17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਗੁਰੂ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨ ਬਣੇ-ਨਾਨਕਸਰ ਸੰਪਰਦਾਇ

ਅਜੀਤ ਡੈਸਕ 04-04-2026
ਜਗਰਾਉਂ, 3 ਅਪ੍ਰੈਲ (ਹਰਵਿੰਦਰ ਸਿੰਘ ਖ਼ਾਲਸਾ)-ਸ਼ਰਾਰਤੀ ਅਨਸਰਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਜਾ ਰਹੀ ਬੇਅਦਬੀ ਦੀ ਰੋਕਥਾਮ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿਵਾਉਣ ਲਈ ਕਾਨੂੰਨ ਬਣਾਉਣ ਸਬੰਧੀ ਤੇਜਾ ਸਿੰਘ ਸਮੁੰਦਰੀ ਹਾਲ ਸ੍ਰੀ ਅੰਮਿ੍ਤਸਰ ਵਿਖੇ 6 ਅਪ੍ਰੈਲ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਸੰਸਥਾਵਾਂ ਦੀ ਮੀਟਿੰਗ ਸੱਦੀ ਗਈ ਹੈ | ਇਸ ਮੀਟਿੰਗ ਵਿਚ ਸ਼ਾਮਿਲ ਹੋਣ ਲਈ ਸਿੱਖ ਸੰਸਥਾਵਾਂ ਨੂੰ ਸੱਦਾ ਪੱਤਰ ਦਿੱਤਾ ਜਾ ਰਿਹਾ ਹੈ | ਇਸ ਮੁਹਿੰਮ ਤਹਿਤ ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਸ਼੍ਰੋਮਣੀ ਕਮੇਟੀ ਵਲੋਂ ਇਕ ਵਫ਼ਦ ਭੇਜਿਆ ਗਿਆ | ਇਸ ਵਫ਼ਦ ਵਿਚ ਬਾਬਾ ਟੇਕ ਸਿੰਘ, ਭਾਈ ਅਮਰਜੀਤ ਸਿੰਘ ਚਾਵਲਾ, ਗਿਆਨੀ ਜੋਗਿੰਦਰ ਸਿੰਘ, ਭਾਈ ਸਰਬਜੀਤ ਸਿੰਘ, ਅੱਛਰ ਸਿੰਘ ਸ਼ਾਮਿਲ ਸਨ | ਇਸ ਵਫ਼ਦ ਨੇ ਨਾਨਕਸਰ ਵਿਖੇ ਸੰਤ ਬਾਬਾ ਗੁਰਜੀਤ ਸਿੰਘ ਨਾਨਕਸਰ, ਸੰਤ ਬਾਬਾ ਘਾਲਾ ਸਿੰਘ ਨਾਨਕਸਰ, ਸੰਤ ਬਾਬਾ ਗੁਰਚਰਨ ਸਿੰਘ ਨਾਨਕਸਰ, ਸੰਤ ਬਾਬਾ ਭਾਗ ਸਿੰਘ ਨਾਨਕਸਰ, ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ, ਸੰਤ ਬਾਬਾ ਬਲਜੀਤ ਸਿੰਘ ਨਾਨਕਸਰ ਆਦਿ ਮਹਾਂਪੁਰਖਾਂ ਨੂੰ ਮਿਲ ਕੇ ਮੀਟਿੰਗ ਵਿਚ ਸ਼ਾਮਿਲ ਹੋਣ ਲਈ ਸੱਦਾ ਪੱਤਰ ਦਿੱਤਾ | ਇਸ ਮੌਕੇ ਭਾਈ ਅਮਰਜੀਤ ਸਿੰਘ ਚਾਵਲਾ ਨੇ ਦੱਸਿਆ ਕਿ ਨਾਨਕਸਰ ਸੰਪਰਦਾਇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਹਾਜ਼ਰ ਨਾਜ਼ਰ ਗੁਰੂ ਮੰਨਦੀ ਹੈ | ਉਨ੍ਹਾਂ ਕਿਹਾ ਕਿ ਨਾਨਕਸਰ ਸੰਪਰਦਾਇ ਦੇ ਮਹਾਂਪੁਰਖਾਂ ਦਾ ਕਹਿਣਾ ਹੈ ਕਿ ਸ਼੍ਰੋਮਣੀ ਕਮੇਟੀ ਵਲੋਂ 6 ਅਪ੍ਰੈਲ ਦੀ ਸੱਦੀ ਮੀਟਿੰਗ ਵਿਚ ਨਾਨਕਸਰ ਸੰਪਰਦਾਇ ਦੇ ਮਹਾਂਪੁਰਖ ਸ਼ਾਮਿਲ ਹੋਣਗੇ | ਉਨ੍ਹਾਂ ਮੰਗ ਕੀਤੀ ਕਿ ਇਸ ਸਬੰਧੀ ਕੋਈ ਸਖ਼ਤ ਤੋਂ ਸਖ਼ਤ ਕਾਨੂੰਨ ਬਣਨਾ ਚਾਹੀਦਾ ਹੈ ਤਾਂ ਜੋ ਅਜਿਹੀਆਂ ਹਰਕਤਾਂ ਕਰਨ ਵਾਲਿਆਂ ਨੂੰ ਸਜਾਵਾਂ ਦਿੱਤੀਆਂ ਜਾ ਸਕਣ | ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਦੇਸ਼-ਵਿਦੇਸ਼ ਅੰਦਰ ਵਿਚਰ ਰਹੀਆਂ ਸਿੱਖ ਸੰਸਥਾਵਾਂ ਨੂੰ ਸੱਦਾ ਪੱਤਰ ਭੇਜੇ ਜਾ ਰਹੇ ਹਨ | ਇਸ ਮੌਕੇ ਬਾਬਾ ਲਖਵਿੰਦਰ ਸਿੰਘ ਰਾਜਸਥਾਨ, ਗੁਰਦੀਪ ਸਿੰਘ ਦੀਪਾ, ਮਨਦੀਪ ਸਿੰਘ, ਬਲਜਿੰਦਰ ਸਿੰਘ, ਜਗਤਾਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕੋਲੇ ਦੇ ਰੇਟਾਂ 'ਚ ਹੋਏ ਭਾਰੀ ਵਾਧੇ ਕਾਰਨ ਇੱਟਾਂ ਦੇ ਭਾਅ ਅਸਮਾਨ ਛੂਹਣ ਲੱਗੇ ਅਗਲੀ ਖ਼ਬਰ ਮੈਕਰੋ ਗਲੋਬਲ ਦੀ ਲੁਧਿਆਣਾ ਬ੍ਰਾਂਚ ਰਾਹੀਂ ਗੁਰਦੀਪ ਸਿੰਘ ਨੂੰ ਕੈਨੇਡਾ ਸੁਪਰ ਵੀਜ਼ਾ ਮਿਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।