ਹੁਸ਼ਿਆਰਪੁਰ, 22 ਜੁਲਾਈ (ਨਰਿੰਦਰ ਸਿੰਘ ਬੱਡਲਾ/ਹਰਪ੍ਰੀਤ ਕੌਰ)- ਬੀਤੀ ਦੇਰ ਰਾਤ ਪਿੰਡ ਆਨੰਦਗੜ੍ਹ ਦੇ ਆਮ ਆਦਮੀ ਪਾਰਟੀ ਨਾਲ ਸਬੰਧਿਤ ਮੌਜੂਦਾ ਸਰਪੰਚ ਦੀ ਕੁੱਝ ਨੌਜਵਾਨਾਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕੀਤੇ ਕਤਲ ਵਾਲੇ ਮਾਮਲੇ ਦੇ ਰੋਸ ‘ਚ ਅੱਜ ਮ੍ਰਿਤਕ ਸਤਪਾਲ ਸਿੰਘ ਮਿੰਟਾ ਦੇ ਪਰਿਵਾਰਕ ਮੈਂਬਰਾਂ ਪੁੱਤਰ ਰਾਹੁਲ ਤੇ ਪਿੰਡ ਵਾਸੀਆਂ ਨੇ ਥਾਣਾ ਸਦਰ ਸਾਹਮਣੇ ਧਰਨਾ ਲਗਾ ਕੇ ਰੋਸ ਪ੍ਰਗਟ ਕੀਤਾ। ਜ਼ਿਕਰਯੋਗ ਹੈ ਕਿ ਬੀਤੀ ਰਾਤ ਪਿੰਡ ਦੇ ਹੀ ਕੁੱਝ ਨੌਜਵਾਨਾਂ ਨੇ ਸਰਪੰਚ ਸਤਪਾਲ ਸਿੰਘ ਮਿੰਟਾ ‘ਤੇ ਪਹਿਲਾਂ ਗੱਡੀ ਚੜ੍ਹਾਈ ਤੇ ਫਿਰ ਕਥਿਤ ਤੌਰ ‘ਤੇ ਤੇਜ਼ਧਾਰ ਹਥਿਆਰਾਂ ਨਾਲ ਉਸ ‘ਤੇ ਜਾਨਲੇਵਾ ਹਮਲਾ ਕਰਕੇ ਸਰਪੰਚ ਦਾ ਕਤਲ ਕਰ ਦਿੱਤਾ ਸੀ। ਇਸ ਮੌਕੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਪੁਲਿਸ ਨੂੰ ਚੇਤਾਵਨੀ ਦਿੱਤੀ ਕਿ ਜਦੋਂ ਤੱਕ ਕਥਿਤ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਹੀਂ ਹੋ ਜਾਂਦੀ ਉਦੋਂ ਤੱਕ ਨਾ ਤਾਂ ਸਰਪੰਚ ਦਾ ਪੋਸਟਮਾਰਟਮ ਹੀ ਕਰਵਾਇਆ ਜਾਵੇਗਾ ਤੇ ਨਾ ਹੀ ਉਸ ਦਾ ਸਸਕਾਰ ਕੀਤਾ ਜਾਵੇਗਾ। ਪਿੰਡ ਵਾਸੀਆਂ ਨੇ ਕਿਹਾ ਕਿ ਸਤਪਾਲ ਸਿੰਘ ਮਿੰਟਾ ਆਮ ਆਦਮੀ ਪਾਰਟੀ ਨਾਲ ਸਬੰਧਿਤ ਸਰਪੰਚ ਸੀ ਪਰ ਅਜੇ ਤੱਕ ਕਿਸੇ ਵੀ ਆਮ ਆਦਮੀ ਪਾਰਟੀ ਦੇ ਆਗੂ ਨੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਅਤੇ ਕਥਿਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਵਾਉਣ ਲਈ ਕੋਈ ਯਤਨ ਤੱਕ ਨਹੀਂ ਕੀਤਾ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਹੀ ਪੰਜਾਬ ਦੀ ਕਾਨੂੰਨ ਵਿਵਸਥਾ ਬੁਰੀ ਤਰ੍ਹਾਂ ਚਰਮਰਾ ਗਈ ਹੈ। ਇਸ ਸਬੰਧੀ ਡੀ.ਐਸ.ਪੀ. ਸਿਟੀ ਕੁਲਭੂਸ਼ਨ ਸ਼ਰਮਾ ਨੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਪੁਲਿਸ ਵਲੋਂ 6 ਵਿਅਕਤੀਆਂ ਨੂੰ ਨਾਮਜ਼ਦ ਕਰਕੇ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ ਅਤੇ ਸਾਰੇ ਕਥਿਤ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।