ਜਗਰਾਉਂ, 23 ਜੂਨ ( ਵਿਨੋਦ ਕੁਮਾਰ)-ਜਗਰਾਉੰ ਰੋਡ ’ਤੇ ਸਥਿਤ ਸਾਇੰਸ ਕਾਲਜ ਨੇੜੇ ਸੜਕ ਦੀ ਬਦਤਰ ਹਾਲਤ ਆਮ ਲੋਕਾਂ ਅਤੇ ਰਾਹਗੀਰਾਂ ਲਈ ਵੱਡੀ ਪ੍ਰੇਸ਼ਾਨੀ ਦਾ ਕਾਰਨ ਬਣੀ ਹੋਈ ਹੈ। ਲੰਬੇ ਸਮੇਂ ਤੋਂ ਖਸਤਾ ਹਾਲਤ ਪਈ ਇਹ ਸੜਕ ਵਿਕਾਸ ਦੇ ਦਾਅਵਿਆਂ ’ਤੇ ਸਵਾਲ ਖੜ੍ਹੇ ਕਰ ਰਹੀ ਹੈ ਅਤੇ ਲੋਕਾਂ ਵਿੱਚ ਪ੍ਰਸ਼ਾਸਨ ਪ੍ਰਤੀ ਨਾਰਾਜ਼ਗੀ ਵਧਾ ਰਹੀ ਹੈ। ਸੜਕ ’ਤੇ ਪਏ ਵੱਡੇ-ਵੱਡੇ ਟੋਏ ਹਰ ਰੋਜ਼ ਹਾਦਸਿਆਂ ਨੂੰ ਸੱਦਾ ਦੇ ਰਹੇ ਹਨ। ਖਾਸ ਕਰਕੇ ਬਰਸਾਤ ਦੇ ਦਿਨਾਂ ਵਿੱਚ ਇਹ ਟੋਏ ਪਾਣੀ ਨਾਲ ਭਰ ਜਾਂਦੇ ਹਨ, ਜਿਸ ਕਾਰਨ ਵਾਹਨ ਚਾਲਕਾਂ ਲਈ ਇਹ ਅੰਦਾਜ਼ਾ ਲਗਾਉਣਾ ਮੁਸ਼ਕਿਲ ਹੋ ਜਾਂਦਾ ਹੈ ਕਿ ਸੜਕ ਕਿੱਥੇ ਸਹੀ ਹੈ ਅਤੇ ਕਿੱਥੇ ਖਤਰਨਾਕ। ਦੋ ਪਹੀਆ ਵਾਹਨ ਚਾਲਕਾਂ ਅਤੇ ਸਕੂਲੀ ਵਿਦਿਆਰਥੀਆਂ ਨੂੰ ਸਭ ਤੋਂ ਵੱਧ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਜ ਤੜਕਸਾਰ ਇਸੇ ਖਰਾਬ ਸੜਕ ਕਾਰਨ ਇੱਕ ਟਰੱਕ ਹਾਦਸਾਗ੍ਰਸਤ ਹੋ ਗਿਆ, ਜਿਸ ਤੋਂ ਬਾਅਦ ਇਲਾਕੇ ਵਿੱਚ ਟ੍ਰੈਫਿਕ ਜਾਮ ਦੀ ਸਥਿਤੀ ਬਣ ਗਈ। ਕਾਫ਼ੀ ਸਮੇਂ ਤੱਕ ਵਾਹਨਾਂ ਦੀ ਲੰਬੀ ਕਤਾਰ ਲੱਗੀ ਰਹੀ ਅਤੇ ਰਾਹਗੀਰਾਂ ਨੂੰ ਆਪਣੀ ਮੰਜ਼ਿਲ ਤੱਕ ਪਹੁੰਚਣ ਲਈ ਭਾਰੀ ਮੁਸ਼ਕਿਲਾਂ ਝੱਲਣੀਆਂ ਪਈਆਂ। ਇਲਾਕਾ ਨਿਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਸੜਕ ਦੀ ਜਲਦ ਮੁਰੰਮਤ ਕਰਵਾਈ ਜਾਵੇ ਤਾਂ ਜੋ ਲੋਕਾਂ ਨੂੰ ਹਰ ਰੋਜ਼ ਆ ਰਹੀਆਂ ਮੁਸ਼ਕਲਾਂ ਤੋਂ ਰਾਹਤ ਮਿਲ ਸਕੇ ਅਤੇ ਕਿਸੇ ਵੱਡੇ ਹਾਦਸੇ ਤੋਂ ਪਹਿਲਾਂ ਇਸ ਸਮੱਸਿਆ ਦਾ ਹੱਲ ਕੀਤਾ ਜਾ ਸਕੇ।
ਰਾਏਕੋਟ-ਜਗਰਾਉਂ ਰੋਡ ਦੀ ਮਾੜੀ ਹਾਲਤ ਰਾਹਗੀਰਾਂ ਲਈ ਬਣੀ ਵੱਡੀ ਮੁਸੀਬਤ
ਅਜੀਤ ਡੈਸਕ
24-06-2026