ਗੁਰੂਸਰ ਸੁਧਾਰ, 26 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਬਲਾਕ ਕਾਂਗਰਸ ਸੁਧਾਰ ਪ੍ਰਧਾਨ ਤੇ ਸਾਬਕਾ ਸਰਪੰਚ ਜਗਦੀਪ ਸਿੰਘ ਬਿੱਟੂ ਰੱਤੋਵਾਲ ਨੇ ਅੰਮਿ੍ਤਸਰ ਵੇਅਰਹਾਊਸ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਨੂੰ 'ਆਪ' ਸਰਕਾਰ ਦੇ ਮੱਥੇ 'ਤੇ ਵੱਡਾ ਕਲੰਕ ਕਰਾਰ ਦਿੰਦਿਆਂ ਕਿਹਾ ਕਿ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਗਗਨਦੀਪ ਸਿੰਘ ਰੰਧਾਵਾ ਦੀ ਮੌਤ ਲਈ ਸਿੱਧੇ ਤੌਰ 'ਤੇ ਜ਼ਿੰੰਮੇਵਾਰ ਹਨ | ਪ੍ਰਧਾਨ ਜਗਦੀਪ ਸਿੰਘ ਬਿੱਟੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਬਹੁਤੇ ਵਜ਼ੀਰਾਂ ਨੇ ਵੱਡੇ-ਵੱਡੇ ਕਾਰਨਾਮੇ ਕਰਕੇ ਸੂਬੇ ਦੇ ਲੋਕਾਂ ਨੂੰ ਬੁਰੀ ਤਰ੍ਹਾਂ ਨਿਰਾਸ਼ ਕੀਤਾ ਹੈ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਦੇ ਰਾਜ ਦੌਰਾਨ ਸੂਬੇ ਵਿਚ ਕਤਲ, ਲੁੱਟਾਂ-ਖੋਹਾਂ, ਨਸ਼ਿਆਂ ਦਾ ਪਸਾਰ ਤੇ ਹੋਰ ਸਮਾਜਿਕ ਬੁਰਾਈਆਂ ਨੂੰ ਨੱਥ ਪਾਉਣ ਵਿਚ ਭਗਵੰਤ ਮਾਨ ਸਰਕਾਰ ਪੂਰੀ ਤਰਾਂ ਅਸਫ਼ਲ ਸਿੱਧ ਹੋਈ ਹੈ | ਉਨ੍ਹਾਂ ਕਿਹਾ ਕਿ ਭਾਵੇਂ ਪਾਰਟੀ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਕੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ ਪ੍ਰੰਤੂ ਮਹਿਜ਼ ਇਕ ਸਾਲ ਬਾਅਦ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਇਸ ਪਾਰਟੀ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਵੇਗਾ |