ਨਵਾਂਸ਼ਹਿਰ, 31 ਮਾਰਚ( ਦੀਦਾਰ ਸਿੰਘ ਸ਼ੇਤਰਾ)-ਇਫਟੂ ਸਮੇਤ ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ ਉੱਤੇ ਪੰਜਾਬ ਦੀਆਂ ਟਰੇਡ ਯੂਨੀਅਨਾਂ ਵੱਲੋਂ ਪਹਿਲੀ ਅਪ੍ਰੈਲ ਨੂੰ ਕਾਲਾ ਦਿਵਸ ਮਨਾਉਣ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਕਾਲਾ ਦਿਵਸ ਐਲਾਨਦਿਆਂ ਸੰਘਰਸ਼ ਦਿਵਸ ਮਨਾਉਣ ਦਾ ਫੈਸਲਾ ਕੀਤਾ ਹੈ | ਤਿਆਰੀਆਂ ਦਾ ਜਾਇਜ਼ਾ ਲੈਣ ਉਪਰੰਤ ਜਾਣਕਾਰੀ ਦਿੰਦਿਆਂ ਇਫਟੂ ਦੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਵੜੈਚ, ਸੀ.ਟੀ.ਯੂ ਦੇ ਸੂਬਾ ਸਕੱਤਰ ਮਹਾਂ ਸਿੰਘ ਰੌੜੀ, ਏਕਟੂ ਦੇ ਸੂਬਾਈ ਆਗੂ ਰਾਜਵਿੰਦਰ ਸਿੰਘ ਰਾਣਾ, ਏਟਕ ਦੇ ਸੂਬਾ ਆਗੂ ਨਿਰਮਲ ਧਾਰੀਵਾਲ, ਸੀਟੂ ਪੰਜਾਬ ਦੇ ਆਗੂ ਨੱਥਾ ਸਿੰਘ ਨੇ ਦੱਸਿਆ ਕਿ ਇਸ ਦੀ ਤਿਆਰੀ ਵਜੋਂ 29 ਅਤੇ 30 ਮਾਰਚ ਨੂੰ ਜ਼ਿਲ੍ਹਾ ਪੱਧਰੀ ਸਾਂਝੀਆਂ ਮੀਟਿੰਗਾਂ ਕੀਤੀਆਂ ਗਈਆਂ, ਜਿਨ੍ਹਾਂ ਵਿਚ ਸੰਯੁਕਤ ਕਿਸਾਨ ਮੋਰਚਾ, ਮੁਲਾਜ਼ਮ ਜਥਬੰਦੀਆਂ, ਪੈਨਸ਼ਨਰਜ਼ ਜਥੇਬੰਦੀਆਂ, ਸਕੀਮ ਵਰਕਰ ਅਤੇ ਠੇਕਾ ਮੁਲਾਜ਼ਮ ਜਥਬੰਦੀਆਂ ਵੀ ਸ਼ਾਮਲ ਹੋਈਆਂ | ਉਹਨਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਤੇ ਦੇਸ਼ੀ ਵਿਦੇਸ਼ੀ ਸਰਮਾਏਦਾਰਾਂ ਨੂੰ ਖੁਸ਼ ਕਰਨ ਲਈ ਮਜ਼ਦੂਰਾਂ ਤੋਂ ਯੂਨੀਅਨ ਬਣਾਉਣ ਤੇ ਸੰਘਰਸ਼ ਕਰਨ ਵਰਗੇ ਜਮਹੂਰੀ ਹੱਕ ਖੋਹਣ ਲਈ ਕੇਂਦਰ ਸਰਕਾਰ ਨੇ ਮਜ਼ਦੂਰ ਪੱਖੀ 29 ਲੇਬਰ ਕਾਨੂੰਨਾਂ ਨੂੰ ਖ਼ਤਮ ਕਰਕੇ 4 ਲੇਬਰ ਕੋਡ ਲੈ ਕੇ ਆਈ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਇਨ੍ਹਾਂ ਚਾਰ ਲੇਬਰ ਕੋਡਾਂ ਨੂੰ 1 ਅਪ੍ਰੈਲ ਤੋਂ ਲਾਗੂ ਕਰਨ ਦਾ ਐਲਾਨ ਕੀਤਾ ਹੈ | ਉਨ੍ਹਾਂ ਕਿਹਾ ਕਿ ਇਹ ਕੋਡ ਲਾਗੂ ਹੋਣ ਨਾਲ ਮਜ਼ਦੂਰਾਂ ਕੋਲ ਆਪਣੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਅਤੇ ਪ੍ਰਾਪਤ ਕਰਨ ਲਈ ਯੂਨੀਅਨ ਬਣਾਉਣ ਅਤੇ ਸੰਘਰਸ਼ ਕਰਨ ਦਾ ਜਮਹੂਰੀ ਅਧਿਕਾਰ ਖ਼ਤਮ ਹੋ ਜਾਵੇਗਾ | ਕੰਮ ਦਾ ਮਿਹਨਤਾਨਾ ਵਧਾਉਣ ਦੀ ਥਾਂ ਕੰਮ ਘੰਟੇ 8 ਤੋਂ 12 ਘੰਟੇ ਦੀ ਦਿਹਾੜੀ ਹੋਵੇਗੀ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਮਗਨਰੇਗਾ ਦੀ ਥਾਂ ਵਿਕਸਿਤ ਭਾਰਤ ਜੀ ਰਾਮ ਜੀ ਕਾਨੂੰਨ ਲੈਕੇ ਆਈ ਹੈ ਜਿਸ ਨਾਲ ਮਜ਼ਦੂਰਾਂ ਨੂੰ ਪਹਿਲਾਂ ਮਿਲਦਾ ਕੰਮ ਵੀ ਕਾਫੀ ਹੱਦ ਤੱਕ ਉਹਨਾਂ ਕੋਲੋਂ ਖੋਹਣ ਦੀਆਂ ਤਿਆਰੀਆਂ ਹਨ | ਬਿਜਲੀ ਬਿੱਲ 2025 ਰਾਹੀਂ ਬਿਜਲੀ ਦੀ ਵੰਡ ਦਾ ਕੰਮ ਪ੍ਰਾਈਵੇਟ ਅਦਾਰਿਆਂ ਨੂੰ ਸੌਂਪ ਦਿੱਤਾ ਜਾਵੇਗਾ ਜਿਸ ਨਾਲ ਖਪਤਕਾਰਾਂ ਦੀ ਲੁੱਟ ਬਹੁਤ ਵਧ ਜਾਵੇਗੀ ਅਤੇ ਪ੍ਰਾਈਵੇਟ ਅਦਾਰੇ ਮਨਮਰਜੀ ਕਰਨਗੇ | ਲੋਕ ਮੋਦੀ ਸਰਕਾਰ ਦੇ ਅਜਿਹੇ ਲੋਕ ਵਿਰੋਧੀ ਕਾਨੂੰਨਾਂ ਨੂੰ ਸਹਿਣ ਨਹੀਂ ਕਰਨਗੇ ਅਤੇ ਮੋਦੀ ਸਰਕਾਰ ਵਿਰੁੱਧ ਇਸ ਕਾਲੇ ਦਿਵਸ ਨੂੰ ਰੋਹ ਭਰਪੂਰ ਢੰਗ ਨਾਲ ਮਨਾਉਣਗੇ |