ਉਪਮਾ ਡਾਗਾ ਪਾਰਥ
ਨਵੀਂ ਦਿੱਲੀ, 8 ਸਤੰਬਰ—ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਮੰਗਲਵਾਰ ਨੂੰ ਕਾਂਗਰਸੀ ਨੇਤਾ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਕੀਤੀ। ਭੂਪੇਸ਼ ਬਘੇਲ ਦੀ ਥਾਂਅ ’ਤੇ ਪੰਜਾਬ ਦੀ ਕਮਾਨ ਸਾਂਭਣ ਮਗਰੋਂ ਰਾਹੁਲ ਅਤੇ ਪ੍ਰਿਅੰਕਾ ਨਾਲ ਪਾਇਲਟ ਦੀ ਇਹ ਪਹਿਲੀ ਮੁਲਾਕਾਤ ਹੈ। ਸਚਿਨ ਪਾਇਲਟ ਦੀ ਇਸ ਮੀਟਿੰਗ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਹਲਕਿਆਂ ਮੁਤਾਬਿਕ ਸਚਿਨ ਪਾਇਲਟ ਅਗਲੇ ਹਫਤੇ ਪੰਜਾਬ ਦੌਰੇ ’ਤੇ ਰਵਾਨਾ ਹੋਣਗੇ। ਰਾਹੁਲ ਗਾਂਧੀ ਦੀ ਪੰਜਾਬ ਫੇਰੀ ਤੋਂ ਪਹਿਲਾਂ ਸਚਿਨ ਪਾਇਲਟ ਦਾ ਦੌਰਾ ਪੰਜਾਬ ਕਾਂਗਰਸ ਦੀ ਧੜੇਬੰਦੀ ਨੂੰ ਖ਼ਤਮ ਕਰਨ ਦੀ ਦਿਸ਼ਾ ’ਚ ਕਾਫੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਮੰਨਿਆ ਜਾ ਰਿਹਾ ਹੈ ਕਿ ਮੰਗਲਵਾਰ ਨੂੰ ਸਚਿਨ ਪਾਇਲਟ ਦੀ ਰਾਹੁਲ ਅਤੇ ਪ੍ਰਿਅੰਕਾ ਨਾਲ ਹੋਈ ਮੁਲਾਕਾਤ ’ਚ ਪੰਜਾਬ ਕਾਂਗਰਸ ਦੀ ਮੌਜੂਦਾ ਸਿਆਸੀ ਸਥਿਤੀ, ਚੋਣ ਰਣਨੀਤੀ ਅਤੇ ਧੜੇਬੰਦੀ ’ਤੇ ਚਰਚਾ ਕੀਤੀ ਗਈ।
ਪਾਇਲਟ ਦੇ ਪੰਜਾਬ ਦੌਰੇ ਤੋਂ ਬਾਅਦ ਹੀ ਰਾਹੁਲ ਦੀ ਫੇਰੀ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ। ਇਸ ਤੋਂ ਪਹਿਲਾਂ ਭੂਪੇਸ਼ ਬਘੇਲ, ਪ੍ਰਤਾਪ ਸਿੰਘ ਬਾਜਵਾ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਰਾਹੁਲ ਗਾਂਧੀ ਦੇ ਦੌਰੇ ਨੂੰ ਲੈ ਕੇ ਉਨ੍ਹਾਂ ਦੀ ਟੀਮ ਨੂੰ ਪ੍ਰਸਤਾਵ ਭੇਜੇ ਸਨ। ਮੀਟਿੰਗ ਤੋਂ ਬਾਅਦ ਉਸ ਵੇਲੇ ਪੰਜਾਬ ਕਾਂਗਰਸ ਦੇ ਇੰਚਾਰਜ ਬਘੇਲ ਨੇ ਕਿਹਾ ਸੀ ਕਿ ਅਜੇ ਰਾਹੁਲ ਗਾਂਧੀ ਦੀ ਪੰਜਾਬ ਫੇਰੀ ਦੀ ਤਰੀਕ ਨਿਸਚਿਤ ਨਹੀਂ ਹੋਈ। ਹੁਣ ਸਚਿਨ ਪਾਇਲਟ ਰਾਹੁਲ ਗਾਂਧੀ ਦੀ ਪੰਜਾਬ ਫੇਰੀ ਤੋਂ ਪਹਿਲਾਂ ਸੂੂਬੇ ਦਾ ਦੌਰਾ ਕਰ ਕੇ ਅਤੇ ਪ੍ਰਦੇਸ਼ ਕਾਂਗਰਸ ਦੇ ਵੱਖ-ਵੱਖ ਆਗੂਆਂ ਅਤੇ ਮੁੱਖ ਅਹੁਦੇਦਾਰਾਂ ਨਾਲ ਬੈਠਕ ਕਰਨਗੇ। ਪਾਇਲਟ ਲਈ ਸਭ ਤੋਂ ਵੱਡੀ ਚੁਣੌਤੀ ਪੰਜਾਬ ਕਾਂਗਰਸ ਦੀ ਧੜੇਬੰਦੀ ਨੂੰ ਖਤਮ ਕਰਨਾ ਹੈ। ਪਾਇਲਟ ਕੋਲ ਵੱਖ-ਵੱਖ ਧੜਿਆਂ ’ਚ ਤਾਲਮੇਲ ਦੇ ਨਾਲ-ਨਾਲ ਵਿਧਾਨ ਸਭਾ ਚੋਣਾਂ ਲਈ ਰਣਨੀਤੀ ਤਿਆਰ ਕਰਨ ਦੀ ਜ਼ਿੰਮੇਵਾਰੀ ਹੈ।