ਗੜ੍ਹਦੀਵਾਲਾ, 25 ਮਾਰਚ (ਚੱਗਰ)-ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਸਰਕਲ ਪ੍ਰਧਾਨ ਪਰਮਿੰਦਰ ਸਿੰਘ ਸਮਰਾ ਤੇ ਚੇਅਰਮੈਨ ਬਲਵੀਰ ਸਿੰਘ ਸੋਹੀਆਂ ਨੇ ਇਕ ਬਿਆਨ ਰਾਹੀ ਕਿਹਾ ਕਿ ਸ਼ੂਗਰ ਮਿੱਲਾਂ ਵੱਲੋਂ ਇਸ ਸੀਜ਼ਨ ਗੰਨੇ ਦੀ ਪਿੜ੍ਹਾਈ ਤਕਰੀਬਨ ਖ਼ਤਮ ਹੋਣ ਦੇ ਕਿਨਾਰੇ ਹੈ, ਪਰ ਸਰਕਾਰ ਵਲੋਂ ਕਿਸਾਨਾਂ ਦੀ ਬਕਾਇਆ ਰਾਸ਼ੀ 68.50 ਪੈਸੇ ਦੀ ਅਦਾਇਗੀ ਅਜੇ ਤੱਕ ਸ਼ੁਰੂ ਨਹੀਂ ਕੀਤੀ ਗਈ | ਜਿਸ ਕਰਕੇ ਕਿਸਾਨਾਂ ਨੂੰ ਆਪਣੀ ਹੀ ਵੇਚੀ ਹੋਈ ਫ਼ਸਲ ਦੀ ਅਦਾਇਗੀ ਲਈ ਸੰਘਰਸ਼ ਕਰਨੇ ਪੈ ਰਹੇ ਹਨ | ਉਨ੍ਹਾਂ ਦੱਸਿਆ ਕਿ ਪਿਛਲੇ ਸੀਜ਼ਨ ਦੌਰਾਨ ਵੀ ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਵਲੋਂ ਲਗਾਤਾਰ ਸਰਕਾਰ 'ਤੇ ਦਬਾਅ ਪਾ ਕੇ ਅਦਾਇਗੀ ਕਰਵਾਈ ਗਈ ਸੀ | ਉਨ੍ਹਾਂ ਕਿਹਾ ਕਿ ਪਹਿਲਾਂ ਵੀ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਮਾਲਵੇ ਵਿਚ ਨਰਮੇ ਦੀਆਂ ਮਿੱਲਾਂ ਬੰਦ ਹੋ ਚੁੱਕੀਆਂ ਹਨ ਅਤੇ ਕਿਸਾਨਾਂ ਦੀ ਆਰਥਿਕ ਹਾਲਤ ਕਮਜ਼ੋਰ ਹੋ ਰਹੀ ਹੈ | ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਦੀ ਬਕਾਇਆ ਰਾਸ਼ੀ ਜਲਦ ਤੋਂ ਜਲਦ ਉਨ੍ਹਾਂ ਦੇ ਖਾਤਿਆਂ ਵਿਚ ਪਾਵੇ |