25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਾਂ ਨੇ ਵਿੱਤ ਮੰਤਰੀ ਤੇ ਸਰਕਾਰ ਦਾ ਪੁਤਲਾ ਫੂਕਿਆ

ਅਜੀਤ ਡੈਸਕ 21-01-2026
ਹੁਸ਼ਿਆਰਪੁਰ, 20 ਜਨਵਰੀ (ਬਲਜਿੰਦਰਪਾਲ ਸਿੰਘ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ 'ਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਬ੍ਰਾਂਚ ਪ੍ਰਧਾਨ ਸੁਖਵਿੰਦਰ ਸਿੰਘ ਚੁੰਬਰ ਦੀ ਪ੍ਰਧਾਨਗੀ ਹੇਠ ਮਿੰਨੀ ਸਕੱਤਰੇਤ ਹੁਸ਼ਿਆਰਪੁਰ ਸਾਹਮਣੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਬੱਧਣ ਤੇ ਸੂਬਾ ਦਫ਼ਤਰੀ ਸਕੱਤਰ ਉਂਕਾਰ ਸਿੰਘ ਢਾਂਡਾ ਨੇ ਦੱਸਿਆ ਕਿ ਅਸੀਂ ਪੰਜਾਬ ਸਰਕਾਰ ਅਧੀਨ ਵੱਖ-ਵੱਖ ਸਰਕਾਰੀ ਵਿਭਾਗਾਂ 'ਚ ਬਤੌਰ ਆਊਟ-ਸੋਰਸਿਡ ਇਨਲਿਸਟਮੈਂਟ ਦਿਹਾੜੀਦਾਰ ਅਤੇ ਠੇਕਾ ਮੁਲਾਜ਼ਮਾਂ ਦੇ ਰੂਪ 'ਚ ਵੱਖ-ਵੱਖ ਕੰਪਨੀਆਂ ਅਤੇ ਸੁਸਾਇਟੀਆਂ ਵਲੋਂ ਤਾਇਨਾਤ ਮੁਲਾਜ਼ਮ ਹਾਂ | ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਮੁਤਾਬਿਕ ਸਥਾਈ ਸੇਵਾ ਦੀ ਲੋੜ ਦੇ ਖੇਤਰਾਂ 'ਚ ਪੰਜਾਬ ਸਰਕਾਰ ਸਾਨੂੰ ਪੱਕਾ ਰੁਜ਼ਗਾਰ ਦੇਵੇ, ਘੱਟੋ-ਘੱਟ ਉਜਰਤ ਦੇ ਕਾਨੂੰਨ 1948 ਅਤੇ 15ਵੀਂ ਲੇਬਰ ਕਾਨਫ਼ਰੰਸ ਦੀਆਂ ਸਿਫ਼ਾਰਿਸ਼ਾਂ ਅਨੁਸਾਰ ਸਾਡੀ ਤਨਖ਼ਾਹ ਨਿਸ਼ਚਿਤ ਕੀਤੀ ਜਾਵੇ, ਕੰਮ ਭਾਰ ਦੀ ਪਹਿਲਾਂ ਤੈਅ ਨੀਤੀ ਅਨੁਸਾਰ ਨਵੀਆਂ ਅਸਾਮੀਆਂ ਦੀ ਰਚਨਾ ਕਰਕੇ ਬੇਰੁਜ਼ਗਾਰਾਂ ਨੂੰ ਪੱਕਾ ਰੁਜ਼ਗਾਰ ਦਿੱਤਾ ਜਾਵੇ, ਰਿਟਾਇਰਮੈਂਟ ਉਪਰੰਤ ਸਭ ਨੂੰ ਪੈਨਸ਼ਨਰੀ ਸੇਵਾ ਲਾਭ ਤੇ ਹੋਰ ਸਹੂਲਤਾਂ ਦਿੱਤੀਆਂ ਜਾਣ ਆਦਿ ਮੰਗਾਂ ਦਾ ਹੱਲ ਕੀਤਾ ਜਾਵੇ | ਆਗੂਆਂ ਨੇ ਕਿਹਾ ਕਿ ਮੌਜੂਦਾ ਸਰਕਾਰ ਵਲੋਂ ਪਹਿਲੀਆਂ ਸਰਕਾਰਾਂ ਦੇ ਰਾਹਾਂ 'ਤੇ ਚੱਲਦੇ ਹੋਏ ਆਊਟ-ਸੋਰਸਿਡ ਇਨਲਿਸਟਮੈਂਟ ਦਿਹਾੜੀਦਾਰ ਅਤੇ ਠੇਕਾ ਮੁਲਾਜ਼ਮਾਂ ਨੂੰ ਵਿਭਾਗ 'ਚ ਲਿਆ ਕੇ ਰੈਗੂਲਰ ਕਰਨ ਦੀ ਪਰਪੋਜਲ ਤਿਆਰ ਕਰਨ ਦੇ ਨਾਂਅ ਹੇਠ ਵਿਤ ਮੰਤਰੀ ਦੀ ਅਗਵਾਈ ਵਿਚ ਇਕ ਸਬ ਕਮੇਟੀ ਦਾ ਗਠਨ ਕੀਤਾ ਗਿਆ ਸੀ, ਜਿਸ ਵਲੋਂ ਲਮਕਾਊ ਅਤੇ ਟਰਕਾਊ ਚਾਲਾਂ ਰਾਹੀਂ ਮੁਲਾਜ਼ਮਾਂ ਨਾਲ ਧੋਖਾ ਕਰਕੇ ਡੰਗ ਟਪਾਈ ਕੀਤੀ ਗਈ | ਉਨ੍ਹਾਂ ਕਿਹਾ ਕਿ ਮੰਗਾਂ ਦਾ ਹੱਲ ਨਾ ਹੋਣ 'ਤੇ ਜਿੱਥੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ, ਉੱਥੇ 24 ਜਨਵਰੀ ਦੀ ਦਿੜ੍ਹਬਾ ਰੈਲੀ 'ਚ ਵੀ ਪਰਿਵਾਰਾਂ ਸਮੇਤ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ |
ਪਿਛਲੀ ਖ਼ਬਰ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਕੀਰਤਨ ਸਮਾਗਮ <br/> ਅਗਲੀ ਖ਼ਬਰ 24 ਦੀ ਦਿੜ੍ਹਬਾ ਰੈਲੀ 'ਚ ਪਰਿਵਾਰਾਂ ਸਮੇਤ ਭਰਵੀਂ ਸ਼ਮੂਲੀਅਤ ਦਾ ਕੀਤਾ ਐਲਾਨ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।