ਭੂੰਦੜੀ, 26 ਮਾਰਚ (ਕੁਲਦੀਪ ਸਿੰਘ ਮਾਨ)-ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਪੰਜਾਬ ਵਿਚ ਨਸ਼ੇ, ਗੈਂਗਸਟਰਵਾਦ ਅਤੇ ਕਤਲੋਗਾਰਤ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਕਾਰਨ ਵਪਾਰੀ ਵਰਗ ਸਮੇਤ ਆਮ ਨਾਗਰਿਕਾਂ ਵਿਚ ਡਰ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ | ਇਹ ਦੋਸ਼ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਬਿੰਦਰ ਸਿੰਘ ਮਨੀਲਾ ਵਲੋਂ ਲਗਾਏ ਗਏ | 'ਅਜੀਤ' ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਚੋਣਾਂ ਸਮੇਂ 'ਆਪ' ਸਰਕਾਰ ਨੇ ਇਕ ਮਹੀਨੇ ਵਿਚ ਨਸ਼ਾ ਖਤਮ ਕਰਨ ਦੇ ਵਾਅਦੇ ਕੀਤੇ ਸਨ, ਪਰ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਵੀ ਹਾਲਤ ਵਿਚ ਕੋਈ ਸੁਧਾਰ ਨਹੀਂ ਆਇਆ | ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨਾਲ ਜੁੜੇ ਕੁਝ ਲੋਕਾਂ ਅਤੇ ਸਰਪੰਚਾਂ ਦੇ ਨੇੜਲੇ ਵਿਅਕਤੀਆਂ ਕੋਲੋਂ ਹੀ ਚਿੱਟੇ ਦੀਆਂ ਖੇਪਾਂ ਬਰਾਮਦ ਹੋਣ ਦੀਆਂ ਖਬਰਾਂ ਆ ਰਹੀਆਂ ਹਨ, ਜੋ ਕਿ ਗੰਭੀਰ ਚਿੰਤਾ ਦਾ ਵਿਸ਼ਾ ਹੈ | ਅਕਾਲੀ ਆਗੂ ਨੇ ਵੇਅਰ ਹਾਊਸ ਦੇ ਡੀ.ਐੱਮ. ਗਗਨਦੀਪ ਸਿੰਘ ਨੂੰ ਆਤਮ ਹੱਤਿਆ ਲਈ ਮਜ਼ਬੂਰ ਕਰਨ ਦੇ ਮਾਮਲੇ ਦੀ ਜਾਂਚ ਕੇਂਦਰੀ ਏਜੰਸੀ ਸੀ.ਬੀ.ਆਈ. ਤੋਂ ਕਰਵਾਉਣ ਦੀ ਮੰਗ ਕੀਤੀ ਤਾਂ ਜੋ ਸੱਚ ਸਾਹਮਣੇ ਆ ਸਕੇ ਅਤੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਜ਼ਾ ਮਿਲ ਸਕੇ |