ਹੁਸ਼ਿਆਰਪੁਰ, 17 ਜੁਲਾਈ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਪੰਜਾਬ ਦੇ ਜੇਲ੍ਹ ਤੇ ਐਨ.ਆਰ.ਆਈ. ਮਾਮਲਿਆਂ ਬਾਰੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਲੋਕਾਂ ਲਈ ਵੱਡੀ ਖ਼ੁਸ਼ਖ਼ਬਰੀ ਦਿੰਦਿਆਂ ਦੱਸਿਆ ਕਿ ਹਲਕੇ ਵਿਚ ਹਰਗੜ੍ਹ ਅਤੇ ਡਡਿਆਣਾ ਦੇ ਚੋਆਂ ਉੱਤੇ ਦੋ ਨਵੇਂ ਪੁਲਾਂ ਦੀ ਉਸਾਰੀ ਨੂੰ ਮਨਜ਼ੂਰੀ ਮਿਲ ਗਈ ਹੈ ਅਤੇ ਪੀ.ਡਬਲਿਊ.ਡੀ. ਵਿਭਾਗ ਵੱਲੋਂ ਟੈਂਡਰ ਲਗਾ ਦਿੱਤੇ ਗਏ ਹਨ। ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਹਰਗੜ੍ਹ ਦੇ ਚੋਅ ’ਤੇ ਬਣਨ ਵਾਲੇ ਪੁਲ ਦੀ ਲੰਬਾਈ 80 ਮੀਟਰ ਹੋਵੇਗੀ, ਜਦਕਿ ਡਡਿਆਣਾ ਦੇ ਚੋਅ ’ਤੇ 102.36 ਮੀਟਰ ਆਧੁਨਿਕ ਤਕਨੀਕ ਨਾਲ ਮਜ਼ਬੂਤ ਪੁਲ ਦਾ ਨਿਰਮਾਣ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਰਸਾਤ ਦੇ ਮੌਸਮ ਦੌਰਾਨ ਇਨ੍ਹਾਂ ਚੋਆਂ ਵਿਚ ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਲੋਕਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ, ਪੁਲ ਬਣਨ ਤੋਂ ਬਾਅਦ ਲੋਕਾਂ ਲਈ ਆਵਾਜਾਈ ਸੁਖਾਲੀ ਤੇ ਸੁਰੱਖਿਅਤ ਹੋ ਜਾਵੇਗੀ। ਕੈਬਨਿਟ ਮੰਤਰੀ ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਖੇਤਰ ਦਾ ਇਕਸਾਰ ਵਿਕਾਸ ਯਕੀਨੀ ਬਣਾ ਰਹੀ ਹੈ। ਡਾ. ਰਵਜੋਤ ਸਿੰਘ ਨੇ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਸਮੂਹ ਨਿਵਾਸੀਆਂ ਨੂੰ ਇਸ ਮਹੱਤਵਪੂਰਨ ਪ੍ਰਾਜੈਕਟ ਲਈ ਵਧਾਈ ਦਿੰਦਿਆਂ ਕਿਹਾ ਕਿ ਇਹ ਪੁਲ ਇਲਾਕੇ ਦੇ ਵਿਕਾਸ ਵਿਚ ਮੀਲ ਪੱਥਰ ਸਾਬਤ ਹੋਣਗੇ।