ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਗ਼ਲਤ ਅਨਸਰਾਂ ਖ਼ਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਆਪ੍ਰੇਸ਼ਨ 'ਪ੍ਰਹਾਰ' ਤਹਿਤ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਦੀ ਅਗਵਾਈ 'ਚ ਜ਼ਿਲ੍ਹਾ ਪੁਲਿਸ ਵਲੋਂ ਵੱਖ-ਵੱਖ ਜਗ੍ਹਾ 'ਤੇ ਛਾਪੇਮਾਰੀ ਕੀਤੀ ਗਈ ਅਤੇ ਵੱਡੀ ਗਿਣਤੀ 'ਚ ਨਸ਼ੇ ਦੇ ਕਾਰੋਬਾਰ 'ਚ ਸ਼ਾਮਿਲ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਮਲਿਕ ਨੇ ਦੱਸਿਆ ਕਿ ਆਪ੍ਰੇਸ਼ਨ ਦੌਰਾਨ 150 ਦੇ ਕਰੀਬ ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ ਅਤੇ 80 ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਗਿ੍ਫ਼ਤਾਰ ਕੀਤੇ ਗਏ ਕਥਿਤ ਦੋਸ਼ੀਆਂ ਖ਼ਿਲਾਫ਼ ਵੱਖ-ਵੱਖ ਥਾਣਿਆਂ 'ਚ ਵੱਖ-ਵੱਖ ਧਾਰਾਵਾਂ ਤਹਿਤ ਮਾਮਲੇ ਦਰਜ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਆਪ੍ਰੇਸ਼ਨ ਪ੍ਰਹਾਰ ਦੇ ਪਹਿਲੇ ਦਿਨ ਪੁਲਿਸ ਨੇ ਨਜਾਇਜ਼ ਹਥਿਆਰ, ਨਸ਼ੀਲੇ ਪਦਾਰਥ ਅਤੇ ਵਾਹਨ ਬਰਾਮਦ ਕੀਤੇ ਹਨ | ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਆਪ੍ਰੇਸ਼ਨ ਪ੍ਰਹਾਰ ਨੂੰ ਸਹੀ ਢੰਗ ਨਾਲ ਨੇਪਰੇ ਚਾੜ੍ਹਨ ਲਈ 80 ਟੀਮਾਂ ਦਾ ਗਠਨ ਕੀਤਾ ਗਿਆ ਸੀ ਜਿਨ੍ਹਾਂ 'ਚ ਕਰੀਬ 500 ਪੁਲਿਸ ਅਧਿਕਾਰੀ ਤੇ ਕਰਮਚਾਰੀ ਸ਼ਾਮਲ ਸਨ | ਉਨ੍ਹਾਂ ਦੱਸਿਆ ਕਿ ਟੀਮਾਂ ਵੱਲੋਂ 300 ਥਾਵਾਂ 'ਤੇ ਛਾਪੇਮਾਰੀ ਕੀਤੀ ਗਈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਨਸ਼ੇ ਦੇ ਕਾਰੋਬਾਰੀ ਸੰਬੰਧੀ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਇਸਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ |