ਟਾਂਡਾ ਉੜਮੁੜ, 23 ਜੁਲਾਈ (ਭਗਵਾਨ ਸਿੰਘ ਸੈਣੀ)- ਬਰਨਾਲਾ ਵਿਖੇ ਸਫ਼ਾਈ ਕਰਮਚਾਰੀਆਂ ’ਤੇ ਹੋਏ ਲਾਠੀਚਾਰਜ ਤੇ ਪੁਲਿਸ ਵਲੋਂ ਕੀਤੀ ਗਈ ਕੁੱਟਮਾਰ ਦੇ ਵਿਰੋਧ ਵਿਚ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਲੋਂ ਜ਼ਿਲ੍ਹਾ ਪ੍ਰਧਾਨ ਭਾਜਪਾ ਯੋਗੇਸ਼ ਸਪਰਾ, ਸੁਰਿੰਦਰ ਜਾਜਾ ਅਗਜ਼ੈਕਟਿਵ ਮੈਂਬਰ ਪੰਜਾਬ ਭਾਜਪਾ, ਬੋਬੀ ਰਾਜਪੁਰ ਅਤੇ ਪਰਮਜੀਤ ਬਾਬੂ ਦੀ ਅਗਵਾਈ ਵਿਚ ਹਸਪਤਾਲ ਚੌਂਕ ਟਾਂਡਾ ਵਿਖੇ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ। ਇਸ ਦੌਰਾਨ ਭਾਜਪਾ ਆਗੂਆਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਦੋਸ਼ੀ ਪੁਲਿਸ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਜੋਗੇਸ਼ ਸਪਰਾ ਨੇ ਦੋਸ਼ ਲਗਾਇਆ ਕਿ ਬਰਨਾਲਾ ਵਿਚ ਸਫ਼ਾਈ ਕਰਮਚਾਰੀਆਂ ’ਤੇ ਪੁਲਿਸ ਵੱਲੋਂ ਬੇਰਹਿਮੀ ਨਾਲ ਲਾਠੀਚਾਰਜ ਕੀਤਾ ਗਿਆ ਤੇ ਮਹਿਲਾ ਪ੍ਰਦਰਸ਼ਨਕਾਰੀਆਂ ਨਾਲ ਵੀ ਕਥਿਤ ਤੌਰ ’ਤੇ ਦੁਰਵਿਵਹਾਰ ਕੀਤਾ ਗਿਆ। ਉਨ੍ਹਾਂ ਸਵਾਲ ਕੀਤਾ ਕਿ ਮਹਿਲਾਵਾਂ ਨਾਲ ਇਸ ਤਰ੍ਹਾਂ ਦਾ ਵਰਤਾਓ ਕਰਨ ਦੇ ਹੁਕਮ ਕਿਸ ਨੇ ਦਿੱਤੇ ਅਤੇ ਕੀ ਮਰਦ ਪੁਲਿਸ ਮੁਲਾਜ਼ਮਾਂ ਨੂੰ ਮਹਿਲਾਵਾਂ ’ਤੇ ਹੱਥ ਚੁੱਕਣ ਦਾ ਅਧਿਕਾਰ ਹੈ? ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਹਲਕਾ ਟਾਂਡਾ ਵਿਚ ਗੈਰ-ਕਾਨੂੰਨੀ ਮਾਈਨਿੰਗ ਤੇ ਨਸ਼ਿਆਂ ਦਾ ਕਾਰੋਬਾਰ ਬੇਰੋਕ ਜਾਰੀ ਹੈ। ਭਾਜਪਾ ਦੇ ਸੀਨੀਅਰ ਆਗੂ ਸੁਰਿੰਦਰ ਜਾਜਾ ਨੇ ਕਿਹਾ ਕਿ ਇੱਕ ਪਾਸੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦਿੱਲੀ ਵਿਚ ਹੋਏ ਲਾਠੀਚਾਰਜ ਦੀ ਨਿਖੇਧੀ ਕਰਦੇ ਹਨ ਜਦਕਿ ਦੂਜੇ ਪਾਸੇ ਪੰਜਾਬ ਵਿਚ ਬਰਨਾਲਾ ਘਟਨਾ ’ਤੇ ਚੁੱਪੀ ਧਾਰਨਾ ਦੋਹਰੇ ਮਾਪਦੰਡਾਂ ਨੂੰ ਦਰਸਾਉਂਦਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਪੀੜਤ ਸਫ਼ਾਈ ਕਰਮਚਾਰੀਆਂ ਨੂੰ ਇਨਸਾਫ਼ ਨਾ ਮਿਲਿਆ ਤਾਂ ਭਾਜਪਾ ਵਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਅਜੇ ਪਾਲ ਸੈਣੀ, ਸੁਰਜੀਤ ਰਾਜਾ, ਸਤਪਾਲ ਸਿੰਘ, ਰਾਜਕੁਮਾਰ, ਜਸਵੀਰ ਸਿੰਘ, ਸਾਗਰ, ਗੁਰਨਾਮ ਸਿੰਘ, ਲਖਵਿੰਦਰ ਸਿੰਘ, ਸੁਖਵਿੰਦਰ ਸਿੰਘ, ਪਰਮਜੀਤ ਸਿੰਘ, ਸੁਖਵਿੰਦਰ ਤੋਤਾ, ਸ਼ੌਂਕੀ, ਬਲਕਾਰ ਸਿੰਘ, ਸਿੰਗਾਰਾ ਸਿੰਘ, ਧਰਮਵੀਰ ਸਿੰਘ, ਮਨਦੀਪ ਸਿੰਘ, ਅਜੀਤ ਸਿੰਘ, ਰਮਨਦੀਪ ਸਿੰਘ ਬਬਲੂ, ਸਿਵਾ, ਰਣਵੀਰ ਸਿੰਘ ਆਦਿ ਹਾਜ਼ਰ ਸਨ।