ਦਸੂਹਾ, 23 ਜੁਲਾਈ (ਭੁੱਲਰ)- ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਲੋਕ ਪੂਰੀ ਤਰ੍ਹਾਂ ਨਾਲ ਸੰਤੁਸ਼ਟ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਲੋਕ-ਭਲਾਈ ਯੋਜਨਾਵਾਂ ਲਾਗੂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਸਿਰਫ਼ ਯੋਜਨਾਵਾਂ ਸ਼ੁਰੂ ਕਰਨਾ ਨਹੀਂ, ਸਗੋਂ ਉਨ੍ਹਾਂ ਦਾ ਲਾਭ ਅਸਲ ਲੋੜਵੰਦਾਂ ਤੱਕ ਪਹੁੰਚਾਉਣਾ ਹੈ। ‘ਮੇਰੀ ਰਸੋਈ’ ਯੋਜਨਾ ਵੀ ਇਸੇ ਸੋਚ ਦਾ ਨਤੀਜਾ ਹੈ, ਜਿਸ ਨਾਲ ਲੱਖਾਂ ਪਰਿਵਾਰਾਂ ਨੂੰ ਸਿੱਧੀ ਰਾਹਤ ਮਿਲੇਗੀ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਅਧੀਨ ਵੰਡੀਆਂ ਜਾ ਰਹੀਆਂ ਰਾਸ਼ਨ ਕਿੱਟਾਂ ਵਿਚ 2 ਕਿੱਲੋ ਛੋਲਿਆਂ ਦੀ ਦਾਲ, 2 ਕਿੱਲੋ ਖੰਡ, 1 ਕਿੱਲੋ ਨਮਕ, 200 ਗਰਾਮ ਹਲਦੀ ਤੇ 1 ਲੀਟਰ ਸਰ੍ਹੋਂ ਦਾ ਤੇਲ ਸ਼ਾਮਲ ਹੈ। ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ 600 ਯੂਨਿਟ ਤੱਕ ਮੁਫ਼ਤ ਬਿਜਲੀ, ਬਿਹਤਰ ਸਿਹਤ ਸਹੂਲਤਾਂ ਅਤੇ ਗੁਣਵੱਤਾ ਭਰਪੂਰ ਸਿੱਖਿਆ ਵਰਗੀਆਂ ਸੇਵਾਵਾਂ ਲੋਕਾਂ ਤੱਕ ਪਹੁੰਚਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਲਗਭਗ 2.20 ਲੱਖ ਪਰਿਵਾਰ ‘ਮੇਰੀ ਰਸੋਈ’ ਯੋਜਨਾ ਤੋਂ ਲਾਭ ਪ੍ਰਾਪਤ ਕਰਨਗੇ, ਜਦਕਿ ਪੂਰੇ ਪੰਜਾਬ ਵਿਚ ਕਰੀਬ 40 ਲੱਖ ਪਰਿਵਾਰਾਂ ਨੂੰ ਇਸ ਦਾ ਫ਼ਾਇਦਾ ਮਿਲੇਗਾ। ਯੋਜਨਾ ਦੇ ਪ੍ਰਭਾਵਸ਼ਾਲੀ ਲਾਗੂ ਕਰਨ ਲਈ ਰਾਜ ਸਰਕਾਰ ਨੇ 900 ਕਰੋੜ ਰੁਪਏ ਦਾ ਬਜਟ ਨਿਰਧਾਰਿਤ ਕੀਤਾ ਹੈ। ਇਸ ਮੌਕੇ ਅਮਰਪ੍ਰੀਤ ਸਿੰਘ ਸੋਨੂੰ ਖ਼ਾਲਸਾ ਪ੍ਰਧਾਨ ਨਗਰ ਕੌਂਸਲ ਦਸੂਹਾ, ਕਮਲਪ੍ਰੀਤ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਦਸੂਹਾ, ਗਗਨਦੀਪ ਸਿੰਘ ਚੀਮਾ ਵਾਈਸ ਪ੍ਰਧਾਨ ਬਲਾਕ ਸੰਮਤੀ, ਕਮਲਦੀਪ ਸਿੰਘ ਵਿਰਦੀ, ਹਰਵਿੰਦਰ ਸਿੰਘ ਕਾਹਲੋਂ ਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।