ਕਿਹਾ, ਨੌਜਵਾਨ 23 ਜਨਵਰੀ ਤੱਕ ਭਰ ਸਕਦੇ ਨੇ ਨਾਮਜ਼ਦਗੀਆਂ ਯੂਥ ਕਾਂਗਰਸ ਦੇ ਅਹੁਦੇਦਾਰਾਂ ਦੀ ਚੋਣ ਪਾਰਦਰਸ਼ੀ ਢੰਗ ਨਾਲ ਆਨਲਾਈਨ ਹੋਵੇਗੀ- ਗੌਰਵ ਸ਼ਰਮਾ
ਅਜੀਤ ਡੈਸਕ
21-01-2026
ਹੁਸ਼ਿਆਰਪੁਰ, 20 ਜਨਵਰੀ (ਬਲਜਿੰਦਰਪਾਲ ਸਿੰਘ)-ਪੰਜਾਬ 'ਚ ਯੂਥ ਕਾਂਗਰਸ ਦੇ ਸੰਗਠਨਾਤਮਿਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਬਲਾਕ ਪ੍ਰਧਾਨ ਤੋਂ ਲੈ ਕੇ ਸੂਬਾ ਪ੍ਰਧਾਨ ਤੱਕ ਦੇ ਅਹੁਦਿਆਂ ਲਈ ਚੋਣ ਪ੍ਰਕਿਰਿਆ ਅਧਿਕਾਰਤ ਤੌਰ 'ਤੇ ਸ਼ੁਰੂ ਹੋ ਗਈ ਹੈ | ਇਹ ਪ੍ਰਗਟਾਵਾ ਭਾਰਤੀ ਯੂਥ ਕਾਂਗਰਸ ਵਲੋਂ ਅੰਮਿ੍ਤਸਰ ਜ਼ੋਨ (7 ਜ਼ਿਲਿ੍ਹਆਂ) ਲਈ ਨਿਯੁਕਤ ਕੀਤੇ ਚੋਣ ਅਬਜ਼ਰਵਰ ਗੌਰਵ ਸ਼ਰਮਾ ਨੇ ਅੱਜ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਕਾਂਗਰਸ ਦਫ਼ਤਰ ਦੇ ਦੌਰੇ ਦੌਰਾਨ ਪੈੱ੍ਰਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕੀਤਾ | ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਕਾਂਗਰਸ ਪ੍ਰਧਾਨ ਐਡਵੋਕੇਟ ਦਲਜੀਤ ਸਿੰਘ ਗਿਲਜੀਆਂ ਵੀ ਮੌਜੂਦ ਸਨ | ਦੌਰੇ ਦੌਰਾਨ ਉਨ੍ਹਾਂ ਪਾਰਟੀ ਵਰਕਰਾਂ ਨੂੰ ਚੋਣਾਂ ਦੀਆਂ ਬਰੀਕੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਨੌਜਵਾਨਾਂ ਨੂੰ ਲੋਕਤੰਤਰੀ ਪ੍ਰਕਿਰਿਆ 'ਚ ਸਰਗਰਮੀ ਨਾਲ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ | ਪੈੱ੍ਰਸ ਕਾਨਫ਼ਰੰਸ ਦੌਰਾਨ ਗੌਰਵ ਸ਼ਰਮਾ ਨੇ ਦੱਸਿਆ ਕਿ ਪਿਛਲੀ ਵਾਰ ਦੀ ਤਰ੍ਹਾਂ ਪਾਰਦਰਸ਼ਤਾ ਬਣਾਈ ਰੱਖਣ ਲਈ ਪੂਰੀ ਪ੍ਰਕਿਰਿਆ ਨੂੰ ਆਨਲਾਈਨ ਰੱਖਿਆ ਗਿਆ ਹੈ ਅਤੇ 18 ਤੋਂ 35 ਸਾਲ ਦੀ ਉਮਰ ਦੇ ਨੌਜਵਾਨ ਇਸ ਚੋਣ 'ਚ ਹਿੱਸਾ ਲੈ ਸਕਦੇ ਹਨ | ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਨਾਮਜ਼ਦਗੀਆਂ ਪਹਿਲਾਂ ਹੀ ਸ਼ੁਰੂ ਹੋ ਚੁੱਕੀਆਂ ਹਨ, ਜੋ 23 ਜਨਵਰੀ ਤੱਕ ਜਾਰੀ ਰਹਿਣਗੀਆਂ | ਇਸ ਉਪਰੰਤ 28 ਜਨਵਰੀ ਨੂੰ ਪੜਤਾਲ ਕੀਤੀ ਜਾਵੇਗੀ ਅਤੇ ਯੋਗ ਉਮੀਦਵਾਰਾਂ ਦੇ ਨਾਂਅ ਪੋਰਟਲ 'ਤੇ ਅੱਪਲੋਡ ਕੀਤੇ ਜਾਣਗੇ, ਜਿਸ ਤੋਂ ਤੁਰੰਤ ਬਾਅਦ ਆਨਲਾਈਨ ਵੋਟਿੰਗ ਸ਼ੁਰੂ ਹੋਵੇਗੀ | ਉਨ੍ਹਾਂ ਕਿਹਾ ਕਿ ਨੌਜਵਾਨ ਵਰਕਰ ਇਸ ਲਈ ਅਰਜ਼ੀ ਦੇ ਸਕਦੇ ਹਨ ਤੇ ਵੋਟ ਪਾ ਸਕਦੇ ਹਨ | ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਤੋਂ ਲੈ ਕੇ ਵੋਟਿੰਗ ਤੱਕ ਦਾ ਸਾਰਾ ਕੰਮ ਇਕ ਡਿਜੀਟਲ ਪਲੇਟਫ਼ਾਰਮ 'ਤੇ ਕੀਤਾ ਜਾਵੇਗਾ | ਇਸ ਮੌਕੇ ਐਡਵੋਕੇਟ ਰੋਹਿਤ ਜੋਸ਼ੀ ਡੈਲੀਗੇਟ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ, ਕੁਕੂ ਚੌਹਾਨ, ਵਿਨੀਤਾ ਸ਼ਰਮਾ, ਗੁਰਦੀਪ ਕਟੋਚ, ਮਨਜਿੰਦਰ ਰੇਹਲ, ਸੁਰਿੰਦਰ ਸਿੱਧੂ ਆਦਿ ਹਾਜ਼ਰ ਸਨ |