ਹੁਸ਼ਿਆਰਪੁਰ, 23 ਜੁਲਾਈ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)- ਪੰਜਾਬ ਸਰਕਾਰ ਅਤੇ ਵਿਭਾਗੀ ਅਧਿਕਾਰੀਆਂ ਵੱਲੋਂ ਜਲ ਸਪਲਾਈ ਵਰਕਰਾਂ ਦੀਆਂ ਮੰਗਾਂ ਪ੍ਰਤੀ ਧਾਰੀ ਲੰਮੀ ਚੁੱਪ ਅਤੇ ਵਾਅਦਾ-ਖ਼ਿਲਾਫ਼ੀ ਤੋਂ ਖ਼ਫ਼ਾ ਹੋ ਕੇ ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਹੁਣ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ। ਸੂਬਾ ਪ੍ਰਧਾਨ ਦਰਸ਼ਵੀਰ ਸਿੰਘ ਰਾਣਾ ਤੇ ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਸੰਗਰੂਰ ਦੀ ਸਾਂਝੀ ਅਗਵਾਈ ਹੇਠ ਹੋਈ ਮੀਟਿੰਗ ‘ਚ ਸਰਕਾਰ ਖ਼ਿਲਾਫ਼ ਸੰਘਰਸ਼ ਦੀ ਰੂਪ-ਰੇਖਾ ਉਲੀਕੀ ਗਈ। ਸੂਬਾ ਪ੍ਰੈੱਸ ਸਕੱਤਰ ਦਵਿੰਦਰ ਸਿੰਘ ਨਾਭਾ ਤੇ ਸੂਬਾ ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਸ਼ੀਰਾ ਨੇ ਦੱਸਿਆ ਕਿ ਪਿਛਲੇ ਦਿਨਾਂ ਦੌਰਾਨ ਪੰਜਾਬ ਸਰਕਾਰ, ਜਲ ਸਪਲਾਈ ਮੰਤਰੀ ਤੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਹੋਈਆਂ ਮੀਟਿੰਗਾਂ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ ਗਈ। ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਸਿਰਫ਼ ਸਮਾਂ ਟਪਾ ਰਹੀ ਹੈ ਅਤੇ ਇਨਲਿਸਟਮੈਂਟ ਕੈਟਾਗਰੀ ਦੇ ਵਰਕਰਾਂ ਨੂੰ ਨਵੇਂ ਆਰਡੀਨੈਂਸ ‘ਪ੍ਰਸਨਲ ਬਿੱਲ 2026’ ਵਿਚ ਸ਼ਾਮਲ ਕਰਨ ਤੋਂ ਟਾਲ਼ਾ ਵੱਟ ਰਹੀ ਹੈ। ਮੌਜੂਦਾ ਹਾਲਾਤ ‘ਤੇ ਗੰਭੀਰ ਚਰਚਾ ਤੋਂ ਬਾਅਦ, ਵੱਖ-ਵੱਖ ਜ਼ਿਲ੍ਹਿਆਂ ਤੋਂ ਪਹੁੰਚੇ ਆਗੂਆਂ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਦਿਆਂ ਐਲਾਨ ਕੀਤਾ ਕਿ 3 ਅਗਸਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਦਾ ਘਿਰਾਓ ਕਰਕੇ ਵਿਸ਼ਾਲ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਤੁਰੰਤ ਮੰਗਾਂ ਨਾ ਮੰਨੀਆਂ ਤਾਂ ਇਸ ਗੁਪਤ ਤੇ ਤਿੱਖੇ ਸੰਘਰਸ਼ ਕਾਰਨ ਪੈਦਾ ਹੋਣ ਵਾਲੇ ਹਾਲਾਤ ਦੀ ਪੂਰੀ ਜ਼ਿੰਮੇਵਾਰੀ ਸੂਬਾ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ।