ਤਲਵਾੜਾ, 2 ਸਤੰਬਰ (ਐਚ.ਐਸ. ਮਿੱਠੂ) ਘੱਟੋ-ਘੱਟ ਉਜਰਤ ਦੇ ਘੇਰੇ ’ਚ ਲਿਆਉਣ ਸਮੇਤ ਹੋਰ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਆਸ਼ਾ ਵਰਕਰ ਅਤੇ ਫੈਸੀਲੀਟੇਟਰ ਯੂਨੀਅਨ ਦੀ ਸਥਾਨਕ ਇਕਾਈ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਮੁਜ਼ਾਹਰਾ ਕੀਤਾ ਗਿਆ। ਪ੍ਰਧਾਨ ਸੁਸ਼ਮਾ ਦੇਵੀ ਦੀ ਅਗਵਾਈ ਹੇਠ ਹੋਏ ਇਸ ਮੁਜ਼ਾਹਰੇ ਵਿਚ ਬਲਾਕ ਤਲਵਾੜਾ ਦੀਆਂ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਆਸ਼ਾ ਵਰਕਰਾਂ ਸੁਮਨ ਬਾਲਾ, ਅਰੁਣਾ ਠਾਕੁਰ, ਸੰਯੋਗਿਤਾ ਦੇਵੀ, ਸੁਰਜੀਤ ਕੌਰ ਅਤੇ ਸ਼ਸ਼ੀ ਬਾਲਾ ਨੇ ਕਿਹਾ ਕਿ ਉਨ੍ਹਾਂ ਨੂੰ ਪਿਛਲੇ ਤਿੰਨ ਮਹੀਨਿਆਂ ਤੋਂ ਤਨਖ਼ਾਹਾਂ ਨਹੀਂ ਮਿਲੀਆਂ, ਜਿਸ ਕਾਰਨ ਉਹ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰ ਰਹੀਆਂ ਹਨ। ਬੁਲਾਰਿਆਂ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ 2022 ਦੀਆਂ ਚੋਣਾਂ ਦੌਰਾਨ ਮਾਣ-ਭੱਤੇ ’ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਉਜ਼ਰਤਾਂ ਵਿਚ ਵਾਧਾ ਕਰਨ ਅਤੇ ਉਨ੍ਹਾਂ ਨੂੰ ਘੱਟੋ-ਘੱਟ ਉਜਰਤ ਦੇ ਘੇਰੇ ਵਿਚ ਲਿਆਉਣ ਦਾ ਵਾਅਦਾ ਕੀਤਾ ਸੀ, ਪਰ ਅਜੇ ਤੱਕ ਇਹ ਵਾਅਦੇ ਪੂਰੇ ਨਹੀਂ ਕੀਤੇ ਗਏ। ਉਨ੍ਹਾਂ ਸਰਕਾਰ ਤੋਂ ਰੁਕੀਆਂ ਤਨਖ਼ਾਹਾਂ ਤੁਰੰਤ ਜਾਰੀ ਕਰਨ ਅਤੇ ਘੱਟੋ-ਘੱਟ ਉਜਰਤ ਦਾ ਨਿਯਮ ਲਾਗੂ ਕਰਨ ਦੀ ਮੰਗ ਕੀਤੀ। ਇਸ ਮੌਕੇ ਵਰਕਰਾਂ ਨੇ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਦੇ ਸੰਘਰਸ਼ ਦਾ ਸਮਰਥਨ ਕਰਦਿਆਂ ਭਵਿੱਖ ਵਿਚ ਇਸ ਦੇ ਸੰਘਰਸ਼ਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਦਾ ਐਲਾਨ ਕੀਤਾ। ਵਰਕਰਾਂ ਨੇ ਆਪਣੀਆਂ ਮੰਗਾਂ ਦੀ ਪ੍ਰਾਪਤੀ ਤੱਕ ਸੰਘਰਸ਼ ਜਾਰੀ ਰੱਖਣ ਦਾ ਅਹਿਦ ਲੈਂਦਿਆਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।