09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਯੋਗ ਪਰਿਵਾਰ 22 ਜੁਲਾਈ ਤੋਂ 11 ਅਗਸਤ ਤੱਕ ਨਵੇਂ ਰਾਸ਼ਨ ਕਾਰਡਾਂ ਲਈ ਕਰ ਸਕਦੇ ਹਨ ਆਨਲਾਈਨ ਅਪਲਾਈ - ਵਿਧਾਇਕ ਘੁੰਮਣ ਮੌਜੂਦਾ ਰਾਸ਼ਨ ਕਾਰਡਾਂ ’ਚ ਨਵੇਂ ਮੈਂਬਰ ਸ਼ਾਮਿਲ ਕਰਨ ਲਈ ਵੀ ਅਰਜ਼ੀਆਂ ਲਈਆਂ ਜਾਣਗੀਆਂ

ਅਜੀਤ ਡੈਸਕ 25-07-2026
ਦਸੂਹਾ, 24 ਜੁਲਾਈ (ਕੌਸ਼ਲ)- ਦਸੂਹਾ ਦੇ ਵਿਧਾਇਕ ਕਰਮਬੀਰ ਸਿੰਘ ਘੁੰਮਣ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਘੋਸ਼ਣਾ ਅਤੇ ਰਾਜ ਸਰਕਾਰ ਦੇ ਫ਼ੈਸਲੇ ਅਨੁਸਾਰ ਨੈਸ਼ਨਲ ਫੂਡ ਸਿਕਿਉਰਿਟੀ ਐਕਟ, 2013/ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਨਵੇਂ ਰਾਸ਼ਨ ਕਾਰਡ ਬਣਾਉਣ ਅਤੇ ਮੌਜੂਦਾ ਰਾਸ਼ਨ ਕਾਰਡਾਂ ਵਿਚ ਯੋਗ ਮੈਂਬਰ ਸ਼ਾਮਲ ਕਰਨ ਲਈ 22 ਜੁਲਾਈ 2026 ਤੋਂ 11 ਅਗਸਤ 2026 ਤੱਕ ਆਨਲਾਈਨ ਅਰਜ਼ੀਆਂ ਪ੍ਰਾਪਤ ਕੀਤੀਆਂ ਜਾਣਗੀਆਂ। ਘੁੰਮਣ ਨੇ ਦੱਸਿਆ ਕਿ ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਯੋਗ ਪਰਿਵਾਰਾਂ ਅਤੇ ਲਾਭਪਾਤਰੀਆਂ ਨੂੰ ਇੱਕ ਪਾਰਦਰਸ਼ੀ, ਨਿਰਪੱਖ ਅਤੇ ਤਕਨਾਲੋਜੀ ਆਧਾਰਿਤ ਪ੍ਰਕਿਰਿਆ ਰਾਹੀਂ ਸਕੀਮ ਦਾ ਲਾਭ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਨਵੇਂ ਰਾਸ਼ਨ ਕਾਰਡ ਬਣਾਉਣ ਜਾਂ ਮੌਜੂਦਾ ਰਾਸ਼ਨ ਕਾਰਡਾਂ ਵਿਚ ਮੈਂਬਰ ਸ਼ਾਮਲ ਕਰਨ ਲਈ ਅਰਜ਼ੀ ਫਾਰਮ ਪੰਜਾਬੀ ਤੇ ਅੰਗਰੇਜ਼ੀ ਭਾਸ਼ਾ ਵਿਚ ਵਿਭਾਗ ਦੀ ਵੈੱਬਸਾਈਟ foodsuppb.gov.in ਤੋਂ ਡਾਊਨਲੋਡ ਕੀਤੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਬਿਨੈਕਾਰ ਫਾਰਮ ਭਰਨ ਤੋਂ ਪਹਿਲਾਂ ਨਾਲ ਦਿੱਤੀਆਂ ਹਦਾਇਤਾਂ ਨੂੰ ਧਿਆਨ ਨਾਲ ਪੜ੍ਹਨ ਤੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਹੀ ਮੁਕੰਮਲ ਅਰਜ਼ੀ ਜਮਾਂ ਕਰਵਾਉਣ। ਬਿਨੈਕਾਰ ਆਪਣੀ ਅਰਜ਼ੀ ਨਜ਼ਦੀਕੀ ਸੇਵਾ ਕੇਂਦਰ ਜਾਂ ਕਾਮਨ ਸਰਵਿਸ ਸੈਂਟਰ ਰਾਹੀਂ ਆਨਲਾਈਨ ਜਮਾਂ ਕਰਵਾ ਸਕਦੇ ਹਨ। ਇਸ ਸਥਿਤੀ ਵਿਚ ਅਰਜ਼ੀ ਸਫਲਤਾਪੂਰਵਕ ਜਮਾਂ ਹੋਣ ਉਪਰੰਤ 100 ਰੁਪਏ ਪ੍ਰਤੀ ਫਾਰਮ ਪ੍ਰੋਸੈਸਿੰਗ ਫ਼ੀਸ ਅਦਾ ਕਰਨੀ ਹੋਵੇਗੀ। ਕਰਮਬੀਰ ਨੇ ਦੱਸਿਆ ਕਿ ਬਿਨੈਕਾਰ ਆਪਣੀ ਅਰਜ਼ੀ https://ercms.punjab.gov.in ਪੋਰਟਲ ਰਾਹੀਂ ਖ਼ੁਦ ਵੀ ਆਨਲਾਈਨ ਜਮਾਂ ਕਰਵਾ ਸਕਦੇ ਹਨ ਤੇ ਇਸ ਸਥਿਤੀ ਵਿਚ ਕਿਸੇ ਵੀ ਕਿਸਮ ਦੀ ਫ਼ੀਸ ਨਹੀਂ ਦੇਣੀ ਪਵੇਗੀ। ਇਸ ਤੋਂ ਇਲਾਵਾ, ਬਿਨੈਕਾਰ ਆਪਣਾ ਭਰਿਆ ਹੋਇਆ ਫਾਰਮ, ਲੋੜੀਂਦੇ ਦਸਤਾਵੇਜ਼ਾਂ ਤੇ 100 ਰੁਪਏ ਪ੍ਰਤੀ ਫਾਰਮ ਫ਼ੀਸ ਸਮੇਤ ਸਬੰਧਿਤ ਜ਼ਿਲ੍ਹਾ ਕੰਟਰੋਲਰ, ਖ਼ੁਰਾਕ, ਸਿਵਲ ਸਪਲਾਈਜ਼ ਤੇ ਖਪਤਕਾਰ ਮਾਮਲੇ ਦੇ ਦਫ਼ਤਰ ਵਿਚ ਵੀ ਜਮਾਂ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਫਾਰਮ ਸਫਲਤਾਪੂਰਵਕ ਆਨਲਾਈਨ ਜਮਾਂ ਹੋਣ ਉਪਰੰਤ ਬਿਨੈਕਾਰ ਦੇ ਰਜਿਸਟਰਡ ਮੋਬਾਈਲ ਨੰਬਰ ’ਤੇ ਰਸੀਦ ਨੰਬਰ ਸਮੇਤ ਪੁਸ਼ਟੀ ਸੰਦੇਸ਼ ਭੇਜਿਆ ਜਾਵੇਗਾ। ਅਰਜ਼ੀਆਂ 22 ਜੁਲਾਈ ਤੋਂ 11 ਅਗਸਤ 2026 ਤੱਕ ਹੀ ਪ੍ਰਾਪਤ ਕੀਤੀਆਂ ਜਾਣਗੀਆਂ। ਬਿਨੈਕਾਰ ਕਿਸੇ ਵੀ ਕੰਮਕਾਜੀ ਦਿਨ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਸੇਵਾ ਕੇਂਦਰ/ਸੀ.ਐੱਸ.ਸੀ. ਰਾਹੀਂ ਆਨਲਾਈਨ ਜਾਂ ਜ਼ਿਲ੍ਹਾ ਕੰਟਰੋਲਰ, ਖ਼ੁਰਾਕ, ਸਿਵਲ ਸਪਲਾਈਜ਼ ਤੇ ਖਪਤਕਾਰ ਮਾਮਲੇ ਦੇ ਦਫ਼ਤਰ ਵਿਖੇ ਆਫਲਾਈਨ ਅਰਜ਼ੀਆਂ ਜਮ੍ਹਾਂ ਕਰਵਾ ਸਕਦੇ ਹਨ।
ਪਿਛਲੀ ਖ਼ਬਰ ਪਹਿਲੇ ਮੀਂਹ ਨੇ ਖੋਲ੍ਹੀ ਵਿਕਾਸ ਦੇ ਦਾਅਵਿਆਂ ਦੀ ਪੋਲ, ਸੜਕ ਬਣੀ ਛੱਪੜ ਅਗਲੀ ਖ਼ਬਰ ਯੁਵਾ ਜ਼ਿਲ੍ਹਾ ਪ੍ਰਧਾਨ ਸਪਰਾ ਦੀ ਅਗਵਾਈ ਹੇਠ ਭਾਜਪਾ ਮਜ਼ਬੂਤ ਹੋਵੇਗੀ - ਸ਼ੰਭੂ ਨਾਥ ਭਾਰਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।