09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਭਾਰਤੀ ਜਨਤਾ ਪਾਰਟੀ ਦੇ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ

ਅਜੀਤ ਡੈਸਕ 25-06-2026

ਹੁਸ਼ਿਆਰਪੁਰ, 24 ਜੂਨ (ਬਲਜਿੰਦਰਪਾਲ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਅੱਜ ਹੁਸ਼ਿਆਰਪੁਰ ਵਿਖੇ ਭਾਜਪਾ ਦਫ਼ਤਰ ਦੇ ਸਾਹਮਣੇ ਕੇਂਦਰ ਸਰਕਾਰ ਦੀਆਂ ਕਿਸਾਨ ਅਤੇ ਮਜ਼ਦੂਰ ਵਿਰੋਧੀ ਨੀਤੀਆਂ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪੁਤਲੇ ਫੂਕ ਕੇ ਆਪਣਾ ਰੋਸ ਜ਼ਾਹਿਰ ਕੀਤਾ। ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਭੁੱਲਾ ਦੀ ਅਗਵਾਈ ਹੇਠ ਹੋਏ ਇਸ ਪ੍ਰਦਰਸ਼ਨ ਵਿਚ ਵੱਡੀ ਗਿਣਤੀ ਵਿਚ ਕਿਸਾਨਾਂ, ਮਜ਼ਦੂਰਾਂ ਅਤੇ ਜਥੇਬੰਦੀ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ। ਪ੍ਰਦਰਸ਼ਨਕਾਰੀਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਕਾਰਪੋਰੇਟ ਘਰਾਣਿਆਂ ਨੂੰ ਫ਼ਾਇਦਾ ਪਹੁੰਚਾਉਣ ਵਾਲੀਆਂ ਹਨ, ਜਦਕਿ ਕਿਸਾਨਾਂ ਅਤੇ ਆਮ ਲੋਕਾਂ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਆਗੂਆਂ ਨੇ ਕਰ-ਮੁਕਤ ਅਮਰੀਕਾ-ਭਾਰਤ ਵਪਾਰ ਸਮਝੌਤੇ ਦਾ ਸਖ਼ਤ ਵਿਰੋਧ ਕਰਦਿਆਂ ਕਿਹਾ ਕਿ ਅਜਿਹੇ ਸਮਝੌਤੇ ਦੇਸ਼ ਦੇ ਖੇਤੀਬਾੜੀ ਖੇਤਰ ਅਤੇ ਛੋਟੇ ਕਿਸਾਨਾਂ ਲਈ ਘਾਤਕ ਸਾਬਤ ਹੋ ਸਕਦੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਵਿਦੇਸ਼ੀ ਕੰਪਨੀਆਂ ਨੂੰ ਭਾਰਤੀ ਬਾਜ਼ਾਰਾਂ ਵਿਚ ਖੁੱਲ੍ਹੀ ਛੂਟ ਦੇਣ ਨਾਲ ਦੇਸ਼ ਦੀ ਖੇਤੀ ਆਰਥਿਕਤਾ ਪ੍ਰਭਾਵਿਤ ਹੋਵੇਗੀ ਅਤੇ ਕਿਸਾਨਾਂ ਨੂੰ ਆਪਣੀਆਂ ਫ਼ਸਲਾਂ ਦੇ ਵਾਜਬ ਭਾਅ ਲੈਣ ਵਿਚ ਹੋਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਕਿਸਾਨ ਆਗੂਆਂ ਨੇ ਬੀਜ ਸੋਧ ਐਕਟ, ਬਿਜਲੀ ਬਿੱਲ ਅਤੇ ਚਿੱਪ ਵਾਲੇ ਬਿਜਲੀ ਮੀਟਰਾਂ ਦਾ ਵੀ ਡਟਵਾਂ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਫ਼ੈਸਲਿਆਂ ਨਾਲ ਕਿਸਾਨਾਂ ਅਤੇ ਖਪਤਕਾਰਾਂ ‘ਤੇ ਵਾਧੂ ਆਰਥਿਕ ਬੋਝ ਪਵੇਗਾ। ਉਨ੍ਹਾਂ ਕਿਹਾ ਕਿ ਸਮਾਰਟ ਮੀਟਰਾਂ ਰਾਹੀਂ ਲੋਕਾਂ ਦੀਆਂ ਜੇਬਾਂ ‘ਤੇ ਹੋਰ ਵੱਧ ਬੋਝ ਪਾਇਆ ਜਾ ਰਿਹਾ ਹੈ, ਜਿਸ ਨੂੰ ਕਿਸਾਨ ਜਥੇਬੰਦੀਆਂ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕਰਨਗੀਆਂ। ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਜੁੜੇ ਸਾਰੇ ਫ਼ੈਸਲੇ ਲਾਗੂ ਕਰਨ ਤੋਂ ਪਹਿਲਾਂ ਜਥੇਬੰਦੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਵੇ ਅਤੇ ਲੋਕ ਵਿਰੋਧੀ ਫ਼ੈਸਲੇ ਤੁਰੰਤ ਵਾਪਸ ਲਏ ਜਾਣ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਆਪਣੀਆਂ ਨੀਤੀਆਂ ‘ਚ ਤਬਦੀਲੀ ਨਾ ਕੀਤੀ ਤਾਂ ਆਉਣ ਵਾਲੇ ਸਮੇਂ ‘ਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਸੂਬਾ ਪੱਧਰ ‘ਤੇ ਵੱਡੇ ਅੰਦੋਲਨਾਂ ਦਾ ਐਲਾਨ ਕੀਤਾ ਜਾਵੇਗਾ।

ਪਿਛਲੀ ਖ਼ਬਰ ਡਾ. ਇਸ਼ਾਂਕ ਕੁਮਾਰ ਨੇ ਭੁੱਲੇਵਾਲ ਗੁੱਜਰਾਂ ’ਚ ਸੜਕ ਦੇ ਨਿਰਮਾਣ ਕਾਰਜ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਖ਼ਾਲਸਾ ਕਾਲਜ ’ਚ ਦਾਖ਼ਲੇ ਲਈ ਵਿਦਿਆਰਥੀਆਂ ’ਚ ਭਾਰੀ ਉਤਸ਼ਾਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।