ਹਲਵਾਰਾ, 23 ਜੁਲਾਈ (ਮਨਦੀਪ ਸਿੰਘ ਉੱਭੀ)- ਥਾਣਾ ਸੁਧਾਰ ਪੁਲਿਸ ਨੇ ਨਸ਼ਾ ਤਸਕਰੀ ਵਿਰੁੱਧ ਕਾਰਵਾਈ ਕਰਦਿਆਂ 24 ਨਸ਼ੀਲੀਆਂ ਖੁੱਲ੍ਹੀਆਂ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਸੁਰਿੰਦਰਪਾਲ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਪਿੰਡ ਹਮੀਦੀ ਬਰਨਾਲਾ ਅਤੇ ਜਗਜੀਤ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਪਿੰਡ ਹਮੀਦੀ ਵਜੋਂ ਹੋਈ ਹੈ। ਪੁਲਿਸ ਅਨੁਸਾਰ ਏ.ਐੱਸ.ਆਈ. ਹਰਪ੍ਰੀਤ ਸਿੰਘ ਸਮੇਤ ਪੁਲਿਸ ਪਾਰਟੀ ਹਲਵਾਰਾ ਚੌਂਕ ਵਿਖੇ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਮਿਲੀ ਗੁਪਤ ਸੂਚਨਾ ਦੇ ਆਧਾਰ ’ਤੇ ਏਅਰਪੋਰਟ ਰੋਡ, ਹਲਵਾਰਾ ਵਿਖੇ ਰੇਡ ਕੀਤੀ ਗਈ। ਕਾਰਵਾਈ ਦੌਰਾਨ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 24 ਨਸ਼ੀਲੀਆਂ ਖੁੱਲ੍ਹੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਪੁਲਿਸ ਨੇ ਮੌਕੇ ਤੋਂ ਇੱਕ ਸਵਿਫਟ ਡਿਜ਼ਾਇਰ ਕਾਰ ਵੀ ਕਬਜ਼ੇ ਵਿੱਚ ਲੈ ਲਈ। ਇਸ ਸਬੰਧੀ ਥਾਣਾ ਸਦਰ ਸੁਧਾਰ ਵਿੱਚ ਮੁਲਜ਼ਮਾਂ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ। ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਨ ਉਪਰੰਤ ਅਦਾਲਤ ਦੇ ਹੁਕਮਾਂ ਅਨੁਸਾਰ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਗਿਆ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।