨੁਮਾਇੰਦਗੀ- ਇਯਾਲੀ
ਅਮਰੀਕਾ, ਸਵਿਟਜ਼ਰਲੈਂਡ ਤੇ ਆਸਟ੍ਰੇਲੀਆ ਦੀ ਤਰਜ਼ ’ਤੇ ਹੋਵੇ ਪ੍ਰਤੀਨਿਧਤਾ ਚੰਡੀਗੜ੍ਹ, 10 ਅਗਸਤ (ਅ. ਬ.)
ਅਜੀਤ ਡੈਸਕ
11-08-2026
ਚੰਡੀਗੜ੍ਹ, 10 ਅਗਸਤ (ਅ.ਬ.)- ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਸੀਨੀਅਰ ਆਗੂ ਤੇ ਮੁੱਲਾਂਪੁਰ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਰਾਜ ਸਭਾ ’ਚ ਸਾਰੇ ਸੂਬਿਆਂ ਨੂੰ ਬਰਾਬਰ ਨੁਮਾਇੰਦਗੀ ਦੇਣ ਲਈ ਸੰਵਿਧਾਨਕ ਸੋਧ ਲਿਆਉਣ ਦੀ ਮੰਗ ਕੀਤੀ ਹੈ। ਵਿਧਾਨ ਸਭਾ ’ਚ ਇਹ ਮੁੱਦਾ ਉਠਾਉਂਦਿਆਂ ਇਆਲੀ ਨੇ ਕਿਹਾ ਕਿ ਆਬਾਦੀ ਦੇ ਆਧਾਰ ’ਤੇ ਲੋਕ ਸਭਾ ਦੀਆਂ ਸੀਟਾਂ ਦੀ ਹੱਦਬੰਦੀ ਹੋਣ ਨਾਲ ਵੱਡੀ ਆਬਾਦੀ ਵਾਲੇ ਸੂਬਿਆਂ ਦੀ ਨੁਮਾਇੰਦਗੀ ਵਧੇਗੀ, ਪਰ ਇਸ ਨਾਲ ਛੋਟੇ ਸੂਬਿਆਂ ਦੇ ਹਿਤਾਂ ਦੀ ਰਾਖੀ ਲਈ ਰਾਜ ਸਭਾ ’ਚ ਬਰਾਬਰ ਪ੍ਰਤੀਨਿਧਤਾ ਯਕੀਨੀ ਬਣਾਉਣਾ ਵੀ ਬੇਹੱਦ ਜ਼ਰੂਰੀ ਹੈ। ਇਯਾਲੀ ਨੇ ਕਿਹਾ ਕਿ ਪ੍ਰਸਤਾਵਿਤ ਹੱਦਬੰਦੀ ਤੇ ਸੰਵਿਧਾਨਕ ਸੋਧ ਤਹਿਤ ਲੋਕ ਸਭਾ ਦੀਆਂ ਸੀਟਾਂ ’ਚ ਵਾਧਾ ਹੋਣ ਦੀ ਸੰਭਾਵਨਾ ਹੈ। ਪੰਜਾਬ ਦੀਆਂ ਮੌਜੂਦਾ 117 ਵਿਧਾਨ ਸਭਾ ਤੇ ਲੋਕ ਸਭਾ ਸੀਟਾਂ ਵਧਣ ਦੀ ਸੰਭਾਵਨਾ ਦੇ ਮੱਦੇਨਜ਼ਰ ਉਨ੍ਹਾਂ ਕਿਹਾ ਕਿ ਸਿਰਫ਼ ਆਬਾਦੀ ਦੇ ਆਧਾਰ ’ਤੇ ਨੁਮਾਇੰਦਗੀ ਵਧਾਉਣ ਨਾਲ ਛੋਟੇ ਸੂਬਿਆਂ ਦੀ ਰਾਜਨੀਤਿਕ ਆਵਾਜ਼ ਹੋਰ ਕਮਜ਼ੋਰ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਭਾਰਤ ਦੇ ਸੰਘੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਰਾਜ ਸਭਾ ’ਚ ਹਰ ਸੂਬੇ ਨੂੰ ਬਰਾਬਰ ਪ੍ਰਤੀਨਿਧਤਾ ਦੇਣ ’ਤੇ ਵਿਚਾਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਉਦਾਹਰਨ ਦਿੰਦਿਆਂ ਕਿਹਾ ਕਿ ਅਮਰੀਕਾ, ਸਵਿਟਜ਼ਰਲੈਂਡ ਤੇ ਆਸਟ੍ਰੇਲੀਆ ਆਦਿ ਦੇਸ਼ ਇਸ ਦੀ ਮੁੱਖ ਉਦਾਹਰਨ ਹਨ, ਜਿੱਥੇ ਰਾਜਾਂ ਨੂੰ ਉੱਪਰਲੇ ਸਦਨ ਵਿੱਚ ਬਰਾਬਰ ਦੀ ਨੁਮਾਇੰਦਗੀ ਦਿੱਤੀ ਜਾਂਦੀ ਹੈ।