ਨਵਾਂਸ਼ਹਿਰ, 26 ਮਾਰਚ (ਜਸਬੀਰ ਸਿੰਘ ਨੂਰਪੁਰ)-ਬੰਗਾ ਰੋਡ 'ਤੇ ਸਥਿਤ ਇਤਿਹਾਸਕ ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਨੌਵੀਂ ਨਵਾਂਸ਼ਹਿਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਸਮੂਹ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਬਾਬਾ ਨਰੰਗ ਸਿੰਘ ਨੇ ਦੱਸਿਆ ਕਿ ਇਹ ਸਮਾਗਮ 27, 28 ਅਤੇ 29 ਮਾਰਚ ਨੂੰ ਕਰਵਾਏ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ 27 ਮਾਰਚ ਦਿਨ ਸ਼ੁੱਕਰਵਾਰ ਨੂੰ ਸਵੇਰੇ 9:00 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਅਰੰਭਤਾ ਹੋਵੇਗੀ, ਜਿਸ ਤੋਂ ਤੁਰੰਤ ਬਾਅਦ ਸਵੇਰੇ 9:30 ਵਜੇ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ | ਉਨ੍ਹਾਂ ਨਗਰ ਕੀਰਤਨ ਦੇ ਰੂਟ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਨਗਰ ਕੀਰਤਨ ਗੁਰਦੁਆਰਾ ਮੰਜੀ ਸਾਹਿਬ ਤੋਂ ਸ਼ੁਰੂ ਹੋ ਕੇ ਅੰਬੇਡਕਰ ਚੌਕ, ਗੁਰਦੁਆਰਾ ਟਾਹਲੀ ਸਾਹਿਬ, ਮਹਿੰਦੀਪੁਰ, ਗੁਜਰਪੁਰ ਮਹਾਲੋਂ, ਭੀਣ, ਜੱਬੋਵਾਲ, ਮੱਲਪੁਰ, ਕਰੀਹਾ, ਮੂਸਾਪੁਰ, ਲੋਧੀਪੁਰ, ਕਰਿਆਮ, ਹਿਆਲਾ, ਜਾਫਰਪੁਰ ਸਲੋਹ ਅਤੇ ਪੁੰਨੂ ਮਜਾਰਾ ਤੋਂ ਹੁੰਦਾ ਹੋਇਆ ਸ਼ਾਮ ਨੂੰ ਵਾਪਸ ਗੁਰਦੁਆਰਾ ਮੰਜੀ ਸਾਹਿਬ ਵਿਖੇ ਹੀ ਸਮਾਪਤ ਹੋਵੇਗਾ | ਬਾਬਾ ਨਰੰਗ ਸਿੰਘ ਨੇ ਦੱਸਿਆ ਕਿ ਮਿਤੀ 29 ਮਾਰਚ, ਦਿਨ ਐਤਵਾਰ ਨੂੰ ਸਵੇਰੇ 9:00 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ, ਜਿਸ ਉਪਰੰਤ ਖੁੱਲ੍ਹੇ ਪੰਡਾਲਾਂ ਅੰਦਰ ਮਹਾਨ ਦੀਵਾਨ ਸਜਣਗੇ | ਇਨ੍ਹਾਂ ਦੀਵਾਨਾਂ ਵਿੱਚ ਪੰਥ ਪ੍ਰਸਿੱਧ ਕੀਰਤਨੀ ਜੱਥੇ, ਢਾਡੀ ਜੱਥੇ ਅਤੇ ਪ੍ਰਚਾਰਕ ਸੰਗਤਾਂ ਨੂੰ ਗੁਰਬਾਣੀ ਕਥਾ-ਕੀਰਤਨ ਅਤੇ ਗੁਰ-ਇਤਿਹਾਸ ਸਰਵਣ ਕਰਵਾ ਕੇ ਨਿਹਾਲ ਕਰਨਗੇ |