ਹੁਸ਼ਿਆਰਪੁਰ, 29 ਮਾਰਚ (ਬਲਜਿੰਦਰਪਾਲ ਸਿੰਘ)-ਆਮ ਆਦਮੀ ਪਾਰਟੀ 2027 ਦੀਆਂ ਵਿਧਾਨਸਭਾ ਚੋਣਾਂ 'ਚ ਵਿਕਾਸ ਦੇ ਅਧਾਰ 'ਤੇ 100 ਤੋਂ ਵੱਧ ਸੀਟਾਂ ਜਿੱਤ ਕੇ ਦੁਬਾਰਾ ਸੂਬੇ 'ਚ ਸਰਕਾਰ ਬਣਾਏਗੀ | ਸੂਬੇ ਦੇ ਲੋਕਾਂ ਨੂੰ ਪਿਛਲੀਆਂ ਚੋਣਾਂ ਦੌਰਾਨ 92 ਸੀਟਾਂ 'ਤੇ ਜਿਤਿਆ ਸੀ ਤੇ ਇਸ ਵਾਰ ਲੋਕਾਂ ਦਾ ਵਿਸ਼ਵਾਸ਼ ਹੋਰ ਵੀ ਮਜਬੂਤ ਹੋਇਆ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਹ ਅੱਜ ਹੁਸ਼ਿਆਰਪੁਰ ਵਿਖੇ ਵਿਧਾਇਕਾ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਆਉਣ ਵਾਲੀਆਂ 2027 ਦੀਆਂ ਚੋਣਾਂ ਸੰਬੰਧੀ ਪਾਰਟੀ ਦੀ ਰਣਨੀਤੀ ਬਾਰੇ ਵਿਚਾਰਾ-ਵਟਾਂਦਰਾ ਕਰਨ ਲਈ ਪਹੁੰਚੇ ਸਨ | ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਵੀ ਹਾਜ਼ਰ ਸਨ | ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਬੇਸ਼ਕ ਕੁੜ ਪ੍ਰਚਾਰ ਕਰ ਰਹੀਆਂ ਹਨ ਪਰੰਤੂ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਦੇ ਚੱਲਦਿਆਂ ਦੁਬਾਰਾ ਸਰਕਾਰ ਬਣਾਉਣ ਲਈ ਲੋਕਾ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਉਨ੍ਹਾਂ ਨੂੰ ਪੂਰਾ ਯਕੀਨ ਹੈ ਕਿ ਪੰਜਾਬ 'ਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ | ਸਰਾਬ ਘੁਟਾਲੇ ਵਾਲੇ ਮਾਮਲੇ 'ਚ ਅਦਾਲਤ ਵਲੋਂ ਸੁਣਾਏ ਗਏ ਫੈਸਲੇ ਸੰਬੰਧੀ ਪੁਛੇ ਜਾਣ 'ਤੇ ਸਿਸੋਦਿਆਂ ਨੇ ਕਿਹਾ ਕਿ ਇਹ ਸੱਚਾਈ ਦੀ ਜਿੱਤ ਹੈ ਜਦਕਿ ਵਿਰੋਧੀ ਪਾਰਟੀਆਂ 'ਆਪ' ਦੇ ਸੀਨੀਅਰ ਆਗੂਆਂ ਨੂੰ ਬਦਨਾਮ ਕਰਨ 'ਤੇ ਤੁਲੀਆਂ ਹੋਈਆਂ ਹਨ | ਉਨ੍ਹਾਂ ਭਾਜਪਾ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਵੱਧਦੀ ਲੋਕਪਿ੍ਅਤਾ ਤੋਂ ਡਰ ਕੇ ਕੇਂਦਰ ਸਰਕਾਰ ਨੇ ਇਹ ਸਾਜ਼ਿਸ ਘੜੀ ਸੀ ਕਿਉਂਕਿ ਉਨ੍ਹਾਂ ਕੋਲ ਹੋਰ ਕੋਈ ਵੀ ਮੁੱਦਾ ਨਹੀਂ ਸੀ | ਉਨ੍ਹਾਂ ਕਿਹਾ ਕਿ ਵਿਰੋਧੀਆਂ ਦਾ ਕੰਮ ਸਿਰਫ ਬੋਲਣਾ ਹੈ ਪਰੰਤੂ ਪੰਜਾਬ ਦੇ ਲੋਕ ਸਰਕਾਰ ਦੇ ਕੰਮਾਂ ਤੋਂ ਪੂਰੀ ਤਰ੍ਹਾਂ ਨਾਲ ਸੰਤੁਸ਼ਟ ਹਨ |