* ਸਵੱਛ ਸਰਵੇਖਣ 2025-26 ’ਚ ਸੂਬੇ ਭਰ ’ਚੋਂ ਪਹਿਲਾ ਸਥਾਨ ਹਾਸਿਲ
* ਮੰਤਰੀ ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਤੋਂ ਪ੍ਰਾਪਤ ਕੀਤਾ ਕੌਮੀ ਪੁਰਸਕਾਰ
ਚੰਡੀਗੜ੍ਹ, 11 ਨਵੰਬਰ (ਅਜੀਤ ਬਿਊਰੋ)-ਸਿੱਖ ਧਰਮ ਦੇ ਪਵਿੱਤਰ ਤੇ ਇਤਿਹਾਸਕ ਸ਼ਹਿਰ ਸ੍ਰੀ ਅਨੰਦਪੁਰ ਸਾਹਿਬ ਨੇ ਸਫ਼ਾਈ ਦੇ ਖੇਤਰ ’ਚ ਵੱਡੀ ਪ੍ਰਾਪਤੀ ਦਰਜ ਕਰਦਿਆਂ ਸਵੱਛ ਸਰਵੇਖਣ 2025-26 ਤਹਿਤ ਪੰਜਾਬ ’ਚ ਪਹਿਲਾ ਸਥਾਨ ਹਾਸਿਲ ਕੀਤਾ ਹੈ। ਸ਼ਹਿਰ ਨੂੰ ‘ਸਵੱਛ ਸ਼ਹਿਰ’ ਸ਼੍ਰੇਣੀ ’ਚ ਪੰਜਾਬ ਦਾ ਮੋਹਰੀ ਸ਼ਹਿਰ ਐਲਾਨਿਆ ਗਿਆ ਹੈ। ਇਸ ਪ੍ਰਾਪਤੀ ਨਾਲ ਸ੍ਰੀ ਅਨੰਦਪੁਰ ਸਾਹਿਬ ਨੇ ਸੂਬੇ ’ਚ ਸਫ਼ਾਈ ਤੇ ਸਵੱਛਤਾ ਦੇ ਖੇਤਰ ’ਚ ਆਪਣੀ ਵੱਖਰੀ ਪਛਾਣ ਬਣਾਈ ਹੈ। ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿਖੇ ਬੁੱਧਵਾਰ ਨੂੰ ਕਰਵਾਏ ਗਏ ਕੌਮੀ ਪੱਧਰ ਦੇ ਸਮਾਗਮ ਦੌਰਾਨ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸ੍ਰੀ ਅਨੰਦਪੁਰ ਸਾਹਿਬ ਨੂੰ ਇਹ ਪੁਰਸਕਾਰ ਪ੍ਰਦਾਨ ਕੀਤਾ। ਇਹ ਸਨਮਾਨ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਪ੍ਰਾਪਤ ਕੀਤਾ। ਇਸ ਮੌਕੇ ਕੇਂਦਰੀ ਮਕਾਨ ਉਸਾਰੀ ਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰੀ ਮਨੋਹਰ ਲਾਲ ਤੇ ਕੇਂਦਰੀ ਰਾਜ ਮੰਤਰੀ ਟੋਖਨ ਸਾਹੂ ਵੀ ਮੌਜੂਦ ਸਨ। ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਪ੍ਰਾਪਤੀ ਦਾ ਸਿਹਰਾ ਸ਼ਹਿਰ ਦੇ ਵਸਨੀਕਾਂ, ਸਫ਼ਾਈ ਕਰਮਚਾਰੀਆਂ, ਕੌਂਸਲਰਾਂ, ਨਗਰ ਕੌਂਸਲ ਦੇ ਅਧਿਕਾਰੀਆਂ ਤੇ ਵਾਲੰਟੀਅਰਾਂ ਦੇ ਸਾਂਝੇ ਯਤਨਾਂ ਨੂੰ ਦਿੱਤਾ। ਉਨ੍ਹਾਂ ਕਿਹਾ ਕਿ ਸਫ਼ਾਈ ਕਿਸੇ ਇਕ ਵਿਭਾਗ ਦੀ ਜ਼ਿੰਮੇਵਾਰੀ ਨਹੀਂ ਸਗੋਂ ਲੋਕਾਂ ਦੀ ਸਮੂਹਿਕ ਭਾਗੀਦਾਰੀ ਨਾਲ ਹੀ ਇਸ ਨੂੰ ਲੋਕ ਲਹਿਰ ਬਣਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਦੌਰਾਨ ਸ਼ਹਿਰ ’ਚ ਸਫ਼ਾਈ ਤੇ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਸਨ। ਇਨ੍ਹਾਂ ਯਤਨਾਂ ਨੇ ਸ਼ਹਿਰ ਦੇ ਸਫ਼ਾਈ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ’ਚ ਅਹਿਮ ਭੂਮਿਕਾ ਨਿਭਾਈ। ਮੰਤਰੀ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਸਿੱਖ ਧਰਮ ਦਾ ਮਹੱਤਵਪੂਰਨ ਧਾਰਮਿਕ ਕੇਂਦਰ ਹੋਣ ਕਾਰਨ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ’ਚ ਸ਼ਰਧਾਲੂ ਤੇ ਸੈਲਾਨੀ ਇੱਥੇ ਪਹੁੰਚਦੇ ਹਨ। ਇਸ ਲਈ ਸ਼ਹਿਰ ਦੀਆਂ ਸੜਕਾਂ, ਜਨਤਕ ਥਾਵਾਂ, ਧਾਰਮਿਕ ਸਥਾਨਾਂ ਤੇ ਆਲੇ-ਦੁਆਲੇ ਦੇ ਇਲਾਕਿਆਂ ਦੀ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ। ਸ੍ਰੀ ਅਨੰਦਪੁਰ ਸਾਹਿਬ ਨੂੰ ਮਿਲਿਆ ਇਹ ਸਨਮਾਨ ਸ਼ਹਿਰ ਦੇ ਪ੍ਰਸ਼ਾਸਨ ਤੇ ਵਸਨੀਕਾਂ ਲਈ ਮਾਣ ਵਾਲੀ ਗੱਲ ਹੈ।