ਪੰਜਾਬ ’ਚ ‘ਡਬਲ ਇੰਜਣ’ ਸਰਕਾਰ ਜ਼ਰੂਰੀ-ਸੈਣੀ
ਓ.ਬੀ.ਸੀ. ਨੂੰ ਮਾਣ-ਸਤਿਕਾਰ ਕੇਵਲ ਭਾਜਪਾ ਹੀ ਦੇ ਸਕਦੀ-ਢਿੱਲੋਂ
ਚੰਡੀਗੜ੍ਹ, 19 ਨਵੰਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਸਿਆਸੀ ਅਖਾੜਾ ਭਖਣ ਤੋਂ ਪਹਿਲਾਂ ਹੀ ਪਾਰਟੀਆਂ ਵਿਚ ਦਲ-ਬਦਲੀ ਦਾ ਦੌਰ ਤੇਜ਼ ਹੋਣ ਲੱਗਾ ਹੈ। ਇਸੇ ਦੌਰਾਨ ਕਾਂਗਰਸ ਨੂੰ ਵੱਡਾ ਝਟਕਾ ਦਿੰਦਿਆਂ ਰਾਜਪੁਰਾ ਦੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਆਪਣੇ ਸੈਂਕੜੇ ਸਾਥੀਆਂ ਸਮੇਤ ਭਾਜਪਾ ਦਾ ਪੱਲਾ ਫੜ ਲਿਆ। ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਹੋਏ ਸਮਾਗਮ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਤੇ ਉਨ੍ਹਾਂ ਦੇ ਸਮਰਥਕਾਂ ਦਾ ਭਾਜਪਾ ਵਿਚ ਸਵਾਗਤ ਕੀਤਾ । ਇਸ ਮੌਕੇ ਪਾਰਟੀ ਦੇ ਕੌਮੀ ਜਨਰਲ ਸਕੱਤਰ, ਰਾਜ ਸਭਾ ਮੈਂਬਰ ਤੇ ਪੰਜਾਬ ਭਾਜਪਾ ਦੇ ਪ੍ਰਭਾਰੀ ਡਾ. ਸਤੀਸ਼ ਪੂਨੀਆ, ਸੂਬਾ ਜਨਰਲ ਸਕੱਤਰ ਅਨਿਲ ਸਰੀਨ, ਜੀਵਨ ਗਰਗ, ਸੂਬਾ ਮੀਡੀਆ ਮੁਖੀ ਵਿਨੀਤ ਜੋਸ਼ੀ, ਮੋਗਾ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ, ਪਟਿਆਲਾ ਦੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਤੇ ਹੋਰ ਆਗੂ ਹਾਜ਼ਰ ਸਨ । ਕੰਬੋਜ ਦੇ ਨਾਲ ਰਾਜਪੁਰਾ ਦੀ ਕਾਂਗਰਸ ਟੀਮ ਦੇ ਕਈ ਅਹੁਦੇਦਾਰਾਂ ਤੇ ਸਥਾਨਕ ਆਗੂਆਂ ਨੇ ਵੀ ਭਾਜਪਾ ਵਿਚ ਸ਼ਮੂਲੀਅਤ ਕੀਤੀ । ਭਾਜਪਾ ਵਿਚ ਸ਼ਾਮਿਲ ਹੋਣ ਤੋਂ ਬਾਅਦ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਕਿਹਾ ਕਿ ਉਹ ਪਿਛਲੇ ਪੰਜ-ਛੇ ਮਹੀਨਿਆਂ ਤੋਂ ਪੰਜਾਬ ਦੇ ਮੌਜੂਦਾ ਹਾਲਾਤਾਂ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੇ ਸਨ । ਉਨ੍ਹਾਂ ਕਿਹਾ ਕਿ ਪੰਜਾਬ ਦੇ ਹਾਲਾਤਾਂ ਤੋਂ ਨਿਰਾਸ਼ ਹੋ ਕੇ ਹੀ ਉਨ੍ਹਾਂ ਨੇ ਭਾਜਪਾ ਵਿਚ ਸ਼ਾਮਿਲ ਹੋਣ ਦਾ ਫ਼ੈਸਲਾ ਕੀਤਾ ਹੈ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਦਿਆਲ ਸਿੰਘ ਕੰਬੋਜ ਤੇ ਉਨ੍ਹਾਂ ਦੇ ਸਾਥੀਆਂ ਦਾ ਭਾਜਪਾ ਵਿਚ ਸ਼ਾਮਿਲ ਹੋਣਾ ਪਾਰਟੀ ਲਈ ਇਤਿਹਾਸਕ ਦਿਨ ਹੈ । ਪੰਜਾਬ ਨੂੰ ਕਰਜ਼ੇ, ਨਸ਼ਿਆਂ ਤੇ ਗੈਂਗਸਟਰਵਾਦ ਤੋਂ ਮੁਕਤ ਕਰਵਾਉਣ ਲਈ ‘ਡਬਲ ਇੰਜਣ’ ਸਰਕਾਰ ਜ਼ਰੂਰੀ ਹੈ। ਇਸ ਮੌਕੇ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਕਰਜ਼ੇ, ਨਸ਼ਿਆਂ, ਗੈਂਗਸਟਰਵਾਦ ਤੇ ਵਿਗੜ ਰਹੀ ਕਾਨੂੰਨ ਵਿਵਸਥਾ ਵਰਗੀਆਂ ਗੰਭੀਰ ਸਮੱਸਿਆਵਾਂ ਨਾਲ ਜੂਝ ਰਿਹਾ ਹੈ । ਉਨ੍ਹਾਂ ਦੋਸ਼ ਲਾਇਆ ਕਿ ‘ਆਪ’ ਸਰਕਾਰ ਨੇ ਸੂਬੇ ਦੇ ਹਰ ਖੇਤਰ ਨੂੰ ਨੁਕਸਾਨ ਪਹੁੰਚਾਇਆ ਹੈ । ਢਿੱਲੋਂ ਨੇ ਕਿਹਾ ਕਿ ਓ.ਬੀ.ਸੀ. ਵਰਗ ਨੂੰ ਮਾਣ-ਸਤਿਕਾਰ ਕੇਵਲ ਭਾਜਪਾ ਹੀ ਦੇ ਸਕਦੀ ਹੈ।
ਅੱਜ ਭਾਜਪਾ ਵਿਚ ਸ਼ਾਮਿਲ ਹੋਣ ਵਾਲੇ ਪ੍ਰਮੁੱਖ ਆਗੂ
ਭਾਜਪਾ ’ਚ ਸ਼ਾਮਿਲ ਹੋਣ ਵਾਲਿਆਂ ’ਚ ਨਵਦੀਪ ਸਿੰਘ ਸੰਘਾ, ਜੋ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਸੀਨੀਅਰ ਆਗੂ, ਸਾਬਕਾ ਵਿਦਿਆਰਥੀ ਆਗੂ ਤੇ ਮੋਗਾ ਵਿਧਾਨ ਸਭਾ ਹਲਕੇ ਤੋਂ ਪਾਰਟੀ ਦੇ ਬੁਲਾਰੇ ਸਨ, ਮਨਦੀਪ ਸਿੰਘ ਗਿੱਲ, ਜੋ ਆਮ ਆਦਮੀ ਪਾਰਟੀ ਦੇ ਮੋਗਾ ਵਿਚ ਸੰਸਥਾਪਕ ਮੈਂਬਰਾਂ ਵਿਚੋਂ ਇਕ ਤੇ ਹਲਕੇ ਵਿਚ ਪਾਰਟੀ ਦੇ ਬੌਧਿਕ ਵਿੰਗ ਦੇ ਇੰਚਾਰਜ ਸਨ, ਮਨਪ੍ਰੀਤ ਸਿੰਘ ਰਿੰਕੂ, ਜੋ ਆਮ ਆਦਮੀ ਪਾਰਟੀ ਦੇ ਐੱਸ.ਸੀ./ਬੀ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ, ਮੋਗਾ ਸਨ, ਸੁਖਦੀਪ ਸਿੰਘ ਧਾਮੀ, ਜੋ ਆਮ ਆਦਮੀ ਪਾਰਟੀ ਦੇ ਐੱਸ.ਸੀ./ਬੀ.ਸੀ. ਵਿੰਗ ਦੇ ਸੰਯੁਕਤ ਸਕੱਤਰ, ਮੋਗਾ ਸਨ, ਸੁਰਿੰਦਰ ਸਿੰਘ ਚੌਹਾਨ, ਜੋ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਅਤੇ ਲੁਧਿਆਣਾ ਦੇ ਆਤਮ ਨਗਰ ਵਿਧਾਨ ਸਭਾ ਹਲਕੇ ਦੇ ਆਗੂ ਸਨ, ਅਤੇ ਸ਼੍ਰੋਮਣੀ ਅਕਾਲੀ ਦਲ ਦੇ ਡਾ. ਜਸਵਿੰਦਰਪਾਲ ਸੋਹਲ ਆਪਣੇ ਸਾਥੀਆਂ ਸਮੇਤ ਭਾਜਪਾ ਵਿਚ ਸ਼ਾਮਲ ਹੋਏ।